ਚੰਡੀਗੜ੍ਹ: ਪੰਜਾਬ ਵਿੱਚ ਇਸ ਵਾਲ ਮੌਨਸੂਨ ਸੀਜ਼ਨ ਕੁਝ ਖਾਸ ਨਹੀਂ ਰਿਹਾ ਹੈ। ਇਸ ਦੇ ਨਾਲ ਹੀ, ਲੋੜ ਨਾਲੋਂ ਘੱਟ ਮੀਂਹ ਦੀ ਮਾਤਰਾ ਵੀ ਦਰਜ ਕੀਤੀ ਜਾ ਰਹੀ ਹੈ। ਪੰਜਾਬ 'ਚ 25 ਅਗਸਤ ਤੱਕ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ, ਇਸ ਦੌਰਾਨ ਸਿਰਫ਼ ਹਲਕਾ ਮੀਂਹ ਹੀ ਵਰ੍ਹੇਗਾ। 26 ਅਗਸਤ ਤੋਂ ਮਾਨਸੂਨ ਦੇ ਐਕਟਿਵ ਹੋਣ ਦੀ ਸੰਭਾਵਨਾ ਹੈ, ਪਰ ਮੌਸਮ ਵਿਭਾਗ ਨੇ ਇਸ ਸਬੰਧੀ ਅਜੇ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਅੱਜ ਸਵੇਰੇ ਪੰਜਾਬ ਦੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਖ਼ਬਰ ਹੈ। ਕਰੀਬ ਅੱਧਾ ਘੰਟਾ ਚੱਲੀ ਬਰਸਾਤ ਕਾਰਨ ਪਟਿਆਲਾ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ।
ਬੀਤੇ ਦਿਨ ਕਿੱਥ-ਕਿੱਥੇ ਪਿਆ ਮੀਂਹ: ਵੀਰਵਾਰ ਨੂੰ ਪੰਜਾਬ ਦੇ ਫਤਿਹਗੜ੍ਹ ਸਾਹਿਬ ਅਤੇ ਫ਼ਿਰੋਜ਼ਪੁਰ ਵਿੱਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਲੁਧਿਆਣਾ ਵਿੱਚ 2 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਵੀਰਵਾਰ ਨੂੰ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ।
ਅੱਜ 4 ਜ਼ਿਲ੍ਹਿਆਂ ਵਿੱਚ ਜਾਰੀ ਸੀ ਅਲਰਟ, ਪਰ ਮੀਂਹ ਨਹੀਂ ਪਿਆ: ਮੌਸਮ ਵਿਭਾਗ ਵੱਲੋਂ ਸ਼ੁੱਕਰਵਾਰ ਸਵੇਰੇ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਬਰਨਾਲਾ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਰ, ਪਟਿਆਲਾ ਵਿੱਚ ਹੀ ਮੀਂਹ ਪਿਆ। ਬਾਕੀ ਤਿੰਨ ਖੇਤਰਾਂ ਵਿੱਚ ਮੌਸਮ ਸਾਫ਼ ਰਿਹਾ। ਇਹ ਅਲਰਟ ਸਵੇਰੇ 5 ਤੋਂ 7.30 ਵਜੇ ਤੱਕ ਸੀ। ਫਿਲਹਾਲ ਮੌਸਮ ਵਿਭਾਗ ਵੱਲੋਂ ਅੱਜ ਲਈ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ, ਸੰਗਰੂਰ, ਬਰਨਾਲਾ, ਪਟਿਆਲਾ ਤੇ ਲੁਧਿਆਣਾ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
26 ਅਗਸਤ ਨੂੰ ਕਿੱਥੇ-ਕਿੱਥੇ ਮੀਂਹ ਦੀ ਸੰਭਾਵਨਾ: ਮੌਸਮ ਵਿਭਾਗ ਮੁਤਾਬਕ, 26 ਅਗਸਤ ਦਿਨ ਸੋਮਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਜਲੰਧਰ, ਕਪੂਰਥਲਾ ਤੇ ਅੰਮ੍ਰਿਤਸਰ ਵਿੱਚ ਹਲਕੇ ਤੋਂ ਦਰਮਿਆਨੀ ਮੀਂਹ ਪੈਣ ਦਾ ਅਲਰਟ ਹੈ। ਇਸ ਤੋਂ ਇਲਾਵਾ, ਪੰਜਾਬ ਦੇ ਬਾਕੀ ਹਿੱਸਿਆ ਵਿੱਚ ਕੁਝ ਖਾਸ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ।