ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ਨੂੰ ਵਿਰਾਸਤ ਵਿੱਚ ਕਰਜ਼ੇ ਦੀ ਪੰਡ ਮਿਲੀ ਸੀ ਪਰ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਇਨ੍ਹਾਂ ਸੰਕਟਾਂ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕਰੇਗੀ, ਜਿਸ ਲਈ ਪਹਿਲਾਂ ਹੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਦੋ ਸਾਲਾਂ ਦਾ ਬਜਟ ਸੂਬੇ ਵਿੱਚ ਮਾਲੀਆ ਵਿੱਚ ਵਾਧੇ ਸਮੇਤ ਚੰਗੀਆਂ ਗੱਲਾਂ ਨੂੰ ਦਰਸਾਉਂਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ।
ਖੁਸ਼ੀਆਂ ਵਾਲੇ ਸਮਾਗਮ ਦੇਖ: ਮੁੱਖ ਮੰਤਰੀ ਨੇ ਕਿਹਾ, “ਇਤਿਹਾਸ ਵਿੱਚ ਪੰਜਾਬ ਪਹਿਲੀ ਵਾਰ ਇਸ ਤਰ੍ਹਾਂ ਦੇ ਖੁਸ਼ੀਆਂ ਵਾਲੇ ਸਮਾਗਮ ਦੇਖ ਰਿਹਾ ਹੈ। ਇਸ ਤੋਂ ਪਹਿਲਾਂ ਸਮਾਗਮਾਂ ਵਿੱਚ ਸਿਰਫ਼ ਇਕ-ਦੂਜੇ ਉਤੇ ਸਿਆਸੀ ਚਿੱਕੜ ਸੁੱਟਿਆ ਜਾਂਦਾ ਸੀ ਪਰ ਹੁਣ ਅਜਿਹੇ ਸਮਾਗਮਾਂ ਵਿੱਚ ਖੁਸ਼ੀ ਦੇ ਜਸ਼ਨ ਮਨਾਏ ਜਾ ਰਹੇ ਹਨ। ਪਹਿਲੀ ਵਾਰ ਵਪਾਰੀ ਸੂਬੇ ਨੂੰ ਸਫਲਤਾ ਦੇ ਮੁਕਾਮ ਉਤੇ ਲਿਜਾਣ ਲਈ ਫੈਸਲੇ ਲੈਣ ਦਾ ਅਟੁੱਟ ਅੰਗ ਬਣੇ ਹਨ।” ਉਨ੍ਹਾਂ ਕਿਹਾ ਕਿ ਉਦਯੋਗ ਨੂੰ ਬੁਨਿਆਦੀ ਢਾਂਚਾ ਚਾਹੀਦਾ ਹੈ ਅਤੇ ਅਸੀਂ ਨੌਜਵਾਨਾਂ ਲਈ ਨੌਕਰੀਆਂ ਅਤੇ ਸੂਬੇ ਦੀ ਤਰੱਕੀ ਲਈ ਟੈਕਸ ਚਾਹੁੰਦੇ ਹਾਂ। ਭਗਵੰਤ ਮਾਨ ਨੇ ਕਿਹਾ ਕਿ ਇਹ ਸਰਕਲ ਸੂਬਾ ਸਰਕਾਰ ਦੀ ਉਦਯੋਗਿਕ ਨੀਤੀ ਦਾ ਆਧਾਰ ਹੈ, ਜਿਸ ਕਾਰਨ ਉਹ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ।
ਕਾਰੋਬਾਰ ਵਿੱਚ ਜਬਰੀ ਹਿੱਸਾ: ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੂਬੇ ਦੇ ਲੋਕ ਸਫਲ ਹੋਣ ਤੋਂ ਖੌਫ਼ ਖਾਂਦੇ ਸਨ ਕਿਉਂਕਿ ਸਿਆਸੀ ਲੀਡਰ ਉਨ੍ਹਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ ਪਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਇਨ੍ਹਾਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਮਾਨ ਨੇ ਕਿਹਾ ਕਿ ਹੁਣ ਸੂਬੇ ਵਿੱਚ ਆਮ ਲੋਕਾਂ ਦੀ ਸਰਕਾਰ ਹੈ ਜੋ ਹਰ ਵਿਅਕਤੀ ਨੂੰ ਜ਼ਿੰਦਗੀ ਵਿੱਚ ਕਾਮਯਾਬ ਹੋਣ ਦਾ ਮੌਕਾ ਦੇ ਰਹੀ ਹੈ।
ਈ-ਬੱਸ ਸੇਵਾ : ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਸ਼ੁਰੂ ਕੀਤੀ ਗਈ ਈ-ਬੱਸ ਸੇਵਾ ਸ਼ਹਿਰ ਵਿੱਚ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਬੱਸਾਂ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਤੋਂ ਚੱਲਣਗੀਆਂ ਅਤੇ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਵਪਾਰ ਅਤੇ ਕਾਰੋਬਾਰ ਨੂੰ ਹੁਲਾਰਾ ਦੇ ਕੇ ਸ਼ਹਿਰ ਵਿੱਚ ਬੇਮਿਸਾਲ ਵਿਕਾਸ ਅਤੇ ਖੁਸ਼ਹਾਲੀ ਦਾ ਰਾਹ ਪੱਧਰਾ ਹੋਵੇਗਾ।