ਚੰਡੀਗੜ੍ਹ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਦਰਾਂ ਉੱਤੇ ਦੇਸ਼ ਭਰ ਦੇ ਕਿਸਾਨ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਡਟਣ ਦੀ ਤਿਆਰੀ ਕਰ ਰਹੇ ਹਨ। ਇਸ ਦਰਮਿਆਨ ਬਹੁਤ ਸਾਰੇ ਕਿਸਾਨਾਂ ਦੇ ਕਾਫਲੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਦਾਖਿਲ ਹੋਕੇ ਅੱਗੇ ਹਰਿਆਣਾ ਵੱਲ ਕੂਚ ਕਰਨ ਦੀ ਤਿਆਰੀ ਵਿੱਚ ਹਨ। ਇਸ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਵਰਗਾ ਮਾਹੌਲ ਵੀ ਬਣ ਸਕਦਾ ਹੈ।
ਸਕੂਲ ਬੰਦ, ਪ੍ਰੀਖਿਆ ਮੁਲਤਵੀ : ਇਸ ਮਾਹੌਲ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਕਈ ਅਹਿਮ ਫੈਸਲੇ ਵੀ ਕੀਤੇ ਹਨ। ਕਿਸਾਨ ਅੰਦੋਲਨ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਕਈ ਸਕੂਲਾਂ ਨੇ ਬੱਚਿਆਂ ਦੀ ਸੁਰੱਖਿਆ ਲਈ ਅੱਜ ਛੁੱਟੀ ਦਾ ਐਲਾਨ ਕੀਤਾ ਹੈ। ਅੱਜ ਹੋਣ ਵਾਲੀਆਂ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਸਕੂਲਾਂ ਵੱਲੋਂ ਮਾਪਿਆਂ ਨੂੰ ਸੰਦੇਸ਼ ਭੇਜੇ ਜਾ ਰਹੇ ਹਨ। ਸਕੂਲਾਂ ਵੱਲੋਂ ਹਦਾਇਤ ਵੀ ਕੀਤੀ ਗਈ ਹੈ ਕਿ ਪ੍ਰਦਰਸ਼ਨ ਦੌਰਾਨ ਮਾਪੇ ਆਪਣੇ ਬੱਚਿਆਂ ਨੂੰ ਸਕੂਲਾਂ ਵਿੱਚ ਨਾ ਭੇਜ ਕੇ ਘਰਾਂ ਵਿੱਚ ਹੀ ਰੱਖਣ ਨੂੰ ਤਰਜੀਹ ਦੇਣ।
ਦਿੱਲੀ ਵੱਲ ਕਿਸਾਨਾਂ ਦੀ ਕੂਚ: ਦੱਸ ਦਈਏ ਕਿਸਾਨ ਜੱਥੇਬੰਦੀਆਂ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨਾਲ ਦੂਜੇ ਦੌਰ ਦੀ ਬੈਠਕ ਤੋਂ ਬਾਅਦ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਇਹ ਮੀਟਿੰਗ ਵੀ ਪਿਛਲੀ ਵਾਰ ਵਾਂਗ ਅਸਫਲ ਰਹੀ ਹੈ। ਕੇਂਦਰ ਸਰਕਾਰ ਆਪਣੀ ਜ਼ਿੱਦ ਉੱਤੇ ਅੜੀ ਹੋਈ ਅਤੇ ਸਮਾਂ ਲੰਘਾ ਰਹੀ ਹੈ। ਅਸੀ ਹੁਣ ਦਿੱਲੀ ਜਾ ਕੇ ਅੰਦੋਲਨ ਕਰਨ ਲਈ ਮਜਬੂਰ ਹਾਂ। ਇਸ ਦੇ ਤਹਿਤ ਮੰਗਲਵਾਰ ਸਵੇਰੇ 10 ਵਜੇ ਕਿਸਾਨਾਂ ਦੇ ਵੱਡੇ ਕਾਫਲੇ ਦਿੱਲੀ ਵੱਲ ਵਧਣਗੇ। ਦੂਜੇ ਪਾਸੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਦਿੱਲੀ ਦੇ ਵਕੀਲ ਨੇ ਸਰਹੱਦ ਨੂੰ ਬੰਦ ਕਰਨ ਅਤੇ ਇੰਟਰਨੈੱਟ 'ਤੇ ਪਾਬੰਦੀ ਨੂੰ ਚੁਣੌਤੀ ਦਿੰਦੇ ਹੋਏ ਇਹ ਪਟੀਸ਼ਨ ਦਾਇਰ ਕੀਤੀ ਹੈ। ਇਸ 'ਤੇ ਹਾਈ ਕੋਰਟ 'ਚ ਅੱਜ ਮੰਗਲਵਾਰ ਨੂੰ ਸੁਣਵਾਈ ਹੋਵੇਗੀ।