ਬਰਨਾਲਾ: ਬਰਨਾਲਾ ਦੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲਾ ਵਿਖੇ ਬਣਾਏ ਗਏ ਨਵੇਂ ਸਿਖਲਾਈ ਕੇਂਦਰ ਦਾ ਉਦਘਟਾਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਉਨ੍ਹਾਂ ਨੂੰ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ 'ਚ ਭਰਤੀ ਸਬੰਧੀ ਸਰੀਰਿਕ ਸਿਖਲਾਈ ਇਸ ਕੇਂਦਰ ਵਿਖੇ ਦਿੱਤੀ ਜਾਵੇਗੀ।
ਇਹ ਕੇਂਦਰ 2.5 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਅਤੇ ਇਹ ਸੂਬੇ ਭਰ ਵਿੱਚ ਆਪਣੇ ਕਿਸਮ ਦਾ ਪਹਿਲਾ ਸਿਖਲਾਈ ਕੇਂਦਰ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਤਾਂ ਜੋ ਵਿਦਿਆਰਥੀ ਚੰਗੀਆਂ ਸਹੂਲਤਾਂ ਦਾ ਲਾਹਾ ਲੈ ਸਕਣ। ਪਿੰਡ ਪੁੱਜ ਕੇ ਸਭ ਤੋਂ ਪਹਿਲਾਂ ਪੰਡੋਰੀ ਨੇ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਉਨ੍ਹਾਂ ਨਾਲ ਉੱਪ ਮੰਡਲ ਮੈਜਿਸਟਰੇਟ ਮਹਿਲ ਕਲਾਂ ਸਤਵੰਤ ਸਿੰਘ ਵੀ ਹਾਜ਼ਰ ਸਨ। ਵਿਧਾਇਕ ਪੰਡੋਰੀ ਨੇ 91.95 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਿੰਕ ਸੜਕ ਦਾ ਵੀ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਸੜਕ ਬਣਨ ਨਾਲ ਪਿੰਡ ਵਾਸੀਆਂ ਦੀ ਆਵਾਜਾਈ ਸੌਖੀ ਹੋ ਜਾਵੇਗੀ। ਪਿੰਡ ਵਜੀਦਕੇ ਕਲਾਂ ਵਿਖੇ ਉਨ੍ਹਾਂ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਂਗਨਵਾੜੀ ਕੇਂਦਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਬਿੰਦਰ ਸਿੰਘ ਵੀ ਮੌਜੂਦ ਸਨ।
ਵਿਧਾਇਕ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ 'ਚ ਸਿੱਖਿਆ ਨੂੰ ਉੱਤਮ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਨਾ ਕੇਵਲ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਇਆ ਜਾ ਰਿਹਾ ਹੈ ਬਲਕਿ ਨਾਲ ਹੀ ਵਿਦਿਆਰਥੀਆਂ ਦੇ ਵਿਕਾਸ ਲਈ ਨਵੇਂ ਮੌਕੇ ਸਿਰਜੇ ਜਾ ਰਹੇ ਹਨ