ਪਟਿਆਲਾ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਆਏ ਐਚਐਮਪੀਵੀ ਵਾਇਰਸ ਤੋਂ ਕਿਸੇ ਵੀ ਤਰ੍ਹਾਂ ਨਾ ਘਬਰਾਉਣ। ਸਿਹਤ ਮੰਤਰੀ ਨੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿੱਚ ਇਸ ਵਾਇਰਸ ਤੋਂ ਪੀੜਤ ਵਿਅਕਤੀਆਂ ਦੇ ਇਲਾਜ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਇਸ ਵਾਇਰਸ ਦੀ ਟੈਸਟਿੰਗ ਸਹੂਲਤ ਰਜਿੰਦਰਾ ਹਸਪਤਾਲ ਸਮੇਤ ਪੂਰੇ ਪੰਜਾਬ 'ਚ ਉਪਲਬੱਧ ਹੈ ਅਤੇ ਇੱਥੇ ਲਾਇਫ ਸਪੋਰਟ ਐਮਰਜੈਂਸੀ ਸਵਾਇਨ ਫਲੂ ਵਾਰਡ ਵਿੱਚ 20 ਬੈਡ ਅਤੇ 5 ਨੰਬਰ ਵਾਰਡ 'ਚ 30 ਬੈੱਡਾਂ ਸਮੇਤ 20 ਵੈਂਟੀਲੇਟਰ ਤਿਆਰ ਹਨ।
‘HMPV ਵਾਇਰਸ ਤੋਂ ਡਰਨ ਦੀ ਲੋੜ ਨਹੀਂ’
ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਐਚਐਮਪੀਵੀ, ਕੋਰੋਨਾ ਵਰਗਾ ਵਾਇਰਸ ਨਹੀਂ ਹੈ। ਇਸ ਲਈ ਇਸ ਤੋਂ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆਉਣ ਦੀ ਲੋੜ ਨਹੀਂ ਹੈ, ਸਗੋਂ ਇਹ ਇੱਕ ਆਮ ਫਲੂ ਵਰਗਾ ਵਾਇਰਸ ਹੈ। ਇਹ ਮਾਮੂਲੀ ਜਿਹਾ ਬੁਖ਼ਾਰ ਅਤੇ ਖਾਂਸੀ ਜੁਕਾਮ ਕਰਦਾ ਹੈ, ਜੋ ਕਿ ਇੱਕ ਹਫ਼ਤੇ 'ਚ ਆਪਣੇ ਆਪ ਹੀ ਠੀਕ ਹੋ ਜਾਂਦਾ ਹੈ ਅਤੇ ਇਸ 'ਚ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਇਸ ਵਾਇਰਸ ਦੇ ਇਲਾਜ ਲਈ ਸਾਰੇ ਪੰਜਾਬ ਵਿੱਚ ਤਿਆਰੀਆਂ ਕੀਤੀਆਂ ਹੋਈਆਂ ਹਨ।
‘ਪੰਜਾਬ 'ਚ ਇਸ ਵਾਇਰਸ ਦਾ ਕੋਈ ਕੇਸ ਨਹੀਂ’
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ 'ਚ ਇਸ ਵਾਇਰਸ ਦਾ ਕੋਈ ਕੇਸ ਨਹੀਂ ਆਇਆ, ਦੱਖਣੀ ਭਾਰਤ 'ਚ ਕੋਈ ਕੇਸ ਆਇਆ ਹੈ। ਇਸ ਦੇ ਬਾਵਜੂਦ ਭਾਰਤ ਸਰਕਾਰ, ਕੇਂਦਰੀ ਸਿਹਤ ਮੰਤਰਾਲੇ ਅਤੇ ਵਿਸ਼ਵ ਸਿਹਤ ਸੰਸਥਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰਲੋਜੀ ਨਾਲ ਰਾਬਤਾ ਕੀਤਾ ਗਿਆ ਹੈ ਅਤੇ ਸੂਬੇ ਦੇ ਸਾਰੇ ਸਿਵਲ ਸਰਜਨਾਂ ਨਾਲ ਵੀਡੀਓਕਾਨਫਰੰਸਿੰਗ ਕਰਕੇ ਲੋੜੀਂਦੇ ਦਿਸ਼ਾ ਨਿਰਦੇਸ਼ ਦੇ ਦਿੱਤੇ ਗਏ ਹਨ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਅਤੇ ਉਹ ਖ਼ੁਦ ਸਵੇਰੇ-ਸ਼ਾਮ ਸਿਹਤ ਅਧਿਕਾਰੀਆਂ ਨਾਲ ਰਾਬਤਾ ਬਣਾ ਰਹੇ ਹਨ।
ਸਿਹਤ ਮੰਤਰੀ ਦੀ ਲੋਕਾਂ ਨੂੰ ਅਪੀਲ
ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੇ ਵਹਿਮ ਭਰਮ ਵਿੱਚ ਨਾ ਪੈਣ, ਨਾ ਹੀ ਕਿਸੇ ਅਫ਼ਵਾਹ 'ਤੇ ਯਕੀਨ ਕਰਨ ਅਤੇ ਨਾ ਹੀ ਭਰਮ ਭੁਲੇਖੇ ਅੱਗੇ ਫੈਲਾਉਣ, ਪਰ ਸਾਵਧਾਨੀ ਜ਼ਰੂਰ ਵਰਤੀ ਜਾਵੇ। ਸਿਹਤ ਮੰਤਰੀ ਨੇ ਕਿਹਾ ਕਿ ਇੱਕ ਸਾਲ ਤੋਂ ਘੱਟ ਉਮਰ ਦੇ ਬੱਚਿਆਂ, ਬਜ਼ੁਰਗਾਂ ਅਤੇ ਗੰਭੀਰ ਬਿਮਾਰੀਆਂ ਵਾਲਿਆਂ ਨੂੰ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ ਅਤੇ ਭੀੜ ਵਾਲੀਆਂ ਥਾਵਾਂ 'ਚ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜੇਕਰ ਕਿਸੇ ਨੂੰ ਜੁਕਾਮ ਹੈ ਤਾਂ ਉਹ ਨੱਕ ਮੂੰਹ ਢੱਕ ਕੇ ਰੱਖੇ ਅਤੇ ਹੱਥ ਧੋਹ ਕੇ ਹੀ ਨੱਕ ਨੂੰ ਲਗਾਵੇ।