ਸ੍ਰੀ ਫ਼ਤਹਿਗੜ੍ਹ ਸਾਹਿਬ: ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਵੱਲੋਂ 13 ਫਰਵਰੀ ਤੋਂ ਹਰਿਆਣਾ ਦੇ ਬਾਰਡਰਾਂ ਦੇ ਉੱਤੇ ਧਰਨੇ ਦਿੱਤੇ ਜਾ ਰਹੇ ਹਨ । ਜਿਸ ਦੇ ਸਬੰਧ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਨਾਲ ਨਾਲ ਉਹਨਾਂ ਦਾ ਹਰ ਵਰਗ ਦੇ ਵੱਲੋਂ ਸਮਰਥਨ ਕੀਤਾ ਜਾ ਰਿਹਾ ਹੈ । ਉੱਥੇ ਹੀ ਇਸ ਸੰਘਰਸ਼ ਦੇ ਦੌਰਾਨ ਇੱਕ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਹੋਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ । ਜਿਸ ਦੇ ਸਬੰਧ ਵਿੱਚ ਐਸਜੀਪੀਸੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਦੇ ਵੱਲੋਂ ਏਡੀਸੀ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਮ ਇੱਕ ਮੰਗ ਪੱਤਰ ਦਿੱਤਾ ਗਿਆ।
ਪੰਜਾਬ ਸਰਕਾਰ ਨੂੰ ਐਕਸ਼ਨ ਵੀ ਲੈਣਾ ਚਾਹੀਦਾ: ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਕਿਸਾਨਾਂ ਦੇ ਨਾਲ ਜੋ ਹਰਿਆਣਾ ਸਰਕਾਰ ਵੱਲੋਂ ਧੱਕਾ ਕੀਤਾ ਜਾ ਰਿਹਾ ਹੈ ਉਹ ਬਹੁਤ ਹੀ ਨਿੰਦਣਯੋਗ ਹੈ। ਜਿਸ ਉੱਤੇ ਪੰਜਾਬ ਸਰਕਾਰ ਨੂੰ ਐਕਸ਼ਨ ਵੀ ਲੈਣਾ ਚਾਹੀਦਾ ਹੈ ਕਿਉਂਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ ਉੱਥੇ ਜਾਣਾ ਹਰ ਇੱਕ ਨੂੰ ਅਧਿਕਾਰ ਹੈ। ਇਸ ਲਈ ਇਹ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਕਾਰਵਾਈ ਦਾ ਉਹ ਸਖਤ ਵਿਰੋਧ ਕਰਦੇ ਹਨ।
ਮਾਮਲੇ ਨੂੰ ਦਬਾਇਆ ਨਾ ਜਾਵੇ: ਉਹਨਾਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਦੇ ਨਾਲ ਹਰਿਆਣਾ ਦੇ ਬਾਰਡਰਾਂ ਉੱਤੇ ਧਰਨੇ ਦੇ ਰਹੇ ਹਨ ਪਰ ਹਰਿਆਣਾ ਪ੍ਰਸ਼ਾਸਨ ਵੱਲੋਂ ਉਹਨਾਂ ਉੱਤੇ ਅੱਥਰੂ ਗੈਸ ਅਤੇ ਗੋਲੀਆਂ ਚਲਾ ਕੇ ਤਸ਼ੱਦਦ ਕੀਤਾ ਜਾ ਰਿਹਾ ਹੈ, ਜਿਸ ਦਾ ਉਹ ਵਿਰੋਧ ਕਰਦੇ ਹਨ। ਉਹਨਾਂ ਨੇ ਕਿਹਾ ਕਿ ਜਿਸ ਪੁਲਿਸ ਅਧਿਕਾਰੀ ਦੀ ਗੋਲੀ ਨਾਲ ਸ਼ੁਭਕਰਨ ਦੀ ਮੌਤ ਹੋਈ ਹੈ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ ਨਾ ਕਿ ਅਣਪਛਾਤੇ ਲੋਕਾਂ ਉੱਤੇ ਮਾਮਲਾ ਦਰਜ ਕਰਕੇ ਇਸ ਮਾਮਲੇ ਨੂੰ ਦਬਾਇਆ ਜਾਵੇ। ਉੱਥੇ ਹੀ ਉਹਨਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਲਿਆ ਕੇ ਪੰਜਾਬ ਸ਼ਿਫਟ ਕੀਤਾ ਜਾਵੇ ਕਿਉਂਕਿ ਉੱਥੇ ਉਹਨਾਂ ਦੇ ਨਾਲ ਤਸ਼ੱਦਦ ਕੀਤਾ ਜਾ ਰਿਹਾ ਹੈ। ਉਹਨਾਂ ਦੀ ਸੀਸੀਟੀਵੀ ਕੈਮਰੇ ਲਗਾਕੇ ਵੀਡੀਓ ਗ੍ਰਾਫੀ ਕੀਤੀ ਜਾ ਰਹੀ ਹੈ ਜੋ ਕਿ ਗਲਤ ਹੈ।