ਬਠਿੰਡਾ: ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਕੱਢੇ ਜਾ ਖਾਲਸਾ ਚੇਤਨਾ ਮਾਰਚ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ਨੇ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਤੈਨਾਤ ਕੀਤੀ ਗਈ। ਇੱਥੋ ਤੱਕ ਕਿ ਹਰ ਇੱਕ ਵਾਹਨ ਦੀ ਤਲਾਸ਼ੀ ਲਈ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਦੇ ਮੁਖੀ ਆਪ ਵਿਸ਼ੇਸ਼ ਚੈਕਿਗ ਕਰ ਰਹੇ ਹਨ।
ਜ਼ਿਲ੍ਹੇ ਦੇ ਸਾਰੇ ਥਾਣਿਆਂ ਦੀ ਪਲਿਸ ਨੂੰ ਤਲਵੰਡੀ ਸਾਬੋ ਤਾਇਨਾਤ ਕੀਤਾ ਗਿਆ ਹੈ। ਹਰ ਇੱਕ ਵਾਹਨ ਦੀ ਤਲਾਸ਼ੀ ਲੈਣ ਤੋਂ ਬਾਅਦ ਹੀ ਸ਼ਹਿਰ ਵਿੱਚ ਐਂਟਰੀ ਕਰਵਾਈ ਜਾ ਰਹੀ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੁਲਿਸ ਦੀ ਕਾਰਗੁਜਾਰੀ ਦੀ ਸ਼ਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।
ਮੁਨੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ : ਤਖ਼ਤ ਸ੍ਰੀ ਦਮ ਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੁਲਿਸ ਦੀ ਕਾਰਗੁਜਾਰੀ ਦੀ ਸ਼ਖ਼ਤ ਸ਼ਬਦਾਂ ਵਿੱਚ ਨਿੱਦਾ ਕਰਦੇ ਹੋਏ ਕਿਹਾ ਕਿ ਇਹ ਸਿੱਖ ਦੇ ਮੁਨੱਖੀ ਅਧਿਕਾਰ ਦਾ ਘਾਣ ਕੀਤਾ ਜਾ ਰਿਹਾ ਹੈ। ਹੁਣ ਸਿੱਖ ਸ਼ਾਂਤਮਈ ਪ੍ਰਦਰਸ਼ਨ ਵੀ ਨਹੀਂ ਕਰ ਸਕਦੇ। ਪੰਜਾਬ ਦੇ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਦੂਜੇ ਸੂਬਿਆਂ ਦੀਆ ਜੇਲ੍ਹਾਂ ਵਿਚ ਭੇਜੇ ਜਾ ਰਹੇ ਹਨ ਜਿਸ ਤੋਂ ਸਾਫ ਜ਼ਾਹਿਰ ਹੈ ਕਿ ਸਿੱਖ ਨੂੰ ਇਸ ਦੇਸ਼ ਵਿਚ ਦੂਜੇ ਦਰਜੇ ਦੇ ਸ਼ਹਿਰੀ ਸਮਝਿਆ ਜਾਂਦਾ ਅਤੇ ਜੋ ਸਿੱਖਾਂ ਦੀ ਗੱਲ ਕਰਦਾ ਹੈ ਉਸ ਨੂੰ ਜੇਲ੍ਹ ਭੇਜਿਆ ਜਾਂਦਾ ਹੈ।
ਬੇਲੋੜੀ ਪੁਲਿਸ ਤੈਨਾਤ ਕਰਨਾ ਗਲਤ: ਜਥੇਦਾਰ ਨੇ ਕਿਹਾ ਕਿ ਅੰਮ੍ਰਿਤਪਾਲ ਦੇ ਮਾਤਾ-ਪਿਤਾ ਨੂੰ ਗ੍ਰਿਫਤਾਰ ਕਰਨਾ ਬਹੁਤ ਗ਼ਲਤ ਗੱਲ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਨੂੰ ਵੀ ਜੇਕਰ ਬਦਨਾਮ ਕਰਨਾ ਹੋਵੇ ਤਾਂ ਝੂਠਾ ਬਿਰਤਾਂਤ ਸਿਰਜਿਆ ਜਾਂਦਾ ਹੈ, ਜੋ ਕਿ ਬਹੁਤ ਗ਼ਲਤ ਗੱਲ ਹੈ। ਪਿਛਲੇ ਸਾਲ ਵੀ ਵਿਸਾਖੀ ਸਮੇਂ ਸਰਕਾਰ ਵਲੋਂ ਸੁਰੱਖਿਆ ਦੇ ਨਾਮ ਉੱਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਲਗਾਈ ਗਈ ਸੀ, ਜਦਕਿ ਸਭ ਕੁਝ ਸ਼ਾਂਤਮਈ ਢੰਗ ਨਾਲ ਹੋਇਆ, ਪਰ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਲੋਂ ਡਰ ਦਾ ਮਾਹੌਲ ਪੈਦਾ ਕੀਤਾ ਗਿਆ। ਬੇਲੋੜੀ ਪੁਲਿਸ ਤੈਨਾਤ ਕਰਨਾ ਤੇ ਸੰਗਤ ਨੂੰ ਪ੍ਰੇਸ਼ਾਨ ਕਰਨਾ ਬਰਦਾਸ਼ਯੋਗ ਨਹੀਂ ਹੈ।
ਦੱਸ ਦੇਈਏ ਕਿ ਸਿੱਖ ਜਥੇਬੰਦੀਆਂ ਨੇ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਨੂੰ ਡਿਬਰੂਗੜ ਜੇਲ ਤੋਂ ਤਬਦੀਲ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ 8 ਅਪ੍ਰੈਲ ਤੋਂ ਖਾਲਸਾ ਚੇਤਨਾ ਮਾਰਚ ਕੱਢਣ ਦਾ ਪਹਿਲਾਂ ਪ੍ਰੋਗਰਾਮ ਵੱਖ ਵੱਖ ਤਖ਼ਤ ਸਾਹਿਬ ਤੋਂ ਉਲੀਕਿਆ ਗਿਆ ਹੈ ਜਿਸ ਨੂੰ ਖਰਾਬ ਕਰਨ ਲਈ ਜਿੱਥੇ ਪੁਲਿਸ ਨੇ ਤਲਵੰਡੀ ਸਾਬੋ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ, ਉੱਥੇ ਹੀ ਅੰਮ੍ਰਿਤਪਾਲ ਦੇ ਪਰਿਵਾਰ ਉੱਤੇ ਕਾਰਵਾਈ ਹੋ ਰਹੀ ਹੈ।
ਦੂਜੇ ਪਾਸੇ, ਪੁਲਿਸ ਵਿਸਾਖੀ ਮੇਲੇ ਦੇ ਪ੍ਰਬੰਧਾਂ ਕਰਕੇ ਸਰੁੱਖਿਆ ਫੋਰਸ ਲਾਉਣ ਦੀ ਗੱਲ ਆਖ ਰਹੀ ਹੈ।