ਚੰਡੀਗੜ੍ਹ: ਪੰਜਾਬ ਵਿੱਚ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨੇ ਸਰਕਾਰ ਦੀਆਂ ਨੀਤੀਆਂ ਅਤੇ ਇਸ ਦੇ ਪ੍ਰਧਾਨ ਸੁਖਚਰਨ ਸਿੰਘ ਚੰਨੀ ਦੀ ਕਥਿਤ ਗੈਰ-ਕਾਨੂੰਨੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 14 ਜਨਵਰੀ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦੀ ਚਿਤਾਵਨੀ ਦਿੱਤੀ ਹੈ। ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ ਅਤੇ ਵਾਰ-ਵਾਰ ਗੱਲਬਾਤ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਹੈ।
ਯੂਨੀਅਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੂੰ ਧੱਕੇ ਨਾਲ ਫਸਾਇਆ ਗਿਆ, ਜਿਸ ਸਬੰਧੀ ਸਾਡੀ ਸਰਕਾਰ ਨਾਲ ਕਈ ਦੌਰ ਦੀ ਗੱਲਬਾਤ ਹੋਈ, ਪਰ ਅਜੇ ਤੱਕ ਸਾਡੇ ਮਸਲੇ ਹੱਲ ਨਹੀਂ ਹੋਏ ਹਨ। ਸਰਕਾਰ ਨੇ ਜੋ ਜਾਂਚ ਮਾਰਕ ਕੀਤੀ ਹੈ ਉਸ ਦੀ ਕਾਪੀ ਸਾਨੂੰ ਦੇ ਦਿੱਤੀ ਜਾਵੇ, ਇਸ ਲਈ ਅਸੀਂ ਸਰਕਾਰ ਨੂੰ 13 ਜਨਵਰੀ ਤੱਕ ਦਾ ਸਮਾਂ ਦਿੱਤਾ ਹੈ। ਜੇਕਰ ਸਰਕਾਰ ਨੇ ਸਾਡੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਤਾਂ ਅਸੀਂ 14 ਜਨਵਰੀ ਤੋਂ ਹੜਤਾਲ 'ਤੇ ਜਾਵਾਂਗੇ।
ਰਜਿਸਟਰੀਆਂ ਦਾ ਕੰਮ ਹੋਵੇਗਾ ਠੱਪ
ਯੂਨੀਅਨ ਮੈਂਬਰਾਂ ਨੇ ਕਿਹਾ ਕਿ ਇਸ ਹੜਤਾਲ ਕਾਰਨ ਪੰਜਾਬ ਵਿੱਚ ਰਜਿਸਟਰੀਆਂ ਅਤੇ ਜ਼ਮੀਨੀ ਰਿਕਾਰਡ ਨਾਲ ਸਬੰਧਤ ਕੰਮ ਮੁਕੰਮਲ ਤੌਰ ’ਤੇ ਠੱਪ ਹੋ ਸਕਦਾ ਹੈ, ਜਿਸ ਦਾ ਆਮ ਲੋਕਾਂ ਅਤੇ ਕਾਰੋਬਾਰੀ ਕੰਮਾਂ ’ਤੇ ਵੱਡਾ ਅਸਰ ਪੈਣ ਦੀ ਸੰਭਾਵਨਾ ਹੈ। ਮਾਲ ਅਧਿਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨਾ ਸਿਰਫ਼ ਅਧਿਕਾਰੀਆਂ ਦੇ ਹਿੱਤਾਂ ਨਾਲ ਜੁੜੀਆਂ ਹੋਈਆਂ ਹਨ, ਸਗੋਂ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਇਨ੍ਹਾਂ ਮੁੱਦਿਆਂ ਦਾ ਹੱਲ ਵੀ ਜ਼ਰੂਰੀ ਹੈ।
27 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਸੁਖਚਰਨ ਸਿੰਘ ਚੰਨੀ
ਦੱਸ ਦੇਈਏ ਕਿ ਪਿਛਲੇ ਸਾਲ 27 ਨਵੰਬਰ ਨੂੰ ਬਰਨਾਲਾ ਵਿਜੀਲੈਂਸ ਨੇ ਐਸੋਸੀਏਸ਼ਨ ਦੇ ਮੁਖੀ ਚੰਨੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਸੀ। ਸੂਬੇ ਭਰ ਦੇ ਮਾਲ ਅਧਿਕਾਰੀਆਂ ਨੇ 28 ਅਤੇ 29 ਨਵੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਸੀ। ਪਰ ਇਸ ਵਾਰ ਮਾਲ ਅਧਿਕਾਰੀਆਂ ਨੇ ਮਨ ਬਣਾ ਲਿਆ ਹੈ ਕਿ ਜੇਕਰ 2 ਦਿਨਾਂ ਅੰਦਰ ਚੇਅਰਮੈਨ ਸੁਖਚਰਨ ਚੰਨੀ ਖ਼ਿਲਾਫ਼ ਦਰਜ ਕੇਸ ਵਾਪਸ ਨਾ ਲਿਆ ਗਿਆ ਤਾਂ ਪੂਰੇ ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਰਜਿਸਟਰੀ ਬੰਦ ਕਰ ਦਿੱਤੀ ਜਾਵੇਗੀ।