ਫਤਿਹਗੜ੍ਹ ਸਾਹਿਬ/ਅੰਮ੍ਰਿਤਸਰ/ਬਠਿੰਡਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਜਾਇਆ ਗਿਆ ਹੈ। ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ’ਚ ਨਗਰ ਕੀਰਤਨ ਆਰੰਭ ਹੋਇਆ। ਜਿਸ ’ਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਲਗਵਾਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਸਟਾਫ਼ ਤੇ ਸੰਗਤਾਂ ਨੇ ਵੱਧ-ਚੜ੍ਹ ਕੇ ਨਗਰ ਕੀਰਤਨ ’ਚ ਸ਼ਮੂਲੀਅਤ ਕੀਤੀ।
ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਫੁੱਲਾਂ ਨਾਲ ਸਜੀ ਹੋਈ ਸੁੰਦਰ ਪਾਲਕੀ ਦੇ ਪਿੱਛੇ ਵੱਡੀ ਗਿਣਤੀ ’ਚ ਸੰਗਤਾਂ ਕੀਰਤਨ ਕਰ ਰਹੀਆਂ ਸਨ। ਸੰਗਤਾਂ ਵੱਲੋਂ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ ਤੇ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ। ਨਿਹੰਗ ਸਿੰਘਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ ਤੇ ਫੌਜੀ ਬੈਂਡ ਵੱਲੋਂ ਮਨਮੋਹਣ ਵਾਲੀਆ ਧੁੰਨਾ ਵਜਾਈਆਂ ਗਈਆਂ। ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ’ਚ ਸ਼ਾਮਲ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਆਗੂਆਂ ਦਾ ਕਹਿਣਾ ਸੀ ਕਿ ਸਾਨੂੰ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ 'ਤੇ ਚਲਦੇ ਹੋਏ ਜਰੂਰ ਤੁਹਾਨੂੰ ਲੋਕਾਂ ਦੀ ਮਦਦ ਜਰੂਰ ਕਰਨੀ ਚਾਹੀਦੀ ਹੈ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਸਾਨੂੰ ਗੁਰੂ ਦੇ ਲੜ ਲੱਗ ਕੇ ਸਿੰਘ ਸੱਜਣਾ ਚਾਹੀਦਾ ਹੈ।
ਤਲਵੰਡੀ ਸਾਬੋ/ਬਠਿੰਡਾ : ਦੱਸ ਦੇਈਏ ਕਿ ਸ੍ਰੀ ਗਰੂ ਨਾਨਕ ਦੇਵ ਜੀ ਦਾ ਦਾ ਪ੍ਰਕਾਸ਼ ਉਤਸਵ ਮਾਲਵੇ ਦੇ ਇਤਿਹਾਸਕ ਨਗਰ ਤਲਵੰਡੀ ਸਾਬੋ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਪੂਰੀ ਸਰਥਾ ਭਾਵਨਾ ਨਾਲ ਮਨਾਇਆਂ ਜਾ ਰਿਹਾ ਹੈ। ਜਿਸ ਦੇ ਸੰਦਰਭ ਵਿੱਚ ਵੀਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕਾ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਈਆਂ ਅਤੇ ਪੰਜ ਪਿਆਰੀਆਂ ਦੀ ਆਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆਂ ਗਿਆ। ਨਗਰ ਕੀਰਤਨ ਦੌਰਾਨ ਤਖ਼ਤ ਸਾਹਿਬ ਦੇ ਹਜੂਰੀ ਰਾਗੀਆਂ ਵੱਲੋਂ ਰਸਮਈ ਕੀਰਤਨ ਕੀਤਾ ਗਿਆ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋ ਬੈਡ ਅਤੇ ਗਤਕੇ ਦੇ ਜੌਹਰ ਦਿਖਾਏ ਗਏ। ਸੰਗਤਾਂ ਵੱਲੋ ਨਗਰ ਕੀਰਤਨ ਦੋਰਾਨ ਫੁੱਲਾ ਦੀ ਵਰਖਾ ਕੀਤੀ ਜਾ ਰਹੀ ਸੀ। ਨਗਰ ਕੀਰਤਨ ਦੀ ਅਰੰਭਤਾ ਮੌਕੇ ਵਿਸੇਸ ਤੌਰ 'ਤੇ ਤਖ਼ਤ ਸਾਹਿਬ ਦੇ ਸਿੰਘ ਸ਼ਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਾਜਰੀ ਲਗਵਾਈ ਜਿੰਨਾ ਨੇ ਸੰਗਤਾਂ ਨੂੰ ਪ੍ਰਕਾਸ਼ ਪੂਰਵ ਦੀਆਂ ਵਧਾਈਆਂ ਦਿੱਤੀਆਂ ਅਤੇ ਗੁਰੁ ਸਾਹਿਬ ਦੇ ਦੱਸੇ ਮਾਰਗ ਤੇ ਚੱਲਣ ਦੀ ਅਪੀਲ ਵੀ ਕੀਤੀ।
ਅੰਮ੍ਰਿਤਸਰ: ਸਿੱਖ ਧਰਮ ਦੇ ਬਾਨੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਦੇ ਨਾਲ ਅੰਮ੍ਰਿਤਸਰ ਸਾਹਿਬ ਵਿਖੇ ਸਜਾਇਆ ਗਿਆ। ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਰਵਾਇਤੀ ਨਗਰ ਕੀਰਤਨ ਖਲਾਸਾਈ ਜਾਹੋ ਜਲਾਲ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਬਾਅਦ ਦੁਪਹਿਰ ਅਰਦਾਸ ਉਪਰੰਤ ਆਰੰਭ ਹੋਇਆ। ਨਗਰ ਕੀਰਤਨ ਵਿਚ ਬੈਂਡ ਪਾਰਟੀਆਂ, ਖਲਾਸਾਈ ਜਾਹੋ ਜਲਾਲ ਦਿਖਾਉਂਦੀਆਂ ਗਤਕਾ ਪਾਰਟੀਆਂ, ਸਭਾ ਸੋਸਾਇਟੀਆਂ, ਸ਼ਬਦੀ ਜੱਥੇ , ਸ਼੍ਰੋਮਣੀ ਕਮੇਟੀ ਤੇ ਦਰਬਾਰ ਸਾਹਿਬ ਦਾ ਸਟਾਫ ਅਤੇ ਗੁਰੂ ਜਸ ਗਾਇਨ ਕਰਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਮਦਾਸ ਸਰਾਂ, ਸ਼ੇਰਾਂ ਵਾਲ਼ੇ ਗੇਟ, ਵਿਰਾਸਤੀ ਮਾਰਗ, ਮਾਈ ਸੇਵਾਂ ਬਜਾਰ, ਪਾਪੜਾਂ ਵਾਲਾ ਬਜਾਰ, ਲਸ਼ਮਣਸਰ ਚੌਂਕ ਆਦਿ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਵਿੱਚ ਪੈਂਦੇ ਬਜਾਰਾਂ ਚੋਂ ਹੁੰਦਾ ਹੋਇਆ ਦੇਰ ਸ਼ਾਮ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸੰਪਨ ਹੋਇਆ।
ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ
ਦੱਸ ਦਈਏ ਕਿ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੱਢਿਆ ਗਿਆ ਤੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਤੋਂ ਹੁੰਦਾ ਹੋਇਆ ਵੱਡੀ ਗਿਣਤੀ ਦੇ ਵਿੱਚ ਸੰਗਤ ਮੌਜੂਦ ਰਹੀ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਗਤ ਨੂੰ ਗੁਰੂ ਨਾਨਕ ਦੇਵ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਦੀ ਲੱਖ-ਲੱਖ ਵਧਾਈ ਦਿੱਤੀ ਅਤੇ ਉਨ੍ਹਾਂ ਨੇ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਜਾਤਾਂ ਪਾਤਾਂ ਤੋਂ ਉੱਪਰ ਉੱਠ ਕੇ ਸਾਰੇ ਸਮਾਜ ਨੂੰ ਇਕੱਠਿਆ ਕੀਤਾ ਸੀ ਪਰ ਅੱਜ ਵੀ ਜਾਤਾ ਪਾਤਾਂ ਦੇ ਨਾਂ ਤੇ ਵੰਡੀਆਂ ਪਾਈਆਂ ਜਾ ਰਹੀਆਂ ਹਨ ਇਸ ਮੌਕੇ ਧਾਮੀ ਨੇ ਕਿਹਾ ਕਿ ਪਾਕਿਸਤਾਨ ਜਾਣ ਲਈ ਜਿਨਾਂ ਦੇ ਵੀਜ਼ੇ ਨਹੀਂ ਲੱਗੇ ਅਸੀਂ ਸਰਕਾਰਾਂ ਨਾਲ ਜਰੂਰ ਗੱਲ ਕਰਾਂਗੇ।
ਜਗਤ ਗੁਰੂ ਦੀ ਵਿਚਾਰਧਾਰਾ ਤੇ ਉਪਦੇਸ਼
ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਚੋਰ ਸਾਹਿਬ ਦੀ ਸੇਵਾ ਨਿਭਾ ਰਹੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੂਹ ਸੰਗਤ ਨੂੰ ਪਾਵਨ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜਗਤ ਗੁਰੂ ਦੀ ਵਿਚਾਰਧਾਰਾ ਤੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਗਵਾਈ ਪ੍ਰਦਾਨ ਕਰਦੇ ਹਨ ਤੇ ਉਨ੍ਹਾਂ ਵਿਚ ਮਾਨਵਤਾ ਦੇ ਮਨਾਂ ਦੀਆਂ ਉਲਝਣਾਂ ਤੇ ਭਟਕਣਾ ਨੂੰ ਹੱਲ ਕਰਨ ਵਾਲਾ ਅਨਮੋਲ ਖਜਾਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਵਿਚ ਸਮੁੱਚੇ ਬ੍ਰਹਿਮੰਡ ਦੀਆਂ ਮੁਸ਼ਕਿਲਾਂ ਦਾ ਹਲ ਹੈ ਇਸ ਲਈ ਸੰਗਤਾਂ ਗੁਰੂ ਸਾਹਿਬ ਦੇ ਦੱਸੇ ਰਸਤੇ 'ਤੇ ਚਲਦਿਆਂ ਆਪਣਾ ਜੀਵਨ ਸਫਲਾ ਕਰਨ। ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 15 ਨਵੰਬਰ ਨੂੰ ਸ੍ਰੀ ਹਰਿਮੰਦਿਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂਦੁਆਰਾ ਬਾਬਾ ਅਟੱਲ ਰਾਏ ਵਿਖੇ ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸਿਕ ਵਸਤਾਂ ਦੇ ਪਵਿੱਤਰ ਜਲੌਅ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਜਾਣਗੇ। ਇਸ ਦੌਰਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਸ਼ਾਮ ਨੂੰ ਰਹਿਰਾਸ ਦੇ ਪਾਠ ਤੋਂ ਬਾਅਦ ਦੀਪਮਾਲਾ 'ਤੇ ਪ੍ਰਦੂਸ਼ਣ ਮੁਕਤ ਆਤਿਸ਼ਬਾਜੀ ਕੀਤੀ ਜਾਵੇਗੀ।