ਸ੍ਰੀ ਫਤਹਿਗੜ੍ਹ ਸਾਹਿਬ: ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਉੱਤੇ ਹਰੇਕ ਸਾਲ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਸੰਗਤ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਸੰਗਤ ਨੂੰ ਕੋਈ ਮੁਸ਼ਕਿਲ ਨਾ ਆਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰੂਪਨਗਰ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਸਮੇਤ ਸ਼ਹੀਦੀ ਸਭਾ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਨਾਜ ਮੰਡੀ ਸਰਹਿੰਦ ਵਿਖੇ ਗੱਲਬਾਤ ਦੌਰਾਨ ਕੀਤਾ।
ਪੁਲਿਸ ਨੇ ਕੀਤੇ ਸੁਰੱਖਿਆ ਅਤੇ ਸਹੂਲਤ ਦੇ ਵਿਸ਼ੇਸ਼ ਇੰਤਜ਼ਾਮ
ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਸੰਗਤ ਦੀ ਸਹੂਲਤ ਲਈ 20 ਮੁਫਤ ਪਾਰਕਿੰਗ ਬਣਾਈਆਂ ਗਈਆਂ ਹਨ ਅਤੇ ਨਿਰਵਿਘਨ ਆਵਾਜਾਈ ਲਈ ਲਗਭਗ 80 ਸ਼ਟਲ ਬੱਸਾਂ ਚਲਾਈਆਂ ਜਾਣਗੀਆਂ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਡੀ.ਆਈ.ਜੀ. ਭੁੱਲਰ ਨੇ ਦੱਸਿਆ ਕਿ ਪੁਲਿਸ ਵੱਲੋਂ ਬਣਾਏ ਜਾਣ ਵਾਲੇ 06 ਪੁਲਿਸ ਸਹਾਇਤਾ ਕੇਂਦਰਾਂ ਤੋਂ ਸੰਗਤ ਨੂੰ ਪੁਲਿਸ ਨਾਲ ਸਬੰਧਤ ਸੇਵਾਵਾਂ ਹਾਸਲ ਹੋਣਗੀਆਂ ਅਤੇ ਜੇਕਰ ਕੋਈ ਵਿਅਕਤੀ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਬਾਰੇ ਪੁਲਿਸ ਨਾਲ ਸੰਪਰਕ ਕਰਨਾ ਚਾਹੁੰਦਾ ਹੋਵੇ ਤਾਂ ਉਹ ਪੁਲਿਸ ਨਾਕਿਆਂ ਉੱਤੇ ਤਾਇਨਾਤ ਜਵਾਨਾਂ ਨਾਲ ਗੱਲਬਾਤ ਕਰਕੇ ਮੁੱਖ ਕੰਟਰੋਲ ਰੂਮ ਰਾਹੀਂ ਆਪਣੀ ਸਮੱਸਿਆ ਦਾ ਹੱਲ ਕਰਵਾ ਸਕੇਗਾ।
ਸੀ.ਸੀ.ਟੀ.ਵੀ.ਕੈਮਰਿਆਂ ਰਾਹੀਂ ਤਿੱਖੀ ਨਜ਼ਰ
ਹਰਚਰਨ ਸਿੰਘ ਭੁੱਲਰ ਨੇ ਅੱਗੇ ਕਿਹਾ ਕਿ ਪੁਲਿਸ ਵੱਲੋਂ ਜੇਬ ਕਤਰਿਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਉੱਤੇ ਸੀ.ਸੀ.ਟੀ.ਵੀ.ਕੈਮਰਿਆਂ ਰਾਹੀਂ ਤਿੱਖੀ ਨਜ਼ਰ ਰੱਖੀ ਜਾਵੇਗੀ ਅਤੇ ਸ਼ਹੀਦੀ ਸਭਾ ਦੌਰਾਨ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਸ਼ਹੀਦੀ ਸਭਾ ਇੱਕ ਮੁਕੱਦਸ ਅਵਸਰ ਹੈ, ਇਸ ਲਈ ਆਪਣੀ ਡਿਊਟੀ ਸੇਵਾ ਭਾਵਨਾ ਨਾਲ ਕਰਨ ਨੂੰ ਯਕੀਨੀ ਬਣਾਇਆ ਜਾਵੇ।