ਬਰਨਾਲਾ: ਬਰਨਾਲਾ ਵਿਖੇ ਕਿਸਾਨ ਜੱਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਬੀਕੇਯੂ ਡਕੌਂਦਾ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਮਿਲ ਕੇ ਬਰਨਾਲਾ ਸ਼ਹਿਰ ਵਿੱਚ ਰੋਸ ਮਾਰਚ ਕਰਨ ਤੋਂ ਬਾਅਦ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਰਿਆਣਾ ਪੁਲਿਸ ਵਲੋਂ ਕਿਸਾਨਾਂ ਉਪਰ ਤਸ਼ੱਦਦ ਕਰਨ ਅਤੇ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨਾ ਪੂਰਾ ਕੀਤੇ ਜਾਣ ਦੇ ਰੋੋਸ ਵਜੋਂ ਸੜਕਾਂ ਉਪਰ ਉਤਰ ਕੇ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ।
ਰੋਸ ਮਾਰਚ : ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਬਲੌਰ ਸਿੰਘ ਛੰਨਾ, ਮਨਜੀਤ ਰਾਜ ਅਤੇ ਕਮਲਜੀਤ ਕੌਰ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਤਿੰਨ ਕਿਸਾਨ ਜੱਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਇਕਜੁੱਟ ਹੋ ਕੇ ਸ਼ਹਿਰਾਂ ਵਿੱਚ ਰੋਸ ਮਾਰਚ ਕੱਢ ਕੇ ਡੀਸੀ ਦਫ਼ਤਰਾਂ ਅੱਗੇ ਪ੍ਰਦਰਸ਼ਨ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਪ੍ਰਦਰਸ਼ਨ ਕਿਸਾਨਾਂ ਦੀਆਂ ਮੰਗਾਂ ਅਤੇ ਸਰਕਾਰ ਵਲੋਂ ਕਿਸਾਨਾਂ ਵਲੋਂ ਕੀਤੇ ਗਏ ਤਸ਼ੱਦਦ ਵਿਰੁੱਧ ਹੈ।
ਨੌਜਵਾਨ ਸ਼ਹੀਦ: ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਭਰਾ ਸਾਡੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਜਾ ਰਹੇ ਸਨ, ਜਿਹਨਾਂ ਉਪਰ ਸ਼ੰਭੂ ਅਤੇ ਖਨੌਰੀ ਬਾਰਡਰ ਉਪਰ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਛੱਡਣ ਦੇ ਨਾਲ ਨਾਲ ਸਿੱਧੀਆਂ ਗੋਲੀਆਂ ਮਾਰੀਆਂ ਗਈਆਂ ਹਨ। ਜਿਸ ਨਾਲ ਸਾਡਾ ਇੱਕ ਨੌਜਵਾਨ ਸ਼ਹੀਦ ਵੀ ਹੋਇਆ ਹੈ। ਉਹਨਾਂ ਕਿਹਾ ਕਿ ਸ਼ਾਂਤਮਈ ਤਰੀਕੇ ਪ੍ਰਦਰਸ਼ਨ ਕਰਨ ਦਾ ਹੱਕ ਵੀ ਕੇਂਦਰ ਦੀ ਹਕੂਮਤ ਕਿਸਾਨਾਂ ਤੋਂ ਖੋਹ ਰਹੀ ਹੈ। ਸਰਕਾਰ ਦਾ ਇਹ ਰਵੱਈਆ ਲੋਕਤੰਤਰ ਲਈ ਵੀ ਖ਼ਤਰਾ ਹੈ।
ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ: ਇਸਤੋਂ ਇਲਾਵਾ ਕੇਂਦਰ ਸਰਕਾਰ ਫ਼ਸਲਾਂ ਦੀ ਐਮਐਸਪੀ, ਕਿਸਾਨਾਂ ਉਪਰ ਕੀਤੇ ਪਰਚੇ ਰੱਦ, ਬਿਜਲੀ ਸੋਧ ਬਿੱਲ ਰੱਦ ਕਰਨ, ਲਖੀਮਪੁਰ ਖੀਰੀ ਦੇ ਇਨਸਾਫ਼ ਆਦਿ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ। ਜਿਸ ਕਰਕੇ ਅੱਜ ਦਾ ਰੋਸ ਪ੍ਰਦਰਸ਼ਨ ਕੇਂਦਰ ਸਰਕਾਰ ਵਿਰੁੱਧ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਲੋਕਾਂ ਵਿੱਚ ਨੰਗਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਸਾਡੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਵੇ ਨਹੀਂ ਤਾਂ ਸਾਡਾ ਸੰਘਰਸ਼ ਹੋਰ ਤੇਜ਼ ਅਤੇ ਤਿੱਖਾ ਹੁੰਦਾ ਜਾਵੇਗਾ।