ਬਰਨਾਲਾ: ਦੇਸ਼ ਭਰ 'ਚ ਲੋਕ ਸਭਾ ਚੋਣਾਂ ਆਪਣੇ ਸਿਖਰ 'ਤੇ ਹਨ, ਜਿੱਥੇ ਇਕ ਪਾਸੇ ਸਿਆਸੀ ਪਾਰਟੀਆਂ ਆਪਣੇ ਚੋਣ ਪ੍ਰਚਾਰ 'ਚ ਰੁੱਝੀਆਂ ਹੋਈਆਂ ਹਨ। ਉਥੇ ਹੀ ਦੂਜੇ ਪਾਸੇ ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 21 ਮਈ ਨੂੰ ਜਗਰਾਉਂ ਸ਼ਹਿਰ 'ਚ ਵਿਸ਼ਾਲ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਵਜੋਂ ਅੱਜ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪੰਜਾਬ ਪ੍ਰਧਾਨ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ।
ਸਿਆਸੀ ਪਾਰਟੀਆਂ ਤੋਂ ਸਵਾਲ ਕਰਨਾ ਸਾਡਾ ਹੱਕ: ਇਸ ਮੌਕੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 21 ਮਈ ਨੂੰ ਜਗਰਾਓਂ ਸ਼ਹਿਰ ਵਿੱਚ ਵਿਸ਼ਾਲ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਸਵਾਲ ਕਰਨਾ ਸਾਡਾ ਲੋਕਤੰਤਰੀ ਅਧਿਕਾਰ ਹੈ ਅਤੇ ਇਸ ਵਾਰ ਲੋਕਤੰਤਰ ਵਿੱਚ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ, ਜਿਸ ਤੋਂ ਸਿਆਸੀ ਪਾਰਟੀਆਂ ਡਰਦੀਆਂ ਹਨ ਕਿ ਉਨ੍ਹਾਂ ਨੂੰ ਸਵਾਲਾਂ ਦੇ ਜਵਾਬ ਦੇਣੇ ਪੈਣਗੇ।ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨਾਂ ਦੇ ਸੰਘਰਸ਼ ਦੌਰਾਨ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਅਜੇ ਤੱਕ ਲਾਗੂ ਨਹੀਂ ਕੀਤੀਆਂ ਗਈਆਂ। ਜਿਸ ਕਰਕੇ ਐਸਕੇਐਮ ਵੱਲੋਂ 11 ਸਵਾਲ ਬੀਜੇਪੀ ਨੇਤਾਵਾਂ ਨੂੰ ਕੀਤੇ ਜਾ ਰਹੇ ਹਨ। ਕਿਸਾਨਾਂ ਨਾਲ ਕੀਤੇ ਗਏ ਜਬਰ ਜ਼ੁਲਮ ਦਾ ਹਿਸਾਬ ਭਾਜਪਾ ਉਮੀਦਵਾਰਾਂ ਤੋਂ ਸ਼ਾਂਤਮਈ ਤਰੀਕੇ ਵਿਰੋਧ ਪ੍ਰਦਰਸ਼ਨ ਕਰਕੇ ਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਉੱਪਰ ਕੀਤਾ ਜਾ ਰਿਹਾ ਜਬਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਵੀ ਸਪੱਸ਼ਟ ਕੀਤਾ ਕਿ ਸੰਘਰਸ਼ ਵਿੱਚ ਨਿਰੋਲ ਕਿਸਾਨ ਜਥੇਬੰਦੀਆਂ ਰੋਸ ਜ਼ਾਹਰ ਕਰਦੀਆਂ ਹਨ। ਪਰ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ ਪਾਰਟੀ ਦੇ ਲੋਕ ਸਾਡੇ ਰੋਸ਼ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਕੇ ਮਾਹੌਲ ਖਰਾਬ ਕਰਦੇ ਹਨ।