ਚੰਡੀਗੜ੍ਹ: ਬੱਚੇ ਹੋਣ ਜਾਂ ਜਵਾਨ ਛੁੱਟੀਆਂ ਦਾ ਚਾਅ ਕਿਸ ਨੂੰ ਨਹੀਂ ਹੁੰਦਾ, ਹੁਣ ਇੱਕ ਵਾਰ ਬੱਚਿਆਂ ਦੀਆਂ ਮੌਜਾਂ ਲੱਗਣ ਵਾਲੀਆਂ ਨੇ ਕਿਉਂਕਿ ਛੁੱਟੀਆਂ ਦਾ ਸਭ ਤੋਂ ਜਿਆਦਾ ਇੰਤਜ਼ਾਰ ਬੱਚਿਆਂ ਨੂੰ ਹੀ ਹੁੰਦਾ ਹੈ। ਹੁਣ ਪੰਜਾਬ ਸਰਕਾਰ ਨੇ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਵੱਡਾ ਫ਼ੈਸਲਾ ਲਿਆ ਹੈ। ਇਸ ਵਾਰ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤਕ ਹੋਣਗੀਆਂ। ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਉਕਤ ਹੁਕਮ ਮੁਤਾਬਿਕ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ 'ਤੇ ਲਾਗੂ ਹੋਣਗੇ।
ਨਿਯਮਾਂ ਦੀ ਉਲੰਘਣਾ ਹੋਣ 'ਤੇ ਹੋਵੇਗੀ ਕਾਰਵਾਈ
ਇਸ ਦੇ ਨਾਲ ਹੀ ਜਾਰੀ ਹੁਕਮਾਂ ਵਿਚ ਸਪਸ਼ਟ ਲਿਖਿਆ ਹੈ ਕਿ ਉਕਤ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਵਿਚ ਲਗਪਗ 12,000 ਤੋਂ 13,000 ਸਰਕਾਰੀ ਸਕੂਲ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਮਾਨਤਾ ਪ੍ਰਾਪਤ ਹਨ। ਇਹਨਾਂ ਵਿਚ ਰਾਜ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਵੰਡੇ ਪ੍ਰਾਇਮਰੀ, ਮਿਡਲ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ। ਇਸ ਦੇ ਇਲਾਵਾ ਅੱਠ ਹਜ਼ਾਰ ਦੇ ਕਰੀਬ ਪ੍ਰਾਈਵੇਟ ਸਕੂਲ ਹਨ, ਜਿਨ੍ਹਾਂ 'ਚ ਤਕਰੀਬਨ 35 ਲੱਖ ਵਿਦਿਆਰਥੀ ਪੜਦੇ ਹਨ।
ਮੌਸਮ 'ਚ ਹੋਵੇਗਾ ਬਦਲਾਅ
ਕਾਬਲੇਜ਼ਿਕਰ ਹੈ ਕਿ ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਪੱਛਮੀ ਗੜਬੜੀ ਦੇ ਪੱਛਮੀ ਹਿਮਾਲੀਅਨ ਖੇਤਰ ਅਤੇ ਉੱਤਰ-ਪੱਛਮੀ ਭਾਰਤ ਦੇ ਆਲੇ-ਦੁਆਲੇ ਦੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ ਅਤੇ ਇਸ ਤੋਂ ਬਾਅਦ ਅਗਲੇ 48 ਘੰਟਿਆਂ ਦੌਰਾਨ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ। ਮੌਸਮ ਵਿਭਾਗ ਮੁਤਾਬਕ 10 ਦਸੰਬਰ ਤੱਕ ਉੱਚੇ ਇਲਾਕਿਆਂ 'ਚ ਬਰਫਬਾਰੀ ਅਤੇ ਮੀਂਹ ਪਵੇਗਾ। ਇਸ ਮਗਰੋਂ ਮੈਦਾਨੀ ਇਲਾਕਿਆਂ ਵਿਚ ਠੰਡ ਹੋਰ ਜ਼ੋਰ ਫੜ ਸਕਦੀ ਹੈ। ਪਹਾੜਾਂ ਵਿਚ ਹੋ ਰਹੀ ਬਰਫਬਾਰੀ ਕਾਰਣ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਸੀ।
ਬੀਤੇ ਦਿਨੀਂ ਵੀ ਤਾਪਮਾਨ ਵਿਚ ਲਗਾਤਾਰ ਗਿਰਾਵਟ ਆਈ। ਪੰਜਾਬ ਦੇ ਤਾਪਮਾਨ ਵਿਚ 1.6 ਡਿਗਰੀ ਤੇ ਚੰਡੀਗੜ੍ਹ ਵਿਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਬੀਤੇ ਰਾਤ ਤੋਂ ਹੀ ਠੰਡੀ ਹਵਾਵਾਂ ਚੱਲ ਰਹੀਆਂ ਹਨ ਅਤੇ ਅੱਜ ਕੜਾਕੇ ਦੀ ਠੰਡ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।