ਕਪੂਰਥਲਾ : ਸੁਲਤਾਨਪੁਰ ਲੋਧੀ ਪਹੁੰਚੇ ਸਾਂਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਤਰਸੇਮ ਸਿੰਘ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਆਪਣੀ ਰਣਨੀਤੀ 'ਤੇ ਚਾਨਣਾ ਪਾਇਆ।
ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫਾ ਦਿੱਤੇ ਜਾਣ ਨੂੰ ਲੈ ਕੇ ਤਰਸੇਮ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਤਰਸੇਮ ਸਿੰਘ ਨੇ ਕਿਹਾ ਕਿ "ਹਰਜਿੰਦਰ ਸਿੰਘ ਧਾਮੀ ਨੂੰ ਬਹੁਤ ਪਹਿਲੇ ਹੀ ਅਸਤੀਫਾ ਦੇ ਦੇਣਾ ਚਾਹੀਦਾ ਸੀ। ਧਾਮੀ ਨੇ ਅਕਾਲ ਤਖ਼ਤ ਤੋਂ ਭਗੌੜੇ ਲੋਕਾਂ ਦਾ ਸਾਥ ਦੇ ਕੇ ਬਹੁਤ ਵੱਡੀ ਗਲਤੀ ਕੀਤੀ ਸੀ। ਜੇਕਰ ਉਹ ਪਹਿਲਾਂ ਹੀ ਆਪਣਾ ਅਹੁਦਾ ਛੱਡ ਦਿੰਦੇ ਤਾਂ ਅੱਜ ਉਨ੍ਹਾਂ ਦਾ ਰੁਤਬਾ ਬਹੁਤ ਉੱਚਾ ਹੋਣਾ ਸੀ। ਜਦੋਂ ਕਿ ਹੁਣ ਵੀ ਤਾਂ ਉਨ੍ਹਾਂ ਨੂੰ ਅਹੁਦੇ ਤੋਂ ਹਟਣਾ ਪੈ ਰਿਹਾ ਹੈ। ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਸਬੰਧੀ ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਜਿਸ ਤਰ੍ਹਾਂ ਜਥੇਦਾਰਾਂ ਵੱਲੋਂ ਸਖ਼ਤ ਫੈਸਲੇ ਲਏ ਗਏ ਸਨ। ਉਸ ਤੋਂ ਬਾਅਦ ਹੀ ਇਹ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਗਈ ਹੈ।"
ਸਰਕਾਰਾਂ ਦੀਆਂ ਮਾੜੀਆਂ ਨੀਤੀਆਂ
ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅਮਰੀਕਾ ਤੋਂ ਵਾਪਸ ਭੇਜੇ ਜਾ ਰਹੇ ਨੌਜਵਾਨਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਨੌਜਵਾਨਾਂ ਨੂੰ ਬੇੜੀਆਂ ਵਿੱਚ ਜਕੜ ਕੇ ਦੇਸ਼ ਵਾਪਿਸ ਭੇਜੇ ਜਾਣ ਦੀ ਨਿਖੇਧੀ ਕੀਤੀ ਹੈ। ਤਰਸੇਮ ਸਿੰਘ ਨੇ ਕਿਹਾ ਕਿ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਲੋਕਾਂ ਨੂੰ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਵਿਦੇਸ਼ਾਂ ਵੱਲ ਰੁੱਖ ਕਰ ਰਹੇ ਹਨ। ਜੇਕਰ ਇੱਥੇ ਰੁਜ਼ਗਾਰ ਹੁੰਦਾ ਤਾਂ ਕੋਈ ਵੀ ਕਦੇ ਪ੍ਰਵਾਸ ਵੱਲ ਰੁੱਖ ਨਾ ਕਰਦਾ। ਉਨ੍ਹਾਂ ਨੇ ਕਿਹਾ ਕਿ ਜਿਹੜੇ ਨੌਜਵਾਨ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਹਨ ਉਨ੍ਹਾਂ ਦੇ ਪਰਿਵਾਰਾਂ ਨਾਲ ਉਨ੍ਹਾਂ ਨੂੰ ਤਹਿ ਦਿਲੋਂ ਪੂਰੀ ਹਮਦਰਦੀ ਹੈ। ਉਨ੍ਹਾਂ ਨਾਲ ਬਹੁਤ ਹੀ ਵੱਡਾ ਧੱਕਾ ਹੋਇਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ ਅਤੇ ਏਜੰਟਾਂ ਨੇ ਉਨ੍ਹਾਂ ਨੂੰ ਜੋ ਪੈਸੇ ਲੁੱਟੇ ਹਨ, ਉਹ ਵੀ ਵਾਪਿਸ ਦਵਾਏ ਜਾਣ।
ਦੱਸ ਦਈਏ ਕਿ ਅੱਜ ਤਰਸੇਮ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਜ਼ਿਲ੍ਹਾ ਕਮੇਟੀ ਦਾ ਗਠਨ ਕਰਨ ਲਈ ਸੁਲਤਾਨਪੁਰ ਲੋਧੀ ਪੁੱਜੇ ਸਨ। ਉਨ੍ਹਾਂ ਨੇ ਦੱਸਿਆ ਕਿ ਹੁਣ ਜ਼ਿਲ੍ਹਾ ਕਪੂਰਥਲਾ ਵਿੱਚ ਮੈਂਬਰਸ਼ਿਪ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਅਤੇ ਇੱਕ ਲੱਖ ਮੈਂਬਰ ਬਣਾਉਣ ਦਾ ਟੀਚਾ ਤੈਅ ਕੀਤਾ ਗਿਆ ਹੈ।