ਲੁਧਿਆਣਾ: ਜ਼ਿਲ੍ਹੇ ਦੇ ਇੱਕ ਕਾਰੋਬਾਰੀ ਤੋਂ 30 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਰਾਜੀਵ ਰਾਜਾ ਨੂੰ ਲੁਧਿਆਣਾ ਕੋਰਟ ਵਿੱਚ ਪੇਸ਼ ਕੀਤਾ ਗਿਆ। ਕੋਰਟ ਨੇ ਰਾਜੀਵ ਰਾਜਾ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਰਾਜੀਵ ਰਾਜਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਹਨ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।
30 ਲੱਖ ਦੀ ਮੰਗੀ ਸੀ ਫਿਰੌਤੀ
ਮਾਮਲੇ ਸਬੰਧੀ ਏਡੀਸੀਪੀ ਰਮਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਅਸੀਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਨ੍ਹਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਅਸੀਂ ਇੱਕ ਹੋਰ ਮੁਲਜ਼ਮ ਰਾਜੀਵ ਰਾਜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੇ ਇੱਕ ਕਾਰੋਬਾਰੀ ਤੋਂ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ, ਜਿਸ ਸਬੰਧੀ ਸਾਨੂੰ ਸ਼ਿਕਾਇਤ ਮਿਲੀ ਸੀ।
ਪਰਿਵਾਰ ਨੇ ਨਕਾਰੇ ਇਲਜ਼ਾਮ
ਰਾਜੀਵ ਰਾਜਾ ਦੇ ਭਰਾ ਦਾ ਕਹਿਣਾ ਹੈ ਕਿ,' ਸਾਨੂੰ ਬਿਨਾਂ ਗੱਲ ਤੋਂ ਇਸ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ। ਮੇਰੇ ਭਰਾ ਦਾ ਕੋਈ ਕਸੂਰ ਨਹੀਂ ਹੈ, ਪੁਲਿਸ ਨੇ ਸਾਨੂੰ ਇਹ ਵੀ ਨਹੀਂ ਦੱਸਿਆ ਕਿ ਉਹ ਮੇਰੇ ਭਰਾ ਨੂੰ ਗ੍ਰਿਫ਼ਤਾਰ ਕਰਕੇ ਕਿਸ ਥਾਣੇ ਵਿੱਚ ਲੈ ਕੇ ਗਏ ਹਨ। ਪੁਲਿਸ ਕੋਲ ਇਸ ਸਬੰਧੀ ਕੋਈ ਸਬੂਤ ਵੀ ਨਹੀਂ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ। ਪਰਿਵਾਰ ਦਾ ਕਹਿਣਾ ਹੈ ਕਿ ਇਹ ਸਿਰਫ਼ ਸਿਆਸੀ ਬਦਲਾਖੋਰੀ ਦੀ ਨੀਤੀ ਤਹਿਤ ਕੀਤਾ ਜਾ ਰਿਹਾ ਹੈ ਕਿਉਂਕਿ ਰਾਜੀਵ ਰਾਜਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਹੁਤ ਕਰੀਬੀ ਹਨ।'
ਬਿੱਟੂ ਦਾ ਬਿਆਨ ਵੀ ਆਇਆ ਸੀ ਸਾਹਮਣੇ
ਮਾਮਲੇ ਸਬੰਧੀ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਵੀ ਬਿਆਨ ਦਿੰਦੇ ਹੋਏ ਕਿਹਾ ਸੀ ਕਿ ਇਹ ਸਿਰਫ਼ ਸਿਆਸੀ ਬਦਲਾਖੋਰੀ ਤਹਿਤ ਕੀਤਾ ਜਾ ਰਿਹਾ ਹੈ ਕਿਉਂਕਿ ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ ਸ਼ਰਮਨਾਕ ਹਾਰ ਹੋਈ ਹੈ। ਬਿੱਟੂ ਨੇ ਕਿਹਾ ਦਿੱਲੀ ਹਾਰ ਤੋਂ ਬਾਅਦ ਮੇਰੇ ਕਰੀਬੀਆਂ ਨੂੰ ਜਾਣ ਬੁਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।