ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਐਸਕੇਐਮ ਦੇ ਸੱਦੇ 'ਤੇ 14 ਮਾਰਚ ਨੂੰ ਦਿੱਲੀ ਵਿਖੇ ਹੋ ਰਹੀ ਕਿਸਾਨ ਮਜ਼ਦੂਰ ਮਹਾਂ ਪੰਚਾਇਤ ਲਈ ਬਰਨਾਲਾ ਜ਼ਿਲ੍ਹੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਕੱਲ ਨੂੰ ਜੱਥੇਬੰਦੀ ਨਾਲ ਜੁੜੇ ਬਰਨਾਲਾ ਜ਼ਿਲ੍ਹੇ ਦੇ ਕਿਸਾਨ ਧੂਰੀ ਰੈਲਵੇ ਸਟੇਸ਼ਨ ਤੋਂ ਟਰੇਨ ਰਾਹੀਂ ਦਿੱਲੀ ਲਈ ਰਵਾਨਾ ਹੋਣਗੇ।
ਇਸ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਅਤੇ ਸਕੱਤਰ ਸਾਹਿਬ ਸਿੰਘ ਬਡਬਰ ਨੇ ਦੱਸਿਆ ਕਿ ਕਿਸਾਨ-ਮਜਦੂਰ ਮਹਾਂ ਪੰਚਾਇਤ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਪਿੰਡਾਂ ਵਿੱਚ ਬੱਝਵਾਂ ਪ੍ਰਚਾਰ ਕਰਕੇ 14 ਮਾਰਚ ਨੂੰ ਰਾਮ ਲੀਲਾ ਮੈਦਾਨ ਦਿੱਲੀ ਵਿਖੇ ਹੋ ਰਹੀ ਕਿਸਾਨ -ਮਜਦੂਰ ਮਹਾਂ ਪੰਚਾਇਤ ਵਿੱਚ ਸ਼ਮੂਲੀਅਤ ਕਰਨ ਲਈ ਲਾਮਬੰਦ ਕੀਤਾ ਜਾ ਚੁੱਕਾ ਹੈ। ਪ੍ਰਚਾਰ ਮੁਹਿੰਮ ਦੌਰਾਨ ਪਿੰਡਾਂ ਵਿੱਚ ਭਾਰੀ ਉਤਸ਼ਾਹ ਵੇਖਿਆ ਗਿਆ।
ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਤੌਰ 'ਤੇ ਪੁੱਜੇ ਸੂਬਾਈ ਆਗੂ ਬਲਵੰਤ ਸਿੰਘ ਉੱਪਲੀ, ਜਗਰਾਜ ਸਿੰਘ ਹਰਦਾਸਪੁਰਾ ਨੇ ਕਿਹਾ ਕਿ ਮੋਦੀ ਹਕੂਮਤ ਸਾਮਰਾਜੀ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਆਕੇ ਕਿਸਾਨਾਂ ਦੀ ਸਾਰੀਆਂ ਫ਼ਸਲਾਂ ਤੇ ਐਮਐਸਪੀ ਦੇਣ ਦੀ ਮੰਗ ਨੂੰ ਮੰਨਣ ਤੋਂ ਇਨਕਾਰੀ ਹੋ ਰਹੀ ਹੈ। ਹਾਲਾਂਕਿ ਖੁਦ ਹੀ ਸਰਕਾਰਾਂ ਨੇ ਡਾ. ਸਵਾਮੀਨਾਥਨ ਕਮਿਸ਼ਨ ਸਥਾਪਤ ਕੀਤਾ ਅਤੇ ਆਪਣੇ ਚੋਣ ਮੈਨੀਫੈਸਟੋ ਵਿੱਚ ਇਸ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਦਾ ਵਾਅਦਾ ਕੀਤਾ। ਸਰਕਾਰਾਂ ਦੀਆਂ ਕਿਸਾਨ-ਮਜਦੂਰ ਵਿਰੋਧੀ ਨੀਤੀਆਂ ਕਾਰਨ ਹੀ ਕਿਸਾਨ -ਮਜਦੂਰ ਖ਼ੁਦਕਸ਼ੀਆਂ ਕਰਨ ਲਈ ਮਜ਼ਬੂਰ ਹਨ। ਖ਼ੁਦਕੁਸ਼ੀਆਂ ਦਾ ਇਹ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ।
ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਸ਼ੰਭੂ ਅਤੇ ਖਨੌਰੀ ਬਾਰਡਰਾਂ ਉੱਪਰ ਐਸਕੇਐਮ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਸ਼ੁਰੂ ਕੀਤੇ ਮੋਰਚੇ ਨੂੰ ਜ਼ਬਰ ਨਾਲ ਕੁਚਲਿਆ ਜਾ ਰਿਹਾ ਹੈ। ਭਾਕਿਯੂ ਏਕਤਾ (ਡਕੌਂਦਾ) ਅਤੇ ਹੋਰ ਕਿਸਾਨ ਜਥੇਬੰਦੀਆਂ ਮੋਦੀ ਹਕੂਮਤ ਦੇ ਇਸ ਜਾਬਰ ਰਵੱਈਏ ਖ਼ਿਲਾਫ਼ 14 ਫਰਬਰੀ ਤੋਂ ਲਗਾਤਾਰ ਸੰਘਰਸ਼ ਦੇ ਮੈਦਾਨ ਵਿੱਚ ਹਨ।
- ਪੀਆਰਟੀਸੀ ਅਤੇ ਪਨਬੱਸ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ
- ਨਜ਼ਰਬੰਦ ਕਰਨ ਤੋਂ ਬਾਅਦ ਮੀਡੀਆ ਦੇ ਰੂਬਰੂ ਹੋਏ MP ਬਿੱਟੂ, ਕਿਹਾ- ਸਰਕਾਰ ਅਤੇ ਰਾਘਵ ਚੱਢਾ ਡਰੇ, ਮੈਨੂੰ ਅਤੇ ਪਰਿਵਾਰ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ
- ਲੁਧਿਆਣਾ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਆਹਮੋ-ਸਾਹਮਣੇ, ਰਵਨੀਤ ਬਿੱਟੂ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਧੱਕੇਸ਼ਾਹੀ ਦੇ ਲਾਏ ਇਲਜ਼ਾਮ
ਬੁਲਾਰੇ ਆਗੂਆਂ ਬਾਬੂ ਸਿੰਘ ਖੁੱਡੀਕਲਾਂ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਭੋਲਾ ਸਿੰਘ ਛੰਨਾਂ, ਕੁਲਵਿੰਦਰ ਸਿੰਘ ਉੱਪਲੀ, ਕਾਲਾ ਸਿੰਘ ਜੈਦ, ਧੀਰਜ ਸਿੰਘ ਭਦੌੜ, ਜਰਨੈਲ ਸਿੰਘ ਖੁੱਡੀ ਕਲਾਂ, ਸਤਨਾਮ ਸਿੰਘ ਮੂੰਮ, ਸੁਖਦੇਵ ਸਿੰਘ ਕੁਰੜ, ਭਿੰਦਰ ਸਿੰਘ ਮੂੰਮ, ਜੱਗਾ ਸਿੰਘ ਮਹਿਲਕਲਾਂ, ਕੁਲਵੰਤ ਸਿੰਘ ਹੰਢਿਆਇਆ, ਬਲਵੰਤ ਸਿੰਘ ਠੀਕਰੀਵਾਲਾ, ਸਤਨਾਮ ਸਿੰਘ ਬਰਨਾਲਾ, ਬਲੌਰ ਸਿੰਘ ਮੂੰਮ ਆਦਿ ਆਗੂਆਂ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚੋਂ 14 ਮਾਰਚ ਨੂੰ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ-ਮਜਦੂਰ ਮਹਾਂਪੰਚਾਇਤ ਵਿੱਚ ਸ਼ਮੂਲੀਅਤ ਕਰਨਗੇ। ਆਗੂਆਂ ਨੇ ਪੁਲਿਸ ਵੱਲੋਂ ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕਰਨ, ਗ੍ਰਿਫਤਾਰੀਆਂ ਕਰਨ ਅਤੇ ਦਫਤਰ ਨੂੰ ਤਾਲੇ ਲਾਉਣ ਦੀ ਨਿਖੇਧੀ ਕੀਤੀ । ਆਗੂਆਂ ਦੱਸਿਆ ਕਿ ਦਿੱਲੀ ਜਾਣ ਲਈ ਬਰਨਾਲਾ ਜ਼ਿਲ੍ਹੇ ਦੇ ਕਾਫ਼ਲੇ 13 ਮਾਰਚ ਨੂੰ ਧੂਰੀ ਜੰਕਸਨ ਤੋਂ ਬਾਅਦ ਦੁਪਹਿਰ 1.15 ਵਜੇ ਚੱਲਣ ਵਾਲੀ ਰੇਲ ਗੱਡੀ 11058 ਅੰਮ੍ਰਿਤਸਰ - ਮੁੰਬਈ ਰਾਹੀਂ ਰਵਾਨਾ ਹੋਣਗੇ।