ਅੰਮ੍ਰਿਤਸਰ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਜਿਸ ਵੇਲੇ ਸੱਤਾ ਵਿੱਚ ਨਹੀਂ ਸੀ ਉਸ ਵੇਲੇ ਉਹਨਾਂ ਵੱਲੋਂ ਦਾਅਵੇ ਕੀਤੇ ਜਾਂਦੇ ਸੀ ਕਿ ਆਮ ਲੋਕਾਂ ਦੀ ਸਰਕਾਰ ਪੰਜਾਬ ਵਿੱਚ ਲਿਆਂਦੀ ਜਾਵੇ ਤਾਂ ਜੋ ਲੋਕਾਂ ਉੱਤੇ ਹੋ ਰਹੇ ਤਸ਼ੱਦਦ ਦਾ ਉਹਨਾਂ ਨੂੰ ਇਨਸਾਫ ਮਿਲ ਸਕੇ। ਉਥੇ ਹੀ ਲਗਾਤਾਰ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀਆਂ ਕੁਝ ਇਸ ਤਰ੍ਹਾਂ ਦੀਆਂ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ ਜਿਸ ਵਿੱਚ ਉਹਨਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਪੂਰੀ ਤਰ੍ਹਾਂ ਠੱਗਦੇ ਹੋਏ ਨਜ਼ਰ ਆ ਰਹੇ ਹਨ।
ਪੁਰਾਣੀ ਰੰਜਿਸ਼ ਕਾਰਨ ਚੱਲੀ ਗੋਲੀ: ਉਥੇ ਤਾਜਾ ਮਾਮਲਾ ਅੰਮ੍ਰਿਤਸਰ ਦੇ ਗਵਾਲ ਮੰਡੀ ਰੋਡ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਅੰਮ੍ਰਿਤਸਰ ਦੇ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਸਾਲੇ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਉੱਤੇ ਗੋਲੀ ਚਲਾ ਕੇ ਉਸਨੂੰ ਬੁਰੀ ਤਰ੍ਹਾਂ ਨਾਲ ਜ਼ਖਮੀ ਕਰ ਦਿੱਤਾ ਗਿਆ। ਉਥੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਦੀ ਟੀਮ ਵੱਲੋਂ ਵੀ ਕਾਰਵਾਈ ਦੇ ਨਾਂ 'ਤੇ ਪਰਿਵਾਰ ਨੂੰ ਭਰੋਸਾ ਦਿੱਤਾ ਜਾ ਰਿਹਾ ਹੈ ਅਤੇ ਇਨਸਾਫ ਦੇਣ ਦੀ ਗੱਲ ਹੈ ਕਹੀ ਜਾ ਰਹੀ ਹੈ। ਜਦਕਿ ਪਰਿਵਾਰ ਦਾ ਇਲਜ਼ਾਮ ਹੈ ਕਿ ਡਾਕਟਰ ਜਸਬੀਰ ਸਿੰਘ ਸੰਧੂ ਦੇ ਸਾਲੇ ਦੇ ਖਿਲਾਫ ਤਾਂ ਕਾਰਵਾਈ ਹੋਣੀ ਚਾਹੀਦੀ ਹੈ ਉਥੇ ਹੀ ਦੂਸਰੇ ਪਾਸੇ ਵਿਧਾਇਕ ਜਸਬੀਰ ਸਿੰਘ ਸੰਧੂ ਦੇ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ।
ਵਿਧਾਇਕ ਦੇ ਸਾਲੇ ਦਾ ਕਾਰਨਾਮਾ: ਇਸ ਸਬੰਧੀ ਪਰਿਵਾਰਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਬੀਰ ਸਿੰਘ ਸੰਧੂ ਦੇ ਸਾਲੇ ਵਲੋਂ ਕੁਝ ਬੰਦਿਆਂ ਨੂੰ ਨਾਲ ਲੈਕੇ ਉਨ੍ਹਾਂ ਦੇ ਪਰਿਵਾਰ ਦੀ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਦੇ ਪੁੱਤ ਨੂੰ ਗੋਲੀ ਮਾਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੀੜਤਾ ਨੌਜਵਾਨ ਹਸਪਤਾਲ 'ਚ ਜੇਰੇ ਇਲਾਜ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੁਰਾਣੀ ਰੰਜਿਸ਼ ਦੇ ਚੱਲਦੇ ਇਹ ਵਾਰਦਾਤ ਕੀਤੀ ਗਈ ਹੈ, ਜਦਕਿ ਅਸੀਂ ਕਈ ਵਾਰ ਰਾਜ਼ੀਨਾਮਾ ਕਰਨ ਲਈ ਵਿਧਾਇਕ ਕੋਲ ਵੀ ਗਏ ਸੀ ਪਰ ਸਾਨੂੰ ਹਰ ਵਾਰ ਲਾਰੇ ਹੀ ਮਿਲਦੇ ਸੀ। ਇਸ ਦੇ ਨਾਲ ਹੀ ਪਰਿਵਾਰ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਵਿਧਾਇਕ ਅਤੇ ਉਸ ਦੇ ਸਾਲੇ 'ਤੇ ਪਰਚਾ ਦਰਜ ਹੋਣਾ ਚਾਹੀਦਾ ਹੈ।
ਪੁਲਿਸ ਨੇ ਆਖੀ ਜਾਂਚ ਦੀ ਗੱਲ: ਉਥੇ ਦੂਸਰੇ ਪਾਸੇ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਹਨਾਂ ਨੂੰ ਸੂਚਨਾ ਪ੍ਰਾਪਤ ਹੋਈ ਸੀ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਹਨ। ਉਹਨਾਂ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ 'ਤੇ ਹੀ ਮਾਮਲਾ ਦਰਜ ਕੀਤਾ ਜਾਵੇਗਾ। ਇਸ ਦੇ ਨਾਲ ਹੀ ਅੱਗੇ ਬੋਲਦੇ ਹੋਏ ਵਿਧਾਇਕ ਵੱਲੋਂ ਕਿਸੇ ਵੀ ਤਰ੍ਹਾਂ ਦਾ ਉਹਨਾਂ ਉੱਤੇ ਪ੍ਰੈਸ਼ਰ ਹੋਣ ਦੀ ਗੱਲ ਤੋਂ ਪੁਲਿਸ ਵੱਲੋਂ ਸਰਾਸਰ ਇਨਕਾਰ ਕੀਤਾ ਗਿਆ ਅਤੇ ਕਿਹਾ ਕਿ ਪੁਲਿਸ ਪੀੜਤ ਨੂੰ ਇਨਸਾਫ ਜ਼ਰੂਰ ਦੇਵੇਗੀ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਵਲੋਂ ਮੁਲਜ਼ਮ ਦਾ ਨਾਂ ਜ਼ਰੂਰ ਦੱਸਿਆ ਗਿਆ ਹੈ ਪਰ ਪੂਰੀ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਕਾਂਗਰਸੀ ਆਗੂ ਨੇ ਚੁੱਕੇ ਸਵਾਲ: ਦੂਸਰੇ ਪਾਸੇ ਮੌਕੇ 'ਤੇ ਪਹੁੰਚੇ ਕਾਂਗਰਸੀ ਆਗੂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੇ ਇਸ ਕਰਕੇ ਲਿਆਂਦੀ ਸੀ ਕਿਉਂਕਿ ਲੋਕਾਂ ਨੂੰ ਬਦਲਾਵ ਚਾਹੀਦਾ ਸੀ, ਪਰ ਹੁਣ ਆਮ ਆਦਮੀ ਪਾਰਟੀ ਬਦਲੇ ਦੀ ਰਾਜਨੀਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਉੱਥੇ ਉਹਨਾਂ ਨੇ ਕਿਹਾ ਕਿ ਆਮ ਲੋਕ ਹੁਣ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਉਹ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅੱਗੇ ਗੁਹਾਰ ਲਗਾਉਂਦੇ ਹਨ ਕਿ ਇਸ ਦੀ ਜਾਂਚ ਵਧੀਆ ਢੰਗ ਨਾਲ ਕੀਤੀ ਜਾਵੇ ਅਤੇ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇ। ਇਸ ਦੇ ਨਾਲ ਹੀ ਕਾਂਗਰਸੀ ਆਗੂ ਨੇ ਅੱਗੇ ਬੋਲਦੇ ਹੋ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਇਸੇ ਕਰਕੇ ਹੀ ਛੱਡੀ ਸੀ ਕਿਉਂਕਿ ਮੈਂ ਆਪਣੀ ਜ਼ਿੰਦਗੀ ਦੀ ਸਭ ਤੋਂ ਵੱਡੀ ਗਲਤੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਕੇ ਕੀਤੀ ਸੀ।