ਚੰਡੀਗੜ੍ਹ/ਅੰਮ੍ਰਿਤਸਰ: ਪਿਛਲੇ ਦੋ ਸਾਲ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਪੰਜਾਬ ਦੀ ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਨਵੀਂ ਪਟੀਸ਼ਨ ਦਾਖਲ ਕੀਤੀ ਹੈ। ਦਰਅਸਲ ਸਾਂਸਦ ਅੰਮ੍ਰਿਤਪਾਲ ਸਿੰਘ ਵੱਲੋਂ ਹਾਲ ਹੀ 'ਚ ਨਵੀਂ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਗਠਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ 'ਚ ਪਹਿਲੀ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਅੰਮ੍ਰਿਤਪਾਲ ਸਿੰਘ ਨੇ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ।
ਇੱਕ-ਦੋ ਦਿਨਾਂ 'ਚ ਹੋ ਸਕਦੀ ਹੈ ਸੁਣਵਾਈ
ਅੰਮ੍ਰਿਤਪਾਲ ਸਿੰਘ ਦੇ ਵਕੀਲ ਹਾਕਮ ਸਿੰਘ ਨੇ ਦੱਸਿਆ ਕਿ ਇਸ ਅਪੀਲ 'ਚ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਦਲੀਲ ਦਿੱਤੀ ਹੈ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਗਣਤੰਤਰ ਦਿਵਸ ਅਤੇ ਸੈਸ਼ਨ ਵਿੱਚ ਉਨ੍ਹਾਂ ਦੀ ਭਾਗੀਦਾਰੀ ਨਿਆਂ ਅਤੇ ਸਮਾਨਤਾ ਦੇ ਹਿੱਤ ਵਿੱਚ ਹੈ। ਉਨ੍ਹਾਂ ਇਸ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸੰਵਿਧਾਨ ਵਿੱਚ ਦਰਜ ਮੂਲ ਸਿਧਾਂਤਾਂ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ ਕਿ ਰਾਸ਼ਟਰੀ ਮਹੱਤਵ ਵਾਲੇ ਇਨ੍ਹਾਂ ਪ੍ਰੋਗਰਾਮਾਂ ਵਿੱਚ ਮੌਜੂਦਗੀ ਜਨਤਕ ਹਿੱਤ ਦਾ ਵਿਸ਼ਾ ਹੈ। ਅੰਮ੍ਰਿਤਪਾਲ ਸਿੰਘ ਦੀ ਇਸ ਪਟੀਸ਼ਨ 'ਤੇ ਹਾਈਕੋਰਟ ਹੁਣ ਇੱਕ-ਦੋ ਦਿਨਾਂ 'ਚ ਸੁਣਵਾਈ ਕਰ ਸਕਦੀ ਹੈ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਹੋਰਾਂ ਨੂੰ ਧਿਰ ਬਣਾਇਆ ਹੈ। ਹਾਲਾਂਕਿ, ਇਸ ਨੂੰ ਅਜੇ ਸੂਚੀਬੱਧ ਨਹੀਂ ਕੀਤਾ ਗਿਆ ਹੈ।
NSA ਤੋਂ ਸਾਂਸਦ ਬਣਨ ਤੱਕ ਦਾ ਸਫ਼ਰ
ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਵਾਰਿਸ ਪੰਜਾਬ ਦੇ ਮੁਖੀ ਵੱਜੋਂ ਚਰਚਾ 'ਚ ਆਉਣ ਵਾਲੇ ਅੰਮ੍ਰਿਤਪਾਲ ਸਿੰਘ ਇਸ ਸਮੇਂ ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹੈ। ਉਥੇ ਹੀ ਪਿਛਲੇ ਸਾਲ ਹੋਈਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਤੋਂ ਅਜ਼ਾਦ ਚੋਣ ਲੜੀ ਅਤੇ ਰਿਕਾਰਡ ਵੋਟਾਂ ਹਾਸਿਲ ਕਰਨ ਤੋਂ ਬਾਅਦ ਸਾਂਸਦ ਬਣੇ। ਇਸ ਤੋਂ ਬਾਅਦ ਹਾਲ ਹੀ 'ਚ ਹੋਏ ਮਾਘੀ ਮੇਲੇ 'ਤੇ ਕਾਨਫਰੰਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਗਠਨ ਹੋਇਆ ਹੈ। ਜਿਸ ਦੀ ਪ੍ਰਧਾਨਗੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਕਰ ਰਹੇ ਹਨ ।