ਅੰਮ੍ਰਿਤਸਰ/ਹੈਦਰਾਬਾਦ ਡੈਸਕ: ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼-ਵਿਦੇਸ਼ ਵਿੱਚ ਬੈਠੀ ਸਿੱਖ ਸੰਗਤ ਯਾਦ ਕਰ ਰਹੀ ਹੈ। ਅੱਜ ਦੇ ਦਿਨ ਸ੍ਰੀ ਹਰਿਮੰਦਰ ਸਾਹਿਬ ਸਣੇ ਦੇਸ਼-ਵਿਦੇਸ਼ਾਂ ਦੇ ਹਰ ਗੁਰੂ ਘਰ ਵਿੱਚ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ ਅਤੇ ਪ੍ਰਚਾਰਕਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦਾ ਇਤਿਹਾਸ ਸੁਣਾਇਆ ਜਾਵੇਗਾ।
ਅੱਜ ਇਸ ਅਹਿਮ ਦਿਹਾੜੇ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਇਤਿਹਾਸ ਉੱਤੇ ਇਕ ਝਾਤ ਮਾਰੀਏ -
'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ
ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਹਿੰਦ ਦੀ ਚਾਦਰ ਕਹਿ ਕੇ ਯਾਦ ਕੀਤਾ ਜਾਂਦਾ ਹੈ। ਗੁਰੂ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਸੀਸ ਬਲਿਦਾਲ ਕੀਤਾ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗ੍ਰਹਿ ਮਾਤਾ ਨਾਨਕੀ ਜੀ ਦੀ ਕੁੱਖੋਂ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਇਆ। ਗੁਰੂ ਤੇਗ ਬਹਾਦਰ ਜੀ ਦਾ ਵਿਆਹ ਜਲੰਧਰ ਨੇੜੇ ਪੈਂਦੇ ਨਗਰ ਕਰਤਾਰਪੁਰ ਸਾਹਿਬ ਦੇ ਵਾਸੀ ਲਾਲ ਚੰਦ ਦੀ ਪੁੱਤਰੀ ਗੁਜਰੀ ਜੀ ਨਾਲ ਹੋਈ। ਜਦੋਂ ਗੁਰੂ ਹਰਿਗੋਬਿੰਦ ਸਾਹਿਬ ਜੋਤੀ ਜੋਤ ਸਮਾ ਗਏ ਸਾ, ਤਾਂ ਗੁਰੂ ਤੇਗ ਬਹਾਦਰ ਜੀ ਮਾਤਾ ਨਾਨਕੀ ਜੀ ਅਤੇ ਆਪਣੀ ਪਤਨੀ ਮਾਤਾ ਗੁਜਰੀ ਜੀ ਨੂੰ ਨਾਲ ਲੈ ਕੇ ਬਾਬਾ ਬਕਾਲਾ ਵਿਖੇ ਰਹਿਣ ਚਲੇ ਗਏ।
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਬਾਅਦ ਗੁਰਗੱਦੀ ਗੁਰੂ ਹਰਿਰਾਏ ਜੀ ਨੂੰ ਮਿਲੀ, ਜੋ ਕਿ ਗੁਰੂ ਹਰਿਗੋਬਿੰਦ ਸਾਹਿਬ ਦੇ ਪੋਤਰੇ ਅਤੇ ਗੁਰੂ ਤੇਗ ਬਹਾਦਰ ਜੀ ਦੇ ਭਤੀਜੇ ਲਗਦੇ ਸਨ। ਗੁਰੂ ਹਰਿਰਾਏ ਜੀ ਤੋਂ ਬਾਅਦ ਗੁਰੂ ਹਰਿਕ੍ਰਿਸ਼ਨ ਸਾਹਿਬ ਗੁਰਗੱਦੀ ’ਤੇ ਬੈਠੇ, ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪੋਤੇ ਲਗਦੇ ਸੀ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਦਿੱਲੀ ਵਿਖੇ ਜੋਤੀ ਜੋਤ ਸਮਾਉਣ ਮੌਕੇ ਗੱਦੀ ਦੇ ਅਗਲੇ ਵਾਰਿਸ ਵਜੋਂ ਬਾਬਾ ਬਕਾਲੇ ਦਾ ਸੰਕੇਤ ਦਿੱਤਾ ਸੀ ਜਿਸ ਕਰਕੇ ਭਾਈ ਮੱਖਣ ਸ਼ਾਹ ਲੁਬਾਣਾ ਨੇ ਗੁਰੂ ਜੀ ਨੂੰ ਪ੍ਰਗਟ ਕੀਤਾ। ਇਸ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਬਣੇ।
ਪੰਜਾਬ ਤੋਂ ਲੈ ਕੇ ਢਾਕਾ ਤੱਕ ਪ੍ਰਚਾਰ
ਧਰਮ ਦਾ ਪ੍ਰਚਾਰ ਕਰਨ ਲਈ ਪੰਜਾਬ ਦੇ ਮਾਲਵਾ ਇਲਾਕੇ ਅਤੇ ਅਸਾਮ ਤੇ ਢਾਕਾ ਵੱਲ ਦੇ ਇਲਾਕਿਆਂ ਦੀ ਯਾਤਰਾ ਕੀਤੀ ਤੇ ਕਾਫੀ ਸਮਾਂ ਬਿਹਾਰ ਵਿਚ ਪਟਨਾ ਸਾਹਿਬ ਵਿਖੇ ਵੀ ਰਹੇ। ਇਥੇ ਹੀ ਆਪ ਜੀ ਦੇ ਘਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ (ਜਨਮ) ਹੋਇਆ।
ਕਿਉ ਦੇਣਾ ਪਿਆ ਸੀਸ ਬਲਿਦਾਨ ?
ਇਹ ਉਹ ਸਮਾਂ ਸੀ ਜਦੋਂ ਔਰੰਗਜ਼ੇਬ ਦੇ ਹਿੰਦੂਆਂ ’ਤੇ ਜ਼ੁਲਮ ਬਹੁਤ ਜ਼ਿਆਦਾ ਵਧ ਰਹੇ ਸੀ। ਉਹ ਹਿੰਦੂਆਂ ਨੂੰ ਤਲਵਾਰ ਦੇ ਜ਼ੋਰ ਨਾਲ ਧਰਮ ਪਰਿਵਰਤਨ ਕਰਨ ਲਈ ਮਜ਼ਬੂਰ ਕਰਦਾ। ਕਸ਼ਮੀਰ ਵਿੱਚ ਹਿੰਦੂਆਂ ’ਤੇ ਔਰੰਗਜ਼ੇਬ ਦੇ ਪ੍ਰਤੀਨਿਧੀ ਸ਼ੇਰ ਅਫ਼ਗਾਨ ਖ਼ਾਨ ਨੇ ਬਹੁਤ ਜ਼ੁਲਮ ਢਾਹੇ। ਹਜ਼ਾਰਾਂ ਦੀ ਗਿਣਤੀ ਵਿਚ ਹਿੰਦੂਆਂ ਨੂੰ ਕਤਲ ਕਰ ਦਿੱਤਾ ਗਿਆ। ਮੰਦਰ ਢਾਹ ਦਿੱਤੇ ਗਏ ਤੇ ਗਊਆਂ ਨੂੰ ਕਤਲ ਕਰਵਾਕੇ ਉਨ੍ਹਾਂ ਦਾ ਮਾਸ ਖੂਹਾਂ ਵਿਚ ਸੁੱਟਵਾਇਆ ਗਿਆ। ਹੋਰ ਅਨੇਕਾਂ ਤਰ੍ਹਾਂ ਦੇ ਅਤਿਆਚਾਰ ਹਿੰਦੂਆਂ ’ਤੇ ਹੋਏ, ਤਾਂ ਪੰਡਿਤ ਕਿਰਪਾ ਰਾਮ ਦੀ ਅਗਵਾਈ ਵਿੱਚ ਕਸ਼ਮੀਰੀ ਪੰਡਿਤਾਂ ਦਾ ਇਕ ਵਫ਼ਦ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚਿਆ ਅਤੇ ਆਪਣੇ ਧਰਮ ਦੀ ਰਾਖੀ ਕਰਨ ਦੀ ਬੇਨਤੀ ਕੀਤੀ।
ਔਰੰਗਜ਼ੇਬ ਨੂੰ ਲਲਕਾਰ
ਗੁਰੂ ਜੀ ਨੇ ਕਸ਼ਮੀਰੀ ਪੰਡਿਤਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਔਰੰਗਜ਼ੇਬ ਨੂੰ ਜਾ ਕੇ ਕਹਿ ਦੇਣ ਕਿ ਜੇਕਰ ਉਹ ਗੁਰੂ ਤੇਗ ਬਹਾਦਰ ਜੀ ਨੂੰ ਮੁਸਲਮਾਨ ਬਣਾ ਲੈਂਦਾ ਹੈ, ਤਾਂ ਸਾਰੇ ਹੀ ਹਿੰਦੂ ਖੁਸ਼ੀ-ਖੁਸ਼ੀ ਆਪਣਾ ਧਰਮ ਪਰਿਵਰਤਨ ਕਰ ਲੈਣਗੇ, ਇਸ ਲਈ ਬੇਦੋਸ਼ਿਆਂ ਦਾ ਲਹੂ ਨਾਲ ਡੋਲਿਆ ਜਾਵੇ। ਸ੍ਰੀ ਗੁਰੂ ਤੇਗ ਬਹਾਦਰ ਜੀ ਗੁਰਗੱਦੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸੌਂਪ ਕੇ ਆਪ ਸ਼ਹੀਦੀ ਪ੍ਰਾਪਤ ਕਰਨ ਲਈ ਦਿੱਲੀ ਵੱਲ ਚਲੇ ਗਏ। ਗੁਰੂ ਜੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਨਾਲ ਆਏ ਸਿੱਖਾਂ ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਚੀਰਿਆ ਗਿਆ, ਭਾਈ ਸਤੀ ਦਾਸ ਜੀ ਨੂੰ ਰੂੰ ਵਿਚ ਲਪੇਟ ਕੇ ਸਾੜਿਆ ਗਿਆ ਅਤੇ ਭਾਈ ਦਿਆਲਾ ਜੀ ਨੂੰ ਉਬਲਦੇ ਪਾਣੀ ਵਿਚ ਉਬਾਲ ਕੇ ਸ਼ਹੀਦ ਕਰ ਦਿੱਤਾ ਗਿਆ।
ਇਹ ਸਭ ਗੁਰੂ ਜੀ ਨੂੰ ਡਰਾਉਣ ਲਈ ਕੀਤਾ ਗਿਆ, ਪਰ ਗੁਰੂ ਜੀ ਨਿਰਭੈ ਸਨ। ਅਖ਼ੀਰ ਔਰੰਗਜ਼ੇਬ ਨੇ ਜਦੋਂ ਪੂਰਾ ਜ਼ੋਰ ਲਾਇਆ ਕਿ ਗੁਰੂ ਜੀ ਧਰਮ ਪਰਿਵਰਤਨ ਕਰ ਲੈਣ, ਪਰ ਗੁਰੂ ਜੀ ਨਾ ਮੰਨੇ ਤਾਂ ਉਸ ਨੇ ਗੁਰੂ ਜੀ ਨੂੰ ਸ਼ਹੀਦ ਕਰਵਾ ਦਿੱਤਾ। ਦਿੱਲੀ ਦੇ ਚਾਂਦਨੀ ਚੌਂਕ ਵਿਚ ਜਿਸ ਥਾਂ ’ਤੇ ਗੁਰਦੁਆਰਾ ਸੀਸਗੰਜ ਸਾਹਿਬ ਬਣਿਆ ਹੋਇਆ ਹੈ ਉਥੇ ਗੁਰੂ ਜੀ ਨੂੰ ਸ਼ਹੀਦ ਕੀਤਾ ਗਿਆ।
ਸ਼ਹੀਦੀ ਦਿਹਾੜੇ ਸਬੰਧੀ ਸਜਾਇਆ ਗਿਆ ਨਗਰ ਕੀਰਤਨ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ।
ਨਗਰ ਕੀਰਤਨ ਦੀ ਆਰੰਭਤਾ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ 'ਚੋਂ ਹੁੰਦਾ ਹੋਇਆ ਸ਼ਕ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ। ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਵੀ ਹਾਜ਼ਰ ਰਹੀਆਂ।