ਫ਼ਰੀਦਕੋਟ/ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਚੱਲਦੇ ਪੰਜਾਬ 'ਚ ਸਿਆਸੀ ਪ੍ਰਚਾਰ ਦੇ ਨਾਲ-ਨਾਲ ਨਾਮਜ਼ਦਗੀਆਂ ਭਰਨ ਦਾ ਦੌਰ ਸ਼ੁਰੂ ਹੋ ਚੁੱਕਿਆ ਹੈ। ਜਿਸ 'ਚ ਕਈ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਭਰੀਆਂ ਜਾ ਚੁੱਕੀਆਂ ਹਨ ਤਾਂ ਕੁਝ ਆਉਣ ਵਾਲੇ ਦਿਨਾਂ 'ਚ ਨਾਮਜ਼ਦਗੀ ਦਾਖ਼ਲ ਕਰਨਗੇ। ਉਥੇ ਹੀ ਕਾਂਗਰਸ ਦੀ ਗੱਲ ਕੀਤੀ ਜਾਵੇ ਤਾਂ ਅੱਜ ਭਾਵ 8 ਮਈ ਨੂੰ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਸੁਖਪਾਲ ਖਹਿਰਾ ਅਤੇ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਆਪਣੀ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਇਸ ਦਿਨ ਭਰਨਗੇ ਕਾਂਗਰਸੀ ਉਮੀਦਵਾਰ ਨਾਮਜ਼ਦਗੀ: ਇਸ ਤੋਂ ਇਲਾਵਾ 9 ਮਈ ਨੂੰ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਇਲਾਵਾ 10 ਮਈ ਦੀ ਗੱਲ ਕੀਤੀ ਜਾਵੇ ਤਾਂ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ, ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਅਤੇ ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਇਲਾਵਾ ਗੁਰਜੀਤ ਸਿੰਘ ਔਜਲਾ 11 ਮਈ ਨੂੰ ਤਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੈ ਇੰਦਰ ਸਿੰਗਲਾ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਜਦਕਿ ਲੁਧਿਆਣਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਦੇ ਨਾਮਜ਼ਦਗੀ ਦਾਖ਼ਲ ਕਰਨ ਦੀ ਤਰੀਕ ਸਾਹਮਣੇ ਨਹੀਂ ਆਈ ਹੈ।
ਫਰੀਦਕੋਟ 'ਚ ਆਜ਼ਾਦ ਉਮੀਦਵਾਰ ਅੱਗੇ: ਉਥੇ ਹੀ ਫ਼ਰੀਦਕੋਟ ਤੋਂ ਗੱਲ ਕੀਤੀ ਜਾਵੇ ਤਾਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਫ਼ਰੀਦਕੋਟ ਲੋਕ ਸਭਾ ਹਲਕੇ ਲਈ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ ਸ਼ੁਰੂ ਹੋਇਆ। ਜਿਸ 'ਚ ਪਹਿਲੇ ਦਿਨ ਇੱਕ ਉਮੀਦਵਾਰ (ਆਜ਼ਾਦ) ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਇੱਕ ਉਮੀਦਵਾਰ ਬਹਾਦਰ ਸਿੰਘ, ਧਰਮਕੋਟ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।
ਪੁਲਿਸ ਤੇ ਪ੍ਰਸ਼ਾਸਨ ਵਲੋਂ ਪ੍ਰਬੰਧ ਮੁਕੰਮਲ: ਇਸ ਮੌਕੇ ਗੱਲਬਾਤ ਕਰਦਿਆਂ ਡੀਐੱਸਪੀ ਫ਼ਰੀਦਕੋਟ ਇਕਬਾਲ ਸਿੰਘ ਨੇ ਦੱਸਿਆ ਕਿ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਦਿਨ ਅੱਜ ਮੋਗੇ ਤੋਂ ਇੱਕ ਆਜ਼ਾਦ ਉਮੀਦਵਾਰ ਨੇ ਪੇਪਰ ਭਰੇ ਹਨ। ਉਹਨਾਂ ਕਿਹਾ ਕਿ ਉਮੀਦਵਾਰ ਦੇ ਨਾਲ ਸਿਰਫ ਪੰਜ ਜਾਣੇ ਹੀ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪ੍ਰਕ੍ਰਿਆ ਨੂੰ ਬਿਹਤਰ ਤਰੀਕੇ ਨਾਲ ਸੰਪੰਨ ਕਰਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਾਰੇ ਇੰਤਜ਼ਾਮ ਕਰ ਲਏ ਗਏ ਸਨ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਇਹ ਪ੍ਰਕ੍ਰਿਆ ਨੂੰ ਪੰਜਾਬ ਪੁਲਿਸ ਦੇ ਸੁਰੱਖਿਆ ਦਸਤਿਆਂ ਦੀ ਮੌਜੂਦਗੀ ਵਿੱਚ ਪੂਰਨ ਰੂਪ ਨਾਲ ਸ਼ਾਂਤਮਈ ਢੰਗ ਨਾਲ ਸ਼ੁਰੂ ਕੀਤਾ ਗਿਆ।