ਅੰਮ੍ਰਿਤਸਰ: ਜਿੱਥੇ ਇੱਕ ਪਾਸੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਲੰਬੇ ਸਮੇਂ ਤੋਂ ਸ਼ੰਭੂ ਬਾਰਡਰ ਅਤੇ ਖਨੋਰੀ ਬਾਰਡਰ ਦੇ ਉੱਪਰ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਹੁਣ ਕਿਸਾਨਾਂ ਵੱਲੋਂ ਹੁਣ ਪੰਜਾਬ ਸਰਕਾਰ ਖਿਲਾਫ ਵੀ ਮੋਰਚਾ ਖੋਲਣ ਦਾ ਐਲਾਨ ਕਰ ਦਿੱਤਾ ਹੈ।
ਪੰਜਾਬ ਸਰਕਾਰ ਖਿਲਾਫ ਮੋਰਚਾ
ਜਿਸ ਦੇ ਚਲਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਮੀਡੀਆ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਪਾਸੇ ਸ਼ੰਭੂ ਬਾਰਡਰ 'ਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਜਿਸ ਕਾਰਨ ਉਹ 24 ਸਤੰਬਰ ਤੋਂ ਅੰਮ੍ਰਿਤਸਰ ਤੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲਣ ਜਾ ਰਹੇ ਹਨ।
ਜਖ਼ਮੀਆਂ ਨੂੰ ਵੀ ਮੁਆਵਜ਼ਾ ਨਹੀਂ ਮਿਲਿਆ
ਸਰਵਨ ਸਿੰਘ ਪੰਧੇਰ ਨੇ ਕਿਹਾ ਕਿ 24 ਸਤੰਬਰ ਨੂੰ ਅੰਮ੍ਰਿਤਸਰ ਦੇ ਡੀਸੀ ਦਫਤਰ ਤੋਂ ਵੱਡੇ ਪੱਧਰ 'ਤੇ ਕਿਸਾਨ ਮਜ਼ਦੂਰ ਪ੍ਰਦਰਸ਼ਨ ਸ਼ੁਰੂ ਕਰਨਗੇ। ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਲਗਭਗ 30 ਤੋਂ ਵੱਧ ਕਿਸਾਨ ਆਗੂ ਸ਼ੰਭੂ ਅਤੇ ਖਨੋਰੀ ਬਾਰਡਰ 'ਤੇ ਸ਼ਹੀਦ ਹੋ ਗਏ ਹਨ ਹਾਲੇ ਤੱਕ ਉਨ੍ਹਾਂ ਨੂੰ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼ੰਭੂ ਤੋਂ ਵਾਪਸੀ ਆਉਂਦੇ ਸਮੇਂ ਕਿਸਾਨਾਂ ਦੀ ਇੱਕ ਬਸ ਪਲਟੀ ਸੀ, ਜਿਸ 'ਤੇ ਕਿ ਪ੍ਰਸ਼ਾਸਨ ਨੇ ਭਰੋਸਾ ਦਵਾਇਆ ਸੀ ਕਿ ਉਹ ਜਖ਼ਮੀਆਂ ਨੂੰ ਮੁਆਵਜ਼ਾ ਦੇਣਗੇ। ਪਰ ਹਾਲੇ ਤੱਕ ਉਨ੍ਹਾਂ ਜਖ਼ਮੀਆਂ ਨੂੰ ਵੀ ਮੁਆਵਜ਼ਾ ਨਹੀਂ ਮਿਲਿਆ।
ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਐਕੁਆਇਰ ਕਰ ਰਹੀ
ਇਸ ਦੇ ਨਾਲ ਹੀ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਹਾਲੇ ਤੱਕ ਕਿਸਾਨਾਂ ਲਈ ਪੂਰੇ ਤਰੀਕੇ ਨਾਲ ਡੀਏਪੀ ਦਾ ਵੀ ਪ੍ਰਬੰਧ ਪੰਜਾਬ ਸਰਕਾਰ ਨਹੀਂ ਕਰ ਸਕੀ ਅਤੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਕੁਆਇਰ ਕਰ ਰਹੀ ਹੈ। ਜਿਸਦੇ ਰੋਸ ਵਜੋਂ ਉਹ ਹੁਣ ਪੰਜਾਬ ਸਰਕਾਰ ਖਿਲਾਫ ਵੀ ਮੋਰਚਾ ਸ਼ੁਰੂ ਕਰਨਗੇ।
ਮੰਗਾਂ ਨੂੰ ਮੰਨਵਾਉਣ ਦੀ ਗੱਲ ਕੀਤੀ
ਇੱਥੇ ਦੱਸਣ ਯੋਗ ਹੈ ਕਿ ਕਿਸਾਨੀ ਅੰਦੋਲਨ ਦੇ ਦੌਰਾਨ ਬਹੁਤ ਸਾਰੇ ਕਿਸਾਨਾਂ ਦੀ ਸ਼ਹਾਦਤ ਦਿੱਲੀ ਦੇ ਬਾਰਡਰ 'ਤੇ ਬੈਠ ਕੇ ਹੋਈ ਸੀ। ਉਸ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਵੱਲੋਂ ਕਿਸਾਨਾਂ ਦੀ ਮੰਗਾਂ ਨੂੰ ਮੰਨ ਲਿਆ ਗਿਆ ਸੀ। ਪਰ ਹੁਣ ਮੰਗਾਂ ਪੂਰੀਆਂ ਨਾ ਹੋਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਕਿਸਾਨਾਂ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਨੂੰ ਘੇਰਾ ਪਾਉਣ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਆਪਣੀਆਂ ਮੰਗਾਂ ਨੂੰ ਮਨਵਾਉਣ ਦੀ ਗੱਲ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਦਫਤਰਾਂ ਤੋਂ ਬਾਹਰ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ
ਹੁਣ ਵੇਖਣਾ ਹੋਵੇਗਾ ਕਿ ਕਿਸਾਨਾਂ ਵੱਲੋਂ 24 ਤਰੀਕ ਵਾਲੇ ਦਿਨ ਡਿਪਟੀ ਕਮਿਸ਼ਨਰ ਦਫਤਰਾਂ ਤੋਂ ਬਾਹਰ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਤੋਂ ਬਾਅਦ ਕੀ ਕੇਂਦਰ ਸਰਕਾਰ ਜੋ ਕਿ ਕੁੰਭਕਰਨ ਦੀ ਨੀਂਦ ਸੁੱਤੀ ਹੋਈ ਹੈ ਉਹ ਜਾਗਦੀ ਹੈ ਜਾਂ ਨਹੀਂ ਇਹ ਸਮਾਂ ਹੀ ਦੱਸੇਗਾ। ਪਰ ਕਿਸਾਨਾਂ ਵੱਲੋਂ ਹੁਣ ਇੱਕ ਵਾਰ ਫਿਰ ਤੋਂ ਵੱਡਾ ਐਲਾਨ ਕਰ ਦਿੱਤਾ ਹੈ ਅਤੇ 24 ਤਰੀਕ ਵਾਲੇ ਦਿਨ ਹੁਣ ਕਿਸਾਨ ਇੱਕ ਵਾਰ ਫਿਰ ਤੋਂ ਡਿਪਟੀ ਕਮਿਸ਼ਨਰ ਦਫਤਰਾਂ ਦੇ ਬਾਹਰ ਬੈਠ ਕੇ ਆਪਣੀਆਂ ਮੰਗਾਂ ਮਨਵਾਉਣ ਵਾਸਤੇ ਪ੍ਰਦਰਸ਼ਨ ਕਰਦੇ ਹੋਏ ਨਜ਼ਰ ਆਉਣਗੇ।