ਅੰਮ੍ਰਿਤਸਰ: ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਹਾਜ਼ਰੀ ਭਰੀ ਗਈ। ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਪਹੁੰਚਿਆ। ਨਗਰ ਕੀਰਤਨ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ ਅਤੇ ਗਤਕਾ ਪਾਰਟੀਆਂ ਨੇ ਹਿੱਸਾ ਲਿਆ। ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਨਗਰ ਕੀਰਤਨ ਦੀ ਆਰੰਭਤਾ ਅਰਦਾਸ ਨਾਲ ਹੋਈ।
ਚੌਰ ਸਾਹਿਬ ਦੀ ਸੇਵਾ: ਨਗਰ ਕੀਰਤਨ ਦੀ ਆਰੰਭਤਾ ਸਮੇਂ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ। ਨਗਰ ਕੀਰਤਨ ਵਿਚ ਜਿੱਥੇ ਗਤਕਾ ਅਤੇ ਬੈਂਡ ਪਾਰਟੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ, ਉਥੇ ਹੀ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਸੰਗਤਾਂ ਵੱਲੋਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ।
ਸੰਗਤ 'ਚ ਉਤਸ਼ਾਹ: ਕੜਾਕੇ ਦੀ ਠੰਡ ਦੇ ਬਾਅਦ ਵੀ ਨਗਰ ਕੀਰਤਨ ਨੂੰ ਲੈ ਕੇ ਉਤਸ਼ਾਹ ਦੇਖਣ ਵਾਲਾ ਸੀ।ਇਸ ਨਗਰ ਕੀਰਤਨ 'ਚ ਹਰ ਵਰਗ ਦੇ ਲੋਕਾਂ ਵੱਲੋਂ ਹਿੱਸਾ ਲਿਆ ਗਿਆ ਅਤੇ ਵਾਹਿਗੁਰੂ ਦਾ ਜਾਪ ਕੀਤਾ ਗਿਆ।