ਬਠਿੰਡਾ: ਵਿਰਸਾ ਸਿੰਘ ਵਲਟੋਹਾ ਵਲੋਂ ਧਮਕੀਆਂ ਮਿਲਣ ਦੇ ਇਲਜ਼ਾਮਾਂ ਹੇਠ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਵਲੋਂ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਅਤੇ ਹੋਰ ਸਿੱਖ ਜਥੇਬੰਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣਾ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਅਸਤੀਫਾ ਵਾਪਸ ਲੈਣ ਲਈ ਕਿਹਾ ਜਾ ਰਿਹਾ ਹੈ। ਇਸ ਦੇ ਨਾਲ ਹੀ, ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾ ਮਨਜੂਰ ਕਰਨ ਦੀ ਅਪੀਲ ਕੀਤੀ ਜਾ ਰਹੀ ਸੀ।
ਦਮਦਮਾ ਸਾਹਿਬ ਪਹੁੰਚੇ ਭੂੰਦੜ
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਲਈ ਪਹੁੰਚੇ।
ਭੂੰਦੜ ਦੀ ਕਾਰਵਾਈ ਉੱਤੇ ਸਵਾਲ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਮੈਂਬਰਾਂ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ ਗਈ। ਉਪਰੰਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕੇ। ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਮਨਜ਼ੂਰ ਕਰਨ ਤੋਂ ਪਹਿਲਾਂ 10 ਸਾਲ ਲਈ ਜਥੇਦਾਰ ਦੇ ਹੁਕਮਾਂ ਉੱਤੇ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਬਾਹਰ ਕੱਢਿਆ ਜਾਣਾ ਚਾਹੀਦਾ ਸੀ। ਸ਼੍ਰੋਮਣੀ ਅਕਾਲੀ ਦਲ ਬਾਦਲ ਇੱਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਈ ਹੈ। ਪਰਮਿੰਦਰ ਸਿੰਘ ਢੀਂਡਸਾ ਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਈਟੀ ਵਿੰਗ ਉੱਤੇ ਵੀ ਸਵਾਲ ਚੁੱਕੇ।
'ਭੂੰਦੜ ਅਕਾਲੀ ਦਲ ਦੇ ਡਮੀ ਪ੍ਰਧਾਨ'
ਪਰਮਜੀਤ ਕੌਰ ਲਾਂਡਰਾਂ ਨੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਬੇਨਤੀ ਕੀਤੀ ਕਿ ਜੋ ਵੀ ਅਕਾਲੀ ਦਲ ਵਲੋਂ ਜਥੇਦਾਰ ਦੀ ਕਿਰਦਾਰਕੁਸ਼ੀ ਕੀਤੀ ਹੈ ਤੇ ਅਕਾਲੀ ਦਲ ਆਈਟੀ ਵਿੰਗ ਉੱਤੇ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ। ਹੁਣੇ ਖਬਰ ਮਿਲੀ ਕਿ ਧਾਮੀ ਨੇ ਜਥੇਦਾਰ ਸਾਹਿਬ ਦਾ ਅਸਤੀਫਾ ਨਾ ਮੰਨਜੂਰ ਕੀਤਾ ਹੈ, ਪਰ ਇਹ ਕਾਰਜ ਕੱਲ੍ਹ ਹੀ ਹੋ ਜਾਣਾ ਚਾਹੀਦਾ ਸੀ। ਇਹ ਵੀ ਇੱਕ ਅਵਗਿਆ ਹੈ। ਅਕਾਲੀ ਦਲ ਦਾ ਆਈਟੀ ਵਿੰਗ ਭੰਗ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਭੂੰਦੜ ਮਹਿਜ ਅਕਾਲੀ ਦਲ ਬਾਦਲ ਦੇ ਡਮੀ ਪ੍ਰਧਾਨ ਹਨ।
ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਲੜਾਈ ਇਕ ਪਰਿਵਾਰ ਤੇ ਪੰਥਕ ਲੜਾਈ ਹੈ। ਵਿਰਸਾ ਸਿੰਘ ਵਲਟੋਹਾ ਇੱਕ ਪਰਿਵਾਰ ਦੀ ਗੱਲ ਕਰ ਰਹੇ ਹਨ, ਜਦਕਿ ਜਥੇਦਾਰ ਸਿੱਖ ਪੰਥਕ ਦੀ ਗੱਲ ਕਰ ਰਹੇ ਹਨ। ਉਹ ਸਿੱਖੀ ਨੂੰ ਅੱਗੇ ਕਿਵੇਂ ਲੈ ਕੇ ਜਾਣਾ ਉਸ ਦੀ ਤਰਜਮਾਨੀ ਕਰ ਰਹੇ ਹਨ। ਅਕਾਲੀ ਦਲ ਆਪਣੀ ਸਥਿਤੀ ਸੱਪਸ਼ਟ ਨਹੀ ਕਰ ਰਹੇ, ਨਾ ਹੀ ਐਸਜੀਪੀਸੀ ਦੇ ਪ੍ਰਧਾਨ ਸੱਪਸ਼ਟ ਕਰ ਰਹੇ ਹਨ। ਜੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਖਿਲਾਫ ਗਲਤ ਸ਼ਬਦ ਵਰਤ ਰਹੇ ਹਨ, ਤਾਂ ਇਸ ਤੋਂ ਮੰਦਭਾਗੀ ਗੱਲ ਕੋਈ ਨਹੀ ਹੋ ਸਕਦੀ।
ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਵੀ ਪਹੁੰਚੇ, ਜਿਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਹਿਮਾਇਤ ਕਰਿਦਆ ਅਕਾਲੀ ਦਲ ਬਾਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਕਾਰਗੁਜ਼ਾਰੀ ਦੀ ਨਿਖੇਧੀ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਕਿਹਾ ਕਿ ਜੇਕਰ ਜਥੇਦਾਰ ਹੀ ਡਰ ਦੇ ਸਾਏ ਵਿੱਚ ਹਨ, ਤਾਂ ਫਿਰ ਆਮ ਸਿੱਖ ਦਾ ਕੀ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਖੜ੍ਹੇ ਹਨ।
ਕੀ ਹੈ ਪੂਰਾ ਮਾਮਲਾ
ਦਰਅਸਲ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਵਨੀਡੀਓ ਜਾਰੀ ਕਰਕੇ ਇਲਜ਼ਾਮ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਲਗਾਤਾਰ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ’ਤੇ ਨਿੱਜੀ ਹਮਲੇ ਕਰ ਰਹੇ ਹਨ। ਇੱਥੋਂ ਤੱਕ ਕਿ ਉਨ੍ਹਾਂ ਦੀ ਜਾਤਿ ਵੀ ਪਰਖੀ ਗਈ। ਸ਼੍ਰੋਮਣੀ ਅਕਾਲੀ ਦਲ ਦੀ ਸੋਸ਼ਲ ਮੀਡੀਆ ਟੀਮ (ਅਕਾਲੀ ਦਲ ਆਈਟੀ ਵਿੰਗ) ਵੀ ਉਨ੍ਹਾਂ ਦਾ ਸਾਥ ਦੇ ਰਹੀ ਹੈ।
ਉਨ੍ਹਾਂ ਨੇ ਭਾਵੁਕ ਹੋ ਕੇ ਕਿਹਾ ਕਿ ਉਹ ਵਿਰਸਾ ਸਿੰਘ ਵਲਟੋਹਾ ਤੋਂ ਡਰਨ ਵਾਲੇ ਨਹੀਂ ਹਨ, ਪਰ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਉਨ੍ਹਾਂ ਦਾ ਸਮਰਥਨ ਕਰਨਾ ਉਨ੍ਹਾਂ ਨੂੰ ਬਹੁਤ ਦੁਖੀ ਕਰ ਰਿਹਾ ਹੈ, ਜਿਸ ਕਾਰਨ ਉਹ ਅਸਤੀਫਾ ਦੇ ਰਹੇ ਹਨ। ਕਿਉਂਕਿ ਉਹ ਜਥੇਦਾਰ ਹੀ ਨਹੀਂ, ਧੀਆਂ ਦਾ ਬਾਪ ਵੀ ਹੈ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਸੁਰੱਖਿਆ ਵਾਪਸ ਲੈਣ ਲਈ ਕਿਹਾ ਹੈ।
ਵਲਟੋਹਾ ਵਲੋਂ ਪੇਸ਼ੀ ਦੀ ਵੀਡੀਓਗ੍ਰਾਫੀ ਜਨਤਕ ਕਰਨ ਦੀ ਮੰਗ
ਇਸ ਤੋਂ ਪਹਿਲਾਂ, ਅਕਾਲੀ ਦਲ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਪੇਸ਼ ਹੋਏ ਜਿਸ ਤੋਂ ਬਾਅਦ ਉਨ੍ਹਾਂ ਪਾਰਟੀ ਦੇ ਅਹੁਦਿਆ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਅਸਤੀਫੇ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਵਲੋਂ ਮਨਜ਼ੂਰ ਕੀਤਾ ਗਿਆ ਸੀ। ਅਸਤੀਫਾ ਦੇਣ ਲੱਗੇ ਵਿਰਸਾ ਸਿੰਘ ਵਲਟੋਹਾ ਨੇ ਵੀ ਸੋਸ਼ਲ ਮੀਡੀਆ ਉੱਤੇ ਵੀਡੀਓ ਜਾਰੀ ਕਰਦਿਆ ਗਿਆਨੀ ਹਰਪ੍ਰੀਤ ਸਿੰਘ ਉੱਤੇ ਇਲਜ਼ਾਮ ਲਾਏ ਸਨ ਕਿ ਉਨ੍ਹਾਂ ਨੇ ਆਪਣੇ ਕੇਂਦਰ ਸਰਕਾਰ ਤੇ ਆਰਐਸਐਸ ਭਾਜਪਾ ਨਾਲ ਸੰਬਧਾ ਨੂੰ ਸਵੀਕਾਰ ਕੀਤਾ ਹੈ।
ਵਲਟੋਹਾ ਨੇ ਕਿਹਾ ਕਿ ਅੱਜ ਮੈਂ ਨਿਮਰਤਾ ਸਹਿਤ ਆਪਣਾ ਪੱਖ ਸਿੰਘ ਸਹਿਬ ਦੇ ਸਾਹਮਣੇ ਪੇਸ਼ ਕੀਤਾ ਹੈ। ਸਿੰਘ ਸਾਹਬ ਨੇ ਸੁਣਵਾਈ ਦੇ ਸ਼ੁਰੂ ਵਿੱਚ ਮੈਨੂੰ ਦੱਸਿਆ ਕਿ ਤੁਹਾਡੀ ਸਾਰੀ ਪੇਸ਼ੀ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ, ਜੋ ਬਾਅਦ ਵਿੱਚ ਮੀਡੀਆ ਨੂੰ ਜਾਰੀ ਕੀਤੀ ਜਾਵੇਗੀ। ਮੇਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਹੈ ਕਿ ਕਿਰਪਾ ਕਰਕੇ ਵੀਡਿਓਗ੍ਰਾਫੀ ਦੀ ਵੀਡੀਓ ਮੀਡੀਆ ਨੂੰ ਜਨਤਕ ਕਰੋ।