ਬਠਿੰਡਾ: ਜਿਵੇਂ-ਜਿਵੇਂ ਦਿੱਲੀ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ, ਇਸ ਦਾ ਅਸਰ ਪੰਜਾਬ ਵਿੱਚ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਦਿੱਲੀ ਵਿਚਲੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਦਿੱਲੀ ਦੀ ਤਰਜ ਉੱਤੇ ਕੰਮ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ ਦਿੱਲੀ ਮਾਡਲ ਨੂੰ ਪੇਸ਼ ਕਰਕੇ ਹੀ ਪੰਜਾਬ ਵਿੱਚ ਸਰਕਾਰ ਬਣਾਈ ਗਈ ਸੀ।
2100 ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਾਨ
ਹੁਣ ਦਿੱਲੀ ਵਿੱਚ ਮੁੜ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਵੋਟਰਾਂ ਨਾਲ ਵੱਖ-ਵੱਖ ਤਰ੍ਹਾਂ ਦੇ ਵਾਅਦੇ ਕੀਤੇ ਜਾ ਰਹੇ ਹਨ। ਪਿਛਲੇ ਦਿਨੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਮੁੜ ਦਿੱਲੀ ਵਿੱਚ ਸਰਕਾਰ ਬਣਨ ਉੱਤੇ ਮਹਿਲਾਵਾਂ ਨੂੰ 2100 ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਭਾਵੇਂ ਇਹ ਐਲਾਨ ਦਿੱਲੀ ਵਿਖੇ ਕੀਤਾ ਗਿਆ ਹੈ ਪਰ ਇਸ ਦੀ ਚਰਚਾ ਪੰਜਾਬ ਵਿੱਚ ਹੋਣੀ ਸ਼ੁਰੂ ਹੋ ਗਈ ਹੈ ਕਿਉਂਕਿ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਕਰੀਬ ਤਿੰਨ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਪੰਜਾਬ ਦੀਆਂ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਰਾਸ਼ੀ ਨਹੀਂ ਦਿੱਤੀ ਗਈ।
ਸਰਕਾਰ ਖ਼ਿਲਾਫ਼ ਰੋਸ
ਵੱਖ-ਵੱਖ ਵਰਗਾਂ ਨਾਲ ਜੁੜੀਆਂ ਮਹਿਲਾਵਾਂ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਬਠਿੰਡਾ ਦੀ ਸੋਨੀਆ ਨਾਇਰ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੀ ਅਜਿਹੇ ਵਾਅਦੇ ਨਜ਼ਰ ਆਉਂਦੇ ਹਨ ਜਦੋਂ ਵਿਧਾਨ ਸਭਾ ਚੋਣਾਂ ਨਜਦੀਕ ਹੁੰਦੀਆਂ ਹਨ। ਪੰਜਾਬ ਵਿੱਚ ਸਰਕਾਰ ਬਣੀ ਨੂੰ ਕਰੀਬ ਤਿੰਨ ਸਾਲ ਹੋਣ ਵਾਲੇ ਹਨ ਪਰ ਹੁਣ ਤੱਕ ਪੰਜਾਬ ਦੀਆਂ ਔਰਤਾਂ ਨੂੰ ਇੱਕ ਵੀ ਰੁਪਿਆ ਸਨਮਾਨ ਰਾਸ਼ੀ ਵਜੋਂ ਨਹੀਂ ਦਿੱਤਾ ਗਿਆ। ਜੇਕਰ ਪਿਛਲੇ ਕਰੀਬ ਤਿੰਨ ਸਾਲਾਂ ਦੀ ਗੱਲ ਕੀਤੀ ਜਾਵੇ ਤਾਂ ਹਰ ਇੱਕ ਮਹਿਲਾ ਦਾ ਸਰਕਾਰ ਵੱਲ ਕਰੀਬ 36000 ਰੁਪਇਆ ਖੜਾ ਹੈ। ਜੇਕਰ ਸਰਕਾਰ ਔਰਤਾਂ ਦਾ ਅਸਲ ਵਿੱਚ ਸਨਮਾਨ ਕਰਨਾ ਚਾਹੁੰਦੀ ਹੈ ਤਾਂ ਪਹਿਲਾਂ ਪਿਛਲਾ ਬਕਾਇਆ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਪਾਵੇ। ਪੰਜਾਬ ਦੇ ਮੌਜੂਦਾ ਹਲਾਤਾਂ ਦੀ ਗੱਲ ਕੀਤੀ ਜਾਵੇ ਤਾਂ ਔਰਤਾਂ ਪ੍ਰਤੀ ਅਪਰਾਧ ਆਏ ਦਿਨ ਵਧ ਰਹੇ ਹਨ। ਆਏ ਦਿਨ ਲੁੱਟ ਖੋਹ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ, ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ।
ਜ਼ਮੀਨੀ ਪੱਧਰ ਉੱਤੇ ਕੰਮ ਕਰਨ ਦੀ ਲੋੜ
ਸਮਾਜ ਸੇਵੀ ਮਮਤਾ ਜੈਨ ਦਾ ਕਹਿਣਾ ਹੈ ਕਿ ਸਰਕਾਰ ਨੂੰ ਲੋਕ ਲੁਭਾਉਣੇ ਵਾਅਦਿਆਂ ਨੂੰ ਛੱਡ ਕੇ ਜ਼ਮੀਨੀ ਪੱਧਰ ਉੱਤੇ ਕੰਮ ਕਰਨ ਦੀ ਲੋੜ ਹੈ ਕਿਉਂਕਿ ਆਮ ਆਦਮੀ ਪਾਰਟੀ ਵੱਲੋਂ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਉਹਨਾਂ ਵਿੱਚੋਂ ਬਹੁਤੇ ਵਾਅਦੇ ਹਾਲੇ ਵੀ ਪੂਰੇ ਨਹੀਂ ਕੀਤੇ ਗਏ। ਪਾਰਟੀ ਦੀ ਆਪਸੀ ਖਿੱਚੋਤਾਣ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਕੰਮ ਕਰਾਉਣ ਲਈ ਸਰਕਾਰੀ ਦਫਤਰਾਂ ਵਿੱਚ ਧੱਕੇ ਖਾਣੇ ਪੈ ਰਹੇ ਹਨ।
ਘਰੇਲੂ ਔਰਤ ਜਸਵਿੰਦਰ ਕੌਰ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਵਾਅਦੇ ਜ਼ਰੂਰ ਕੀਤੇ ਗਏ ਸਨ ਪਰ ਇਹ ਵਾਅਦੇ ਕਰੀਬ ਤਿੰਨ ਸਾਲ ਦਾ ਸਮਾਂ ਬੀਤ ਤੇ ਜਾਣ ਦੇ ਬਾਵਜੂਦ ਪੰਜਾਬ ਵਿੱਚ ਪੂਰੇ ਨਹੀਂ ਕੀਤੇ ਗਏ, ਔਰਤਾਂ ਨੂੰ 1000 ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਸੀ, ਹੁਣ ਇਹੀ ਐਲਾਨ ਵਧਾ ਕੇ 2100 ਦਿੱਲੀ ਦੀਆਂ ਮਹਿਲਾ ਵੋਟਰਾਂ ਲਈ ਕੀਤਾ ਗਿਆ ਹੈ ਪਰ ਇਹ ਐਲਾਨ ਐਲਾਨ ਹੀ ਰਹਿ ਗਏ ਹਨ। ਇਹਨਾਂ ਐਲਾਨਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਔਰਤ ਵਰਗ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਰੋਸ ਵੱਧਦਾ ਜਾ ਰਿਹਾ ਹੈ। ਜੇਕਰ ਸਰਕਾਰ ਬਣਾਉਣ ਲਈ ਅਜਿਹੇ ਵਾਅਦੇ ਕਰਕੇ ਵਫਾ ਨਹੀਂ ਕੀਤੇ ਜਾਣੇ ਤਾਂ ਅਜਿਹੇ ਵਾਅਦੇ ਨਹੀਂ ਕੀਤੇ ਜਾਣੇ ਚਾਹੀਦੇ।