ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਵਿੱਚ ਵੱਡਾ ਫੈਸਲਾ ਕਰਦਿਆਂ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਕੀਤੀ ਜਾ ਰਹੀ ਹੈ। ਸੁਖਬੀਰ ਸਿੰਘ ਬਾਦਲ ਵੱਲੋਂ 16 ਨਵੰਬਰ 2024 ਨੂੰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ।
ਕਾਰਜਕਾਲ ਹੋ ਚੁੱਕਿਆ ਸੀ ਖ਼ਤਮ
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਪ੍ਰਧਾਨ ਦੀ ਸੇਵਾ ਨਿਭਾਉਣ ਲਈ ਧੰਨਵਾਦ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਜਦੋਂ ਤੱਕ ਨਵਾਂ ਪ੍ਰਧਾਨ ਨਹੀਂ ਚੁਣਿਆ ਜਾਂਦਾ, ਉਸ ਸਮੇਂ ਤੱਕ ਬਲਵਿੰਦਰ ਸਿੰਘ ਭੂੰਦੜ ਹੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਰਹਿਣਗੇ। ਪ੍ਰਧਾਨਗੀ ਦੇ ਅਹੁਦੇ ਤੋਂ ਸੁਖਬੀਰ ਬਾਦਲ ਪਹਿਲਾਂ ਹੀ ਆਪਣਾ ਅਸਤੀਫ਼ਾ ਵਰਕਿੰਗ ਕਮੇਟੀ ਨੂੰ ਸੌਂਪ ਚੁੱਕੇ ਹਨ ਅਤੇ ਬੀਤੇ ਸਾਲ 14 ਦਸੰਬਰ ਨੂੰ ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋ ਚੁੱਕਾ ਹੈ।
ਜਥੇਦਾਰ ਦੀ ਝਾੜ ਮਗਰੋਂ ਅਸਤੀਫ਼ਾ ਮਨਜ਼ੂਰ
2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਹੁਣ 42 ਦਿਨਾਂ ਬਾਅਦ ਅਕਾਲੀ ਦਲ ਨੇ ਉਨ੍ਹਾਂ ਹੁਕਮਾਂ 'ਤੇ ਕਾਰਵਾਈ ਕੀਤੀ ਅਤੇ ਮੀਟਿੰਗ ਬੁਲਾ ਕੇ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ। ਦੱਸ ਦਈਏ ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਉੱਤੇ ਕੋਈ ਫੈਸਲੇ ਨਾ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਝਾੜ ਵੀ ਪਾਈ ਸੀ ਅਤੇ ਇਸ ਤੋਂ ਬਾਅਦ ਮੋਹਤਬਰ ਸਰਗਰਮ ਅਕਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਸਤੀਫ਼ੇ ਉੱਤੇ ਅੰਤਿਮ ਫੈਸਲੇ ਦਾ ਭਰੋਸਾ ਦਿੱਤਾ ਸੀ ਅਤੇ ਹੁਣ ਅਸਤੀਫ਼ਾ ਮਨਜ਼ੂਰ ਵੀ ਕਰ ਲਿਆ ਗਿਆ ਹੈ।
ਇੱਕ ਮਾਰਚ ਨੂੰ ਨਵੇਂ ਪ੍ਰਧਾਨ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਮਗਰੋਂ ਕਿਹਾ ਕਿ,' 20 ਜਨਵਰੀ 2025 ਤੋਂ ਲੈਕੇ ਫਰਵਰੀ ਮਹੀਨੇ ਦੇ ਮੱਧ ਤੱਕ ਸ਼੍ਰੋਮਣੀ ਅਕਾਲੀ ਦਲ ਵਿੱਚ ਨਵੇਂ ਵਰਕਰਾਂ ਦੀ ਭਰਤੀ ਸ਼ੁਰੂ ਕੀਤੀ ਜਾਵੇਗੀ। 1 ਮਾਰਚ 2025 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਸੁਖਬੀਰ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਹਨ ਅਤੇ ਨਵੇਂ ਪ੍ਰਧਾਨ ਦੀ ਨਿਯੁਕਤੀ ਹੋਣ ਤੱਕ ਉਹ ਕਾਰਜਕਾਰੀ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ,'।