ਲੁਧਿਆਣਾ: ਲੁਧਿਆਣਾ ਪੱਛਮੀ ਹਲਕੇ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਅੰਤਿਮ ਅਰਦਾਸ 19 ਜਨਵਰੀ ਐਤਵਾਰ ਨੂੰ ਮਾਡਲ ਟਾਊਨ ਵਿਖੇ ਹੋਵੇਗੀ। ਜਿਸ ਵਿੱਚ ਵੱਡੀ ਗਿਣਤੀ ਵਿੱਚ ਰਾਜਨੀਤਿਕ ਸ਼ਖਸ਼ੀਅਤਾਂ ਦੇ ਨਾਲ ਧਾਰਮਿਕ ਅਤੇ ਸਮਾਜਿਕ ਆਗੂ ਵੀ ਸ਼ਾਮਿਲ ਹੋਣਗੇ। ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਮਾਡਲ ਟਾਊਨ ਵਿਖੇ ਧਾਰਮਿਕ ਸਮਾਗਮ ਕਰਵਾਏ ਜਾਣਗੇ। ਦੁਪਹਿਰੇ 12 ਵਜੇ ਤੋਂ ਲੈ ਕੇ 2 ਵਜੇ ਤੱਕ ਅੰਤਿਮ ਅਰਦਾਸ ਹੋਵੇਗੀ। ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਰ ਅਰੋੜਾ ਸਮੇਤ ਹੋਰ ਕਈ ਸ਼ਖਸ਼ੀਅਤਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ।
‘ਪਰਿਵਾਰ ਨਾਲ ਕੀਤੀ ਗੱਲਬਾਤ’
ਅੰਤਿਮ ਅਰਦਾਸ ਦੇ ਪ੍ਰਬੰਧਾਂ ਨੂੰ ਲੈ ਕੇ ਗੁਰਪ੍ਰੀਤ ਗੋਗੀ ਦੇ ਗ੍ਰਹਿ ਵਿਖੇ ਇੱਕ ਬੈਠਕ ਵੀ ਹੋਈ, ਜਿਸ ਵਿੱਚ ਕੈਬਨਟ ਮੰਤਰੀ ਹਰਦੀਪ ਮੰਡੀਆ ਅਤੇ ਲੁਧਿਆਣਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਸ਼ਾਮਿਲ ਹੋਏ। ਇਸ ਦੇ ਨਾਲ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡਿਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਡੇ ਸਾਥੀ ਗੁਰਪ੍ਰੀਤ ਗੋਗੀ ਜੋ ਕਿ ਬੀਤੇ ਦਿਨੀਂ ਸਾਨੂੰ ਸਦੀਵੀ ਵਿਛੋੜਾ ਦੇ ਕੇ ਚਲੇ ਗਏ ਸਨ। ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋਣਗੇ। ਇਸ ਦੇ ਪ੍ਰਬੰਧਾਂ ਬਾਰੇ ਹੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ ਅਤੇ ਪਰਿਵਾਰ ਦੇ ਨਾਲ ਗੱਲਬਾਤ ਕੀਤੀ ਗਈ ਹੈ।
ਇਸ ਦੇ ਨਾਲ ਹੀ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਦੱਸਿਆ ਕਿ ਭੋਗ ਦੇ ਪ੍ਰਬੰਧਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਹੋਇਆ ਹੈ। ਉਹਨਾਂ ਕਿਹਾ ਕਿ ਜੋ ਸਿਆਸੀ ਤੇ ਧਾਰਮਿਕ ਲੋਕ ਅਰਦਾਸ ਵਿੱਚ ਸ਼ਾਮਲ ਹੋਣ ਲਈ ਆਉਣਗੇ, ਉਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਨੂੰ ਕੋਈ ਪਰੇਸ਼ਾਨੀ ਨਾ ਆਵੇ।