ਬਠਿੰਡਾ: ਪਰਾਲੀ ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਿੱਧੀ ਬਜਾਈ ਭਾਵ ਪਰਾਲੀ ਵਿੱਚ ਕਣਕ ਬੀਜਣ ਦੀ ਅਪੀਲ ਕੀਤੀ ਗਈ ਸੀ। ਪਰ ਹੁਣ ਇਹ ਅਪੀਲ ਕਿਸਾਨਾਂ ਲਈ ਸਿਰਦਰਦੀ ਬਣਦੀ ਹੋਈ ਨਜ਼ਰ ਆ ਰਹੀ ਹੈ, ਕਿਉਂਕਿ ਪਰਾਲੀ ਵਿੱਚ ਬੀਜੀ ਗਈ ਕਣਕ 'ਤੇ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਨੂੰ ਮਿਲ ਰਿਹਾ ਹੈ।
ਕਣਕ 'ਤੇ ਗੁਲਾਬੀ ਸੁੰਡੀ ਦਾ ਹਮਲਾ
ਜਿਸ ਕਾਰਨ ਕਣਕ ਪੁੱਗਣ ਤੋਂ ਹੀ ਪਹਿਲਾਂ ਬਰਬਾਦ ਹੋ ਰਹੀ ਹੈ ਅਤੇ ਕਈ ਕਿਸਾਨਾਂ ਵੱਲੋਂ ਕਣਕ ਵਾਹ ਕੇ ਮੁੜ ਤੋਂ ਕਣਕ ਬੀਜੀ ਜੀ ਜਾ ਰਹੀ ਹੈ। ਜਿਸ ਕਾਰਨ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸੇ ਨੁਕਸਾਨ ਦੇ ਚੱਲਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਹੋਈ ਬਰਬਾਦ ਫਸਲ ਦੇ ਮੁਆਵਜ਼ੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ।
ਕਿਸਾਨਾਂ ਵਲੋਂ ਡੀਸੀ ਦਫ਼ਤਰਾਂ ਅੱਗੇ ਧਰਨਾ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਕਿਸਾਨ ਆਗੂ ਹਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਪਹਿਲਾਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਸਿੱਧੀ ਬਜਾਈ ਕੀਤੀ ਜਾਵੇ ਪਰ ਹੁਣ ਜਦੋਂ ਕਿਸਾਨਾਂ ਵੱਲੋਂ ਸਿੱਧੀ ਬਿਜਾਈ ਕੀਤੀ ਗਈ ਤਾਂ ਕਣਕ ਉੱਪਰ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਫਸਲ ਬਰਬਾਦ ਹੋ ਚੁੱਕੀ ਹੈ। ਕਿਸਾਨਾਂ ਵੱਲੋਂ ਭਾਵੇਂ ਫਸਲ ਵਾਹ ਕੇ ਦੁਬਾਰਾ ਕਣਕ ਬੀਜੀ ਗਈ ਹੈ ਪਰ ਕਣਕ ਲੇਟ ਹੋਣ ਕਾਰਨ ਝਾੜ ਘੱਟਣ ਦਾ ਖਦਸ਼ਾ ਪੈਦਾ ਹੋ ਗਿਆ ਹੈ।
ਸਰਕਾਰ ਤੋਂ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ
ਉਨ੍ਹਾਂ ਕਿਹਾ ਕਿ ਇਸ ਕਾਰਨ ਹੀ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਪ੍ਰਤੀ ਏਕੜ 15 ਹਜ਼ਾਰ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਆਉਨਦੇ ਦਿਨਾਂ ਵਿੱਚ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ ਕਿਉਂਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਕਿਸਾਨਾਂ ਵੱਲੋਂ ਪਰਾਲੀ ਵਿੱਚ ਕਣਕ ਬੀਜੀ ਗਈ ਸੀ। ਪਰ ਹੁਣ ਆਰਥਿਕ ਨੁਕਸਾਨ ਹੋਣ 'ਤੇ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ।