ਸ੍ਰੀ ਫਤਿਹਗੜ੍ਹ ਸਾਹਿਬ : ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਮਨਾਈ ਜਾਣ ਵਾਲੀ ਸ਼ਹੀਦੀ ਜੋੜ ਮੇਲ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਨਾਲ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਨੇੜੇ ਸਥਿਤ ਟਿੱਲੇ 'ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ ਹੈ।
ਲੰਗਰ ਕਮੇਟੀਆਂ ਨੂੰ ਅਪੀਲ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਗਤ ਦੀ ਸਹੂਲਤ ਲਈ ਲਗਭਗ 100 ਮੁਫਤ ਬੱਸਾਂ ਤੇ ਈ ਰਿਕਸ਼ਾ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ 6 ਪੁੱਛਗਿੱਛ ਕੇਂਦਰ ਤੇ 5 ਰਹਿਣ ਬਸੇਰਿਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਇੱਕ ਰਹਿਣ ਬਸੇਰਾ ਸਥਾਪਤ ਕੀਤਾ ਗਿਆ ਹੈ। ਜਿੱਥੇ ਕਿ ਬਜ਼ੁਰਗ, ਔਰਤਾਂ ਤੇ ਬੱਚਿਆਂ ਦੇ ਆਰਾਮ ਕਰਨ ਲਈ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਸ਼ਹੀਦੀ ਜੋੜ ਮੇਲ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਅਪੀਲ ਕੀਤੀ ਕਿ ਸ਼ਹੀਦੀ ਸਭਾ ਦੌਰਾਨ ਟਰੈਕਟਰਾਂ ਤੇ ਟਰਾਲੀਆਂ ਉੱਤੇ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰ ਨਾ ਚਲਾਏ ਜਾਣ ਤਾਂ ਜੋ ਸੰਗਤ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਕਿ ਲੰਗਰਾਂ ਵਿੱਚ ਪਲਾਸਟਿਕ ਤੋਂ ਬਣੇ ਭਾਂਡਿਆਂ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਲੰਗਰਾਂ ਦਾ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਲੰਗਰਾਂ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਸੰਗਤ ਦੀ ਸਹੂਲਤ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ ਤੇ ਸੰਗਤ ਦੀ ਸਹੂਲਤ ਵਿੱਚ ਕੋਈ ਕਮੀ ਨਹੀਂ ਆਵੇਗੀ,
3000 ਪੁਲਿਸ ਅਧਿਕਾਰੀ ਤੇ ਮੁਲਾਜ਼ਮ ਤਾਇਨਾਤ ਕੀਤੇ
ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦੀ ਜੋੜ ਮੇਲ ਦੌਰਾਨ ਨਿਰਵਿਘਨ ਆਵਾਜਾਈ ਲਈ ਪੂਰੇ ਸ਼ਹਿਰ ਨੂੰ ਵਨ ਵੇਅ ਟਰੈਫਿਕ ਜ਼ੋਨ ਬਣਾਇਆ ਗਿਆ ਹੈ ਤੇ ਸ਼ਹਿਰ ਦੇ ਚਾਰੇ ਪਾਸੇ ਪੈਂਦੀਆਂ ਪ੍ਰਮੁੱਖ ਸੜਕਾਂ 'ਤੇ ਮੁਫਤ ਪਾਰਕਿੰਗ ਸਥਾਪਤ ਕੀਤੀਆਂ ਗਈਆਂ ਹਨ। ਸ਼ਹੀਦੀ ਸਮਾਰੋਹ ਦੌਰਾਨ ਮਾੜੇ ਅਨਸਰਾਂ 'ਤੇ ਤਿੱਖੀ ਨਜ਼ਰ ਰੱਖਣ ਲਈ ਸ਼ਹੀਦੀ ਸਭਾ ਦੇ ਸਮੁੱਚੇ ਏਰੀਏ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਪੁਲਿਸ ਵੱਲੋਂ ਬਣਾਏ ਜਾਣ ਵਾਲੇ 6 ਪੁਲਿਸ ਸਹਾਇਤਾ ਕੇਂਦਰ ਪੁਲਿਸ ਚੌਂਕੀ ਵਾਂਗ ਕੰਮ ਕਰਨਗੇ ਅਤੇ ਜੇਕਰ ਕਿਸੇ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਪੁਲਿਸ ਦੇ ਕਿਸੇ ਵੀ ਵਰਦੀਧਾਰੀ ਮੁਲਾਜ਼ਮ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਸ਼ਹੀਦੀ ਜੋੜ ਮੇਲ ਦੌਰਾਨ ਲਗਭਗ 3000 ਪੁਲਿਸ ਅਧਿਕਾਰੀ ਤੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹੀਦੀ ਜੋੜ ਮੇਲ ਦੇ ਸਮੁੱਚੇ ਇਲਾਕੇ ਵਿੱਚ ਡਰੋਨ ਕੈਮਰਿਆਂ ਰਾਹੀਂ ਵੀ ਸਖ਼ਤ ਨਿਗ੍ਹਾ ਰੱਖੀ ਜਾਵੇਗੀ।