ਅੰਮ੍ਰਿਤਸਰ : ਅਜਨਾਲਾ ਸ਼ਹਿਰ ਅੰਦਰ ਦੁਕਾਨਦਾਰਾਂ ਵੱਲੋਂ ਸੜਕਾਂ ਉੱਪਰ ਕੀਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਐਸਡੀਐਮ ਅਜਨਾਲਾ ਅਰਵਿੰਦਰ ਸਿੰਘ ਅਰੋੜਾ ਪ੍ਰਸ਼ਾਸਨ ਦੀ ਟੀਮ ਨੂੰ ਨਾਲ ਲੈ ਕੇ ਸੜਕਾਂ 'ਤੇ ਉਤਰੇ। ਜਿੱਥੇ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਦੁਕਾਨਦਾਰਾਂ ਨੂੰ ਨੋਟਿਸ ਜਾਰੀ ਕੀਤੇ, ਉੱਥੇ ਹੀ ਨਗਰ ਪੰਚਾਇਤ ਦੀਆਂ ਟੀਮਾਂ ਵੱਲੋਂ ਦੁਕਾਨਦਾਰਾਂ ਵੱਲੋਂ ਸੜਕਾਂ ਉਪਰ ਰੱਖੇ ਸਮਾਨ ਨੂੰ ਵੀ ਜ਼ਬਤ ਕਰ ਲਿਆ ਗਿਆ।
'ਦੁਕਾਨਦਾਰਾਂ ਦਾ ਸਮਾਨ ਜ਼ਬਤ ਕੀਤਾ ਜਾਵੇਗਾ'
ਇਸ ਮੌਕੇ ਐਸ.ਡੀ.ਐੱਮ ਅਜਨਾਲਾ ਅਰਵਿੰਦਰ ਸਿੰਘ ਅਰੋੜਾ ਨੇ ਕਿਹਾ ਕੀ ਨਗਰ ਪੰਚਾਇਤ ਵੱਲੋਂ ਸ਼ਹਿਰ ਦੀ ਸਫਾਈ ਲਈ ਮੁਹਿੰਮ ਚਲਾਈ ਜਾ ਰਹੀ ਸੀ। ਇਸ ਕਾਰਨ ਨਜਾਇਜ ਕਬਜ਼ੇ ਕਰਨ ਵਾਲਿਆਂ ਨੂੰ 3-4 ਨੋਟਿਸ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਨੂੰ ਕਈ ਵਾਰ ਕਿਹਾ ਪਰ ਇਨ੍ਹਾਂ ਨੂੰ ਕੋਈ ਪਰਵਾਹ ਨਹੀਂ, ਜਿਸ ਕਾਰਨ ਹੁਣ ਇਨ੍ਹਾਂ 'ਤੇ ਕਾਰਵਾਈ ਕੀਤੀ ਜਾਵੇਗੀ ਅਤੇ ਇਨ੍ਹਾਂ ਦੁਕਾਨਦਾਰਾਂ ਦਾ ਪੂਰਾ ਸਮਾਨ ਜ਼ਬਤ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਦੁਕਾਨਾਂ ਦੇ ਬਾਹਰ ਬਣੇ ਥੜਿਆਂ ਬਾਰੇ ਕਿਹਾ ਕਿ ਅਸੀਂ ਦੁਕਾਨਦਾਰਾਂ ਨੂੰ ਥੜ੍ਹੇ ਤੋੜਨ ਲਈ ਕਹਿ ਚੁੱਕੇ ਹਾਂ ਜੇਕਰ ਕੋਈ ਇਸ ਦੀ ਪਾਲਣਾ ਨਹੀਂ ਕਰੇਗਾ ਤਾਂ ਸਾਡੀਆਂ ਟੀਮਾਂ ਵੱਲੋਂ ਇਨ੍ਹਾਂ ਥੜਿਆਂ ਨੂੰ ਹਟਵਾਇਆ ਜਾਵੇਗਾ। ਇਸ ਦੇ ਨਾਲ ਹੀ ਇਸ ਕੰਮ ਦਾ ਪੈਸਾ ਇਨ੍ਹਾਂ ਦੁਕਾਨਦਾਰਾਂ ਕੋਲੋਂ ਹੀ ਵਸੂਲਿਆ ਜਾਵੇਗਾ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸਮਾਨ ਜ਼ਬਤ ਕਰਕੇ ਇਨ੍ਹਾਂ ਖਿਲਾਫ ਜ਼ੁਰਮਾਨਾ ਵੀ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਵਾਰ-ਵਾਰ ਇਨ੍ਹਾਂ ਨੂੰ ਬੇਨਤੀ ਕਰ ਰਹੇ ਹਾਂ ਕਿ ਸਾਨੂੰ ਇਸ ਤਰ੍ਹਾਂ ਕਰਨ ਦਾ ਮੌਕਾ ਹੀ ਨਾ ਦੇਣ।
'ਦੁਕਾਨਦਾਰਾਂ ਨੂੰ ਜਾਰੀ ਕੀਤੇ ਨੋਟਿਸ'
ਇਸ ਮੌਕੇ ਐਸ.ਐਚ.ਓ ਅਜਨਾਲਾ ਸਤਨਾਮ ਸਿੰਘ ਨੇ ਵੀ ਕਿਹਾ ਕਿ ਨਜਾਇਜ਼ ਕਬਜੇ ਕਰਨ ਵਾਲਿਆਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਜੋ ਵੀ ਦੁਕਾਨਦਾਰਾਂ ਨੇ ਦੁਕਾਨਾਂ ਦੇ ਅੱਗੇ ਸ਼ਟਰ ਵਧਾ ਕੇ ਅਤੇ ਥੜ੍ਹੇ ਬਣਾ ਕੇ ਜਗ੍ਹਾ ਰੋਕੀ ਹੈ, ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਬਹੁਤ ਸਾਰੇ ਦੁਕਾਨਦਾਰਾਂ ਦਾ ਸਮਾਨ ਜ਼ਬਤ ਕੀਤਾ ਗਿਆ ਹੈ ਅਤੇ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਭ ਲੋਕਾਂ ਦੀ ਸਹੂਲਤ ਲਈ ਹੀ ਕੀਤਾ ਜਾ ਰਿਹਾ ਹੈ। ਇਸ ਨਾਲ ਟ੍ਰੈਫਿਕ ਜਾਮ ਹੁੰਦਾ ਹੈ ਤੇ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਰਕੇ ਇਨ੍ਹਾਂ ਦੁਕਾਨਦਾਰਾਂ ਨੂੰ ਥੜ੍ਹੇ ਤੋੜਨ ਦੇ ਹੁਕਮ ਦਿੱਤੇ ਹਨ, ਜੇਕਰ ਇਹ ਥੜ੍ਹੇ ਤੋੜਨ ਦੀ ਗੱਲ ਨਹੀਂ ਮੰਨਦੇ ਤਾਂ ਇਹ ਕੰਮ ਵੀ ਸਾਡੇ ਵੱਲੋਂ ਹੀ ਕਰਵਾਇਆ ਜਾਵੇਗਾ ਅਤੇ ਥੜ੍ਹੇ ਤੋੜਨ ਦਾ ਪੈਸਾ ਵੀ ਇਨ੍ਹਾਂ ਤੋਂ ਹੀ ਵਸੂਲਿਆ ਜਾਵੇਗਾ। ਇਸ ਦੌਰਾਨ ਐਸ.ਐਚ ਓ ਸਤਨਾਮ ਸਿੰਘ ਨੇ ਕਿਹਾ ਕਿ ਅਸੀਂ ਮੀਡੀਆ ਰਾਹੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਸਾਡਾ ਇਸ ਮੁਹਿੰਮ ਵਿੱਚ ਸਾਥ ਦੇਣ।