ਚੰਡੀਗੜ੍ਹ: ਪੰਜਾਬ ਵਿੱਚ ਠੰਡ ਲਗਾਤਾਰ ਵਧ ਰਹੀ ਹੈ, ਉੱਥੇ ਹੀ ਚੰਡੀਗੜ੍ਹ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਇਲਾਵਾ, ਪੰਜਾਬ ਦੇ ਕਈ ਹਿੱਸਿਆ ਵਿੱਚ ਮੀਂਹ ਦਾ ਅਲਰਟ ਵੀ ਹੈ। ਸਾਰੇ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 5 ਤੋਂ 8 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ 8 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਾਕਿਸਤਾਨ-ਅਫਗਾਨਿਸਤਾਨ ਸਰਹੱਦ 'ਤੇ ਪੱਛਮੀ ਡਿਸਟਰਬੈਂਸ ਸਰਗਰਮ ਹੋ ਗਈ ਹੈ।
ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ
ਵੈਸਟਰਨ ਡਿਸਟਰਬੈਂਸ ਦਾ ਅਸਰ ਉੱਤਰੀ ਭਾਰਤ ਦੇ ਪਹਾੜੀ ਅਤੇ ਮੈਦਾਨੀ ਇਲਾਕਿਆਂ 'ਚ ਦੇਖਣ ਨੂੰ ਮਿਲੇਗਾ। ਇਸ ਦਾ ਅਸਰ ਕੱਲ੍ਹ ਵੀ ਰਹੇਗਾ। ਇਸ ਕਾਰਨ ਚੰਡੀਗੜ੍ਹ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ. ਨਗਰ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਸਣੇ ਚੰਡੀਗੜ੍ਹ ਵਿੱਚ ਮੀਂਹ ਦਾ ਅਲਰਟ
ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਅੱਜ ਅਬੋਹਰ ਵਿੱਚ ਸਭ ਤੋਂ ਘੱਟ ਤਾਪਮਾਨ 4.1 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ, ਅੱਜ ਅਤੇ ਭਲਕੇ (9 ਦਸੰਬਰ ਨੂੰ) ਸੰਘਣੀ ਧੁੰਦ ਪਵੇਗੀ।
ਅਗਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦਾ ਵਾਧ ਅਤੇ ਇਸ ਤੋਂ ਬਾਅਦ ਅਗਲੇ 48 ਘੰਟਿਆਂ ਵਿੱਚ 2-3 ਡਿਗਰੀ ਸੈਲਸੀਅਸ ਵਿੱਚ ਗਿਰਾਵਟ ਦਰਜ ਹੋਣ ਦੇ ਆਸਾਰ ਹਨ।