ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਦਿੱਲੀ ਜੰਮੂ ਕਟਰਾ ਨੈਸ਼ਨਲ ਹਾਈਵੇ ਜਿਸ ਨੂੰ ਕਿ ਭਾਰਤ ਮਾਲਾ ਪ੍ਰੋਜੈਕਟ ਦਾ ਨਾਮ ਦਿੱਤਾ ਗਿਆ ਸੀ, ਉਸ ਤਹਿਤ ਪੰਜਾਬ ਵਿੱਚ ਪੁਲਿਸ ਵੱਲੋਂ ਹੁਣ ਕਿਸਾਨਾਂ ਦੀਆਂ ਜ਼ਮੀਨਾਂ ਅਕਵਾਇਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਪਰ ਬਹੁਤ ਸਾਰੀਆਂ ਥਾਵਾਂ 'ਤੇ ਕਿਸਾਨਾਂ ਵੱਲੋਂ ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ ਪੁਲਿਸ ਅਤੇ ਪ੍ਰਸ਼ਾਸਨ ਧੱਕੇ ਨਾਲ ਉਨ੍ਹਾਂ ਦੀਆਂ ਜ਼ਮੀਨਾਂ ਅਕਵਾਇਰ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਵੀ ਨਹੀਂ ਦੇ ਰਿਹਾ। ਜਿਸ ਦੀਆਂ ਤਾਜ਼ਾ ਤਸਵੀਰਾਂ ਅੰਮ੍ਰਿਤਸਰ ਦੇ ਪਿੰਡ ਭੈਣੀ ਗਿੱਲਾਂ ਵਿਖੇ ਦੇਖਣ ਨੂੰ ਮਿਲੀਆਂ ਹਨ, ਜਿੱਥੇ ਕਿ ਵੱਡੀ ਗਿਣਤੀ ਵਿੱਚੋਂ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਪਹੁੰਚ ਕੇ ਕਿਸਾਨਾਂ ਤੋਂ ਜ਼ਮੀਨ ਦਾ ਕਬਜ਼ਾ ਲਿਆ ਗਿਆ ਹੈ।
ਹਾਲੇ ਤੱਕ ਜ਼ਮੀਨਾਂ ਦੇ ਪੈਸੇ ਖਾਤਿਆਂ ਵਿੱਚ ਨਹੀਂ ਆਏ
ਇਸ ਦੌਰਾਨ ਕਿਸਾਨਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਕਿਹਾ ਕਿ ਪ੍ਰਸ਼ਾਸਨ ਅਤੇ ਪੁਲਿਸ ਉਨ੍ਹਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਅਤੇ ਹਾਲੇ ਤੱਕ ਜ਼ਮੀਨਾਂ ਦੇ ਪੈਸੇ ਉਨ੍ਹਾਂ ਦੇ ਖਾਤਿਆਂ ਵਿੱਚ ਨਹੀਂ ਆਏ । ਕਿਸਾਨਾਂ ਨੇ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਪੂਰਾ ਮੁਆਵਜ਼ਾ ਨਹੀਂ ਦੇ ਰਿਹਾ ਅਤੇ ਅੱਜ ਵੀ ਪੁਲਿਸ ਵੱਲੋਂ ਧੱਕੇ ਦੇ ਨਾਲ ਉਨ੍ਹਾਂ ਤੋਂ ਆ ਕੇ ਕਬਜ਼ਾ ਲਿਆ ਗਿਆ ਹੈ। ਜਿਸ ਦਾ ਕਿ ਉਹ ਵਿਰੋਧ ਕਰਦੇ ਹਨ।
ਮੁੱਦਾ ਰੈਵਨਿਊ ਡਿਪਾਰਟਮੈਂਟ ਦਾ?
ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਵਿੱਚ ਗੱਲਬਾਤ ਕਰਦੇ ਹੋਏ ਹਰਿੰਦਰ ਸਿੰਘ ਗਿੱਲ ਐਸਪੀ ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮੌਕੇ ਉੱਤੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕਰਕੇ ਹੀ ਜ਼ਮੀਨ ਦਾ ਕਬਜ਼ਾ ਲਿਆ ਗਿਆ ਹੈ ਅਤੇ ਕਿਸਾਨਾਂ ਦੇ ਖਾਤਿਆਂ ਦੇ ਵਿੱਚ ਜ਼ਮੀਨ ਦੇ ਪੈਸੇ ਵੀ ਪਾਏ ਗਏ ਹਨ। ਐੱਸਪੀ ਨੇ ਅੱਗੇ ਕਿਹਾ ਕਿ ਜੋ ਕਿਸਾਨ ਕਹਿ ਰਹੇ ਕਿ ਉਨ੍ਹਾਂ ਦੇ ਖਾਤਿਆਂ 'ਚ ਪੈਸੇ ਨਹੀਂ ਪਏ ਗਏ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਮੁੱਦਾ ਰੈਵਨਿਊ ਡਿਪਾਰਟਮੈਂਟ ਦਾ ਹੈ ਅਤੇ ਉਸ ਸਬੰਧ ਵਿੱਚ ਕਿਸਾਨ ਐਸਡੀਐਮ ਨਾਲ ਗੱਲਬਾਤ ਕਰ ਸਕਦੇ ਹਨ।
500 ਦੇ ਕਰੀਬ ਪੁਲਿਸ ਦੇ ਮੁਲਾਜ਼ਮ ਤਾਇਨਾਤ
ਐੱਸਪੀ ਹਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਅੱਜ ਜਦੋਂ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਜ਼ਮੀਨ ਦਾ ਕਬਜ਼ਾ ਲਿਆ ਗਿਆ ਅਤੇ ਇਸ ਦੌਰਾਨ ਉਨ੍ਹਾਂ ਦੇ ਨਾਲ ਨੈਸ਼ਨਲ ਹਾਈਵੇ ਅਥੋਰਟੀ ਦੇ ਅਧਿਕਾਰੀ ਵੀ ਮੌਜੂਦ ਸਨ ਅਤੇ ਇੱਥੇ 500 ਦੇ ਕਰੀਬ ਪੁਲਿਸ ਦੇ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਤਾਂ ਜੋ ਕਿ ਕਿਸੇ ਵੀ ਤਰੀਕੇ ਦੀ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ।