ਮਾਨਸਾ: ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵੱਲੋਂ ਮਾਨਸਾ ਸ਼ਹਿਰ 'ਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਿੱਖ ਸਮਰਥਕਾਂ ਨੂੰ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਸਿੱਖ ਆਗੂਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਜੇਲ੍ਹਾਂ ਦੇ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਅੱਜ ਪੰਜਾਬ ਭਰ ਦੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਵਿਰੋਧ ਪ੍ਰਦਰਸ਼ਨ ਕੀਤੇ ਗਏ।
ਸ਼ਹਿਰ 'ਚ ਰੋਸ ਮਾਰਚ
ਸਿੱਖ ਜਥੇਬੰਦੀਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਾਨਸਾ ਸ਼ਹਿਰ ਦੇ ਵਿੱਚ ਰੋਸ ਮਾਰਚ ਕੀਤਾ । ਇਸ ਦੌਰਾਨ ਰੋਸ ਮਾਰਚ ਨੂੰ ਪੁਲਿਸ ਵੱਲੋਂ ਰੇਲਵੇ ਲਾਈਨਾਂ ਦੇ ਨਜ਼ਦੀਕ ਰੋਕ ਕੇ ਗ੍ਰਿਫ਼ਤਾਰ ਕਰ ਲਿਆ ਗਿਆ । ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਪ੍ਰੋਫੈਸਰ ਮਹਿੰਦਰ ਪਾਲ ਸਿੰਘ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦੇ ਸੰਵਿਧਾਨ ਨੂੰ ਲੈ ਕੇ 26 ਜਨਵਰੀ ਦੇਸ਼ ਭਰ ਦੇ ਵਿੱਚ ਖੁਸ਼ੀ ਮਨਾਈ ਜਾ ਰਹੀ ਹੈ ਪਰ ਦੂਸਰੇ ਪਾਸੇ ਸੰਵਿਧਾਨ ਨੂੰ ਛਿੱਕੇ ਟੰਗ ਕੇ ਲੰਬੇ ਸਮੇਂ ਤੋਂ ਜੇਲ੍ਹਾਂ ਦੇ ਵਿੱਚ ਬੰਦ ਸਿੰਘਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ ਜੋ ਕਿ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ।
ਪ੍ਰਦਰਸ਼ਨ ਜਾਰੀ
ਉਹਨਾਂ ਕਿਹਾ ਕਿ ਅੱਜ ਸਮੂਹ ਸਿੱਖ ਜਥੇਬੰਦੀਆਂ ਨੇ ਇਕੱਠੇ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਪਰ ਸਰਕਾਰ ਸਿੰਘਾਂ ਦੀ ਰਿਹਾਈ ਕਰਨ ਦੀ ਬਜਾਏ ਪ੍ਰਦਰਸ਼ਨ ਕਰਨ ਵਾਲੇ ਸਿੰਘਾਂ ਨੂੰ ਗ੍ਰਿਫਤਾਰ ਕਰ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਬੰਦੀ ਸਿੰਘਾਂ ਦੀ ਰਿਹਾਈ ਸਰਕਾਰ ਵੱਲੋਂ ਜਲਦ ਨਾ ਕੀਤੀ ਗਈ ਤਾਂ ਇਸੇ ਤਰ੍ਹਾਂ ਸਿੱਖ ਸਮਰਥਕਾਂ ਵੱਲੋਂ ਵਿਰੋਧ ਪ੍ਰਦਰਸ਼ਨ ਜਾਰੀ ਰੱਖੇ ਜਾਣਗੇ।