ਬਠਿੰਡਾ: ਤਖਤ ਸ੍ਰੀ ਦਮਦਮਾ ਸਾਹਿਬ ਦੇ ਮੁਅਤਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੀਤੇ ਦਿਨ ਭਾਵੁਕ ਅਪੀਲ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਗੁਰ ਪ੍ਰਤਾਪ ਸਿੰਘ ਵਡਾਲਾ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ ਅਤੇ ਗਗਨਜੀਤ ਸਿੰਘ ਬਰਨਾਲਾ ਮੁਲਾਕਾਤ ਕਰਨ ਪਹੁੰਚੇ।
ਸੋਸ਼ਲ ਮੀਡੀਆ ਉੱਤੇ ਟਰੋਲ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਦੋ ਤਰੀਕ ਨੂੰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਹੁਕਮ ਦਿੱਤਾ ਗਿਆ ਸੀ, ਉਸ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਲਾਗੂ ਕੀਤਾ ਗਿਆ ਪਰ ਅੱਜ ਹਾਲਾਤ ਇਹ ਹਨ ਕਿ ਦੂਸਰੇ ਧੜੇ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਥਾਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਗਾਤਾਰ ਟਾਰਗੇਟ ਕੀਤਾ ਜਾ ਰਿਹਾ ਹੈ ਅਤੇ ਸੋਸ਼ਲ ਮੀਡੀਆ ਉੱਤੇ ਟਰੋਲ ਕੀਤਾ ਜਾ ਰਿਹਾ ਹੈ।
ਪਾਲਣਾ ਕਰਨੀ ਹਰ ਸਿੱਖ ਲਈ ਲਾਜ਼ਮੀ
ਸਿੱਖਾਂ ਲਈ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਸਰਬ ਉੱਚ ਹੈ ਅਤੇ ਇਸ ਦੀ ਪਾਲਣਾ ਕਰਨੀ ਹਰ ਸਿੱਖ ਲਈ ਲਾਜ਼ਮੀ ਹੈ। ਅੱਜ ਜੋ ਲੋਕ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਦੀ ਪਾਲਣਾ ਕਰਨ ਤੋਂ ਮੁਨਕਰ ਹੋ ਰਹੇ ਹਨ, ਉਨ੍ਹਾਂ ਨੂੰ ਸਿੱਖ ਸੰਗਤ ਜਵਾਬ ਦੇਵੇਗੀ ਅਤੇ ਉਹ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਚਟਾਨ ਵਾਂਗ ਖੜੇ ਹਨ। ਇਸ ਸਬੰਧੀ ਬਕਾਇਦਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਵੀਰ ਸਿੰਘ ਨੂੰ ਮੈਮਰੰਡਮ ਦੇਣ ਜਾ ਰਹੇ ਹਨ।
ਮਰਿਆਦਾ ਦਾ ਘਾਣ
ਜਦੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਸਮੁੱਚੇ ਸਿੱਖ ਜਗਤ ਨੂੰ ਹੁਕਮ ਦਿੱਤਾ ਸੀ ਕਿ ਜਥੇਦਾਰਾਂ ਖਿਲਾਫ ਕੋਈ ਵੀ ਜਾਂਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਲਾਵਾ ਹੋਰ ਕੋਈ ਨਹੀਂ ਕਰ ਸਕਦਾ ਤਾਂ ਅੱਜ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਣਅਧਿਕਾਰਤ ਕਮੇਟੀ ਵੱਲੋਂ ਜਾਂਚ ਕਿਉਂ ਕੀਤੀ ਜਾ ਰਹੀ ਹੈ। ਆਖਿਰ ਕਿਉਂ ਸਿੱਖ ਸਿਧਾਂਤਾਂ ਨੂੰ ਛੱਜ ਪਾ ਕੇ ਛੰਡਿਆ ਜਾ ਰਿਹਾ ਹੈ, ਇਹ ਬਹੁਤ ਹੀ ਮੰਦਭਾਗਾ ਹੈ ਕਿ ਸਿੱਖ ਮਰਿਆਦਾਵਾਂ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਇਸ ਘਾਣ ਦਾ ਜਵਾਬ ਆਉਣ ਸਮੇਂ ਵਿੱਚ ਸਮੁੱਚਾ ਸਿੱਖ ਜਗਤ ਦੇਵੇਗਾ।