ਰੂਪਨਗਰ: ਜ਼ਿਲ੍ਹੇ ਵਿੱਚ 2 ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਲਾਨਾ ਸ਼ਹੀਦੀ ਜੋੜ ਮੇਲ ਦੌਰਾਨ ਸ਼੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਖੇਤਰ ਵਿੱਚ ਪੈਂਦੇ ਸਕੂਲਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ 20 ਦਸੰਬਰ ਅਤੇ 21 ਦਸੰਬਰ ਨੂੰ ਲਾਗੂ ਹੋਵੇਗੀ। ਇਹ ਫ਼ੈਸਲਾ ਉਪ-ਮੰਡਲ ਮੈਜਿਸਟਰੇਟ ਸ਼੍ਰੀ ਚਮਕੌਰ ਸਾਹਿਬ ਦੀ ਸਿਫਾਰਿਸ਼ 'ਤੇ ਕੀਤਾ ਗਿਆ ਹੈ।
20 ਦਸੰਬਰ ਤੋਂ ਸ਼੍ਰੀ ਚਮਕੌਰ ਸਾਹਿਬ ਦੇ ਵਿੱਚ ਸ਼ਹੀਦੀ ਜੋੜ ਮੇਲ ਦੀ ਸ਼ੁਰੂਆਤ ਹੋਵੇਗੀ ਅਤੇ ਸ਼ਹੀਦੀ ਪੰਦਰਵਾੜੇ ਦੌਰਾਨ ਇਹ ਚੌਥਾ ਪੜਾਅ ਹੋਵੇਗਾ।
ਸ਼ਹੀਦੀ ਜੋੜ ਮੇਲ ਕਾਰਨ ਸਕੂਲ ਰਹਿਣਗੇ ਬੰਦ
ਮੈਜਿਸਟਰੇਟ ਨੇ ਦੱਸਿਆ ਕਿ ਸਾਲਾਨਾ ਸ਼ਹੀਦੀ ਜੋੜ ਮੇਲ ਦੌਰਾਨ ਗੁਰਦੁਵਾਰਾ ਸਾਹਿਬ ਵਿੱਚ ਭਾਰੀ ਭੀੜ ਹੋਣ ਕਰਕੇ ਵਿਦਿਆਰਥੀਆਂ ਨੂੰ ਸਕੂਲ ਪਹੁੰਚਣ ਵਿੱਚ ਮੁਸ਼ਕਿਲਾਂ ਆਉਂਦੀਆਂ ਹਨ। ਇਹ ਛੁੱਟੀ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਲਾਗੂ ਹੋਵੇਗੀ। ਸ਼੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਖੇਤਰ ਵਿੱਚ ਵੀ ਸਾਰੇ ਸਕੂਲ 2 ਦਿਨ ਬੰਦ ਰਹਿਣਗੇ। ਇਸ ਤੋਂ ਇਲਾਵਾ 22 ਦਸੰਬਰ ਨੂੰ ਐਤਵਾਰ ਹੈ, ਜਿਸ ਕਾਰਨ ਸਕੂਲਾਂ ਵਿੱਚ 3 ਦਿਨ ਦੀ ਛੁੱਟੀ ਰਹੇਗੀ।
ਸ਼ਹੀਦੀ ਜੋੜ ਮੇਲ ਦੌਰਾਨ ਵੱਡੀ ਗਿਣਤੀ ਵਿੱਚ ਨਤਮਸਤਕ ਹੁੰਦੀ ਸੰਗਤ
ਜ਼ਿਕਰਯੋਗ ਹੈ ਕਿ ਸ਼ਹੀਦੀ ਜੋੜ ਮੇਲ ਦੌਰਾਨ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਅਤੇ ਗੁਰਦੁਆਰਾ ਗੜੀ ਸਾਹਿਬ ਦੇ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੁੰਦੀ ਹੈ। ਸ਼੍ਰੀ ਚਮਕੌਰ ਸਾਹਿਬ ਵਿੱਚ ਸਿੱਖ ਇਤਿਹਾਸ ਅਤੇ ਦੁਨੀਆਂ ਦੇ ਇਤਿਹਾਸ ਦਾ ਲਾਸਾਨੀ ਜੰਗ ਲੜੀ ਗਈ ਸੀ, ਜਿੱਥੇ 10 ਲੱਖ ਦੀ ਮੁਗਲ ਫੌਜ ਦਾ ਸਾਹਮਣਾ ਕਰਦੇ ਹੋਏ 40 ਸਿੰਘ ਸ਼ਹੀਦ ਹੋਏ ਸਨ ਅਤੇ ਇਨ੍ਹਾਂ ਵਿੱਚ ਗੁਰੂ ਸਾਹਿਬ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਨੇ ਇਸ ਜੰਗ ਦੇ ਦੌਰਾਨ ਸ਼ਹਾਦਤ ਪ੍ਰਾਪਤ ਕੀਤੀ ਸੀ।