ਲੁਧਿਆਣਾ: ਚੀਮਾ ਚੌਕ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫ਼ਤਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (JE) ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਵਿਜੀਲੈਂਸ ਵਲੋਂ ਕਾਬੂ ਕੀਤਾ ਹੈ। ਇੱਥੇ ਇਹ ਖੁਲਾਸਾ ਕਰਦਿਆਂ ਲੁਧਿਆਣਾ ਵਿਜੀਲੈਂਸ ਬਿਊਰੋ ਦੇ ਐਸਐਸਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਸ਼ਹਿਰ ਦੇ ਸ਼ਿੰਗਾਰ ਰੋਡ ਸਥਿਤ ਰਾਮ ਨਗਰ ਦੇ ਵਸਨੀਕ ਜਸਵਿੰਦਰ ਪਾਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
36 ਹਜ਼ਾਰ ਮੰਗੇ, ਪਰ 15 ਹਜ਼ਾਰ ਵਿੱਚ ਡੀਲ ਕੀਤੀ ...
ਵਿਜੀਲੈਂਸ ਲੁਧਿਆਣਾ ਦੇ ਐਸਐਸਪੀ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਲਜ਼ਾਮ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਉਸ ਦੀ ਚਾਹ ਦੀ ਦੁਕਾਨ ’ਤੇ ਨਵਾਂ ਬਿਜਲੀ ਮੀਟਰ ਲਗਾਉਣ ਲਈ 36000 ਰੁਪਏ ਰਿਸ਼ਵਤ ਮੰਗੀ, ਪਰ ਸੌਦਾ 15000 ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਜੇ.ਈ. ਨੇ ਪਹਿਲੀ ਕਿਸ਼ਤ ਵਜੋਂ 10000 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਸੀ ,ਪਰ ਫਿਰ ਵੀ ਮੀਟਰ ਨਹੀਂ ਲਗਾਇਆ ਗਿਆ ਅਤੇ ਹੁਣ ਉਹ ਬਾਕੀ 5000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਫਿਰ ਵਿਜੀਲੈਂਸ ਬਿਊਰੋ ਨੂੰ ਵਿਛਾਇਆ ਜਾਲ
ਐਸਐਸਪੀ ਨੇ ਕਿਹਾ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਜੇ.ਈ. ਨੂੰ ਉਸਦੇ ਦਫਤਰ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਲੁਧਿਆਣਾ ਰੇਂਜ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੂੰ ਅੱਜ (ਬੁੱਧਵਾਰ) ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।