ਬਰਨਾਲਾ : ਭਾਰਤੀ ਕਿਸਾਨ ਯੂਨੀਅਨ (ਏਕਤਾ- ਉਗਰਾਹਾਂ) ਵੱਲੋਂ ਅੱਜ ਬਰਨਾਲਾ ਦੀ ਦਾਣਾ ਮੰਡੀ ਵਿੱਚ ਸਰਗਰਮ ਔਰਤਾਂ ਦੀ ਸੂਬੇ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ 26 ਮਈ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਲੋਕ ਸੰਗਰਾਮ ਰੈਲੀ ਲਈ ਲਾਮਬੰਦੀ ਕੀਤੀ ਗਈ। ਅੱਜ ਦੀ ਸਟੇਜ ਸ਼ੁਰੂ ਕਰਨ ਤੋਂ ਪਹਿਲਾਂ ਲੋਕ ਪੱਖੀ ਸਾਹਿਤਕਾਰ ਸਰਜੀਤ ਪਾਤਰ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।
ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਦੇ ਕਿਰਤੀ ਤਬਕਿਆਂ ਕਿਸਾਨਾਂ, ਖੇਤ ਮਜ਼ਦੂਰਾਂ, ਵਿਦਿਆਰਥੀਆਂ, ਠੇਕਾ-ਕਾਮਿਆਂ, ਸਨਅਤੀ ਕਾਮਿਆਂ, ਅਧਿਆਪਕਾਂ, ਸਾਬਕਾ ਸੈਨਿਕਾਂ ਅਤੇ ਬਿਜਲੀ ਮੁਲਾਜ਼ਮਾਂ ਆਦਿ ਵਰਗਾਂ ਨਾਲ ਸਬੰਧਤ ਕਰੀਬ ਦੋ ਦਰਜ਼ਨ ਜੱਥੇਬੰਦੀਆਂ ਵੱਲੋਂ ਇਸ ਸਾਂਝੀ ਸੰਗਰਾਮ ਰੈਲੀ ਦਾ ਸੱਦਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਦੀ ਤਿਆਰੀ ਲਈ ਲਾਮਬੰਦੀ ਮੁਹਿੰਮ ਦੌਰਾਨ ਚੋਣਾਂ ਲੜ ਰਹੀਆਂ ਹਾਕਮ ਜਮਾਤੀ ਸਿਆਸੀ ਪਾਰਟੀਆਂ ਦਾ ਲੋਕ-ਵਿਰੋਧੀ ਅਤੇ ਜਗੀਰਦਾਰਾਂ ਅਤੇ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟ ਘਰਾਣਿਆਂ ਪੱਖੀ ਕਿਰਦਾਰ ਦਾ ਪਰਦਾਫਾਸ਼ ਕਰਦੇ ਹੋਏ ਲੋਕਾਂ ਦੇ ਹਕੀਕੀ ਮੁੱਦੇ ਉਭਾਰੇ ਜਾਣ।
ਇਸ ਤੋਂ ਇਲਾਵਾ ਵੋਟ ਪਾਰਟੀਆਂ ਤੋਂ ਭਲੇ ਦੀ ਝਾਕ ਛੱਡ ਕੇ ਵਿਸ਼ਾਲ ਸਾਂਝੇ ਅਤੇ ਸਿਰੜੀ ਘੋਲਾਂ ਦਾ ਰਾਹ ਬੁਲੰਦ ਕੀਤਾ ਜਾਵੇ ਕਿਉਂਕਿ ਜਥੇਬੰਦੀਆਂ ਦੇ ਸਾਂਝੇ ਮੱਤ ਅਨੁਸਾਰ ਕਿਸੇ ਵੀ ਵੋਟ ਪਾਰਟੀ ਕੋਲ ਲੋਕਾਂ ਦੇ ਭੱਖਦੇ/ਬੁਨਿਆਦੀ ਮਸਲਿਆਂ ਜਿਵੇਂ ਬੇਰੁਜ਼ਗਾਰੀ, ਗਰੀਬੀ, ਮਹਿੰਗਾਈ, ਕਰਜ਼ੇ, ਖ਼ੁਦਕੁਸ਼ੀਆਂ ਆਦਿ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਨਾ ਕੋਈ ਪ੍ਰੋਗਰਾਮ ਹੈ ਤੇ ਨਾ ਹੀ ਸਿਆਸੀ ਇੱਛਾ ਸ਼ਕਤੀ ਹੈ। ਸਗੋਂ ਇਹ ਸਭ ਪਾਰਟੀਆਂ ਜਗੀਰਦਾਰਾਂ, ਸੂਦਖੋਰਾਂ, ਸਾਮਰਾਜੀਆਂ ਅਤੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਪੱਖੀ ਲੋਕ-ਵਿਰੋਧੀ ਨੀਤੀਆਂ ਲਾਗੂ ਕਰਨ ਵਾਲੀਆਂ ਪਾਰਟੀਆਂ ਹਨ। ਜਿਹੜੀਆਂ ਨਿੱਜੀਕਰਨ, ਉਦਾਰੀਕਰਨ, ਸੰਸਾਰੀਕਰਨ ਤੇ ਵਪਾਰੀਕਰਨ ਦੀਆਂ ਸਾਮਰਾਜੀ ਨੀਤੀਆਂ ਨੂੰ ਲੋਕਾਂ ਉੱਤੇ ਮੜ੍ਹਨ ਖਾਤਰ ਲੋਕਾਂ ਦੇ ਜਮਹੂਰੀ ਹੱਕ ਕੁਚਲਣ ਲਈ ਜਾਬਰ/ਕਾਲੇ ਕਾਨੂੰਨ ਲਾਗੂ ਕਰਨ ਵਰਗੀਆਂ ਦੇਸ਼-ਧ੍ਰੋਹੀ ਅਤੇ ਲੋਕ-ਵਿਰੋਧੀ ਨੀਤੀਆਂ ਮੜ੍ਹ ਰਹੀਆਂ ਹਨ ।
ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀਆਂ ਅਸਲੀ ਸਮੱਸਿਆਂਵਾਂ ਦੇ ਹੱਲ ਲਈ ਤਾਂ ਤਿੱਖੇ ਜ਼ਮੀਨੀ ਸੁਧਾਰ ਲਾਗੂ ਕਰਨ, ਕਿਸਾਨਾਂ-ਮਜ਼ਦੂਰਾਂ ਤੇ ਵਾਤਾਵਰਨ ਦੇ ਪੱਖੀ ਪਰ ਸਾਮਰਾਜੀਆਂ, ਕਾਰਪੋਰੇਟਾਂ ਤੇ ਜਗੀਰਦਾਰਾਂ/ਸੂਦਖੋਰਾਂ ਦੇ ਵਿਰੋਧੀ ਖੇਤੀ ਨੀਤੀ ਬਣਾਉਣ, ਕਿਸਾਨ ਮਜ਼ਦੂਰ ਪੱਖੀ ਕਰਜ਼ਾ ਕਾਨੂੰਨ ਬਣਾਉਣ, ਲਾਭਕਾਰੀ ਐਮਐਸਪੀ 'ਤੇ ਸਭ ਫਸਲਾਂ ਦੀ ਮੁਕੰਮਲ ਖਰੀਦ ਦੀ ਕਨੂੰਨੀ ਗਰੰਟੀ ਕਰਨ, ਜਨਤਕ ਵੰਡ ਪ੍ਰਣਾਲੀ ਦਾ ਹੱਕ ਸਾਰੇ ਗਰੀਬਾਂ ਨੂੰ ਦੇਣ, ਠੇਕਾ ਭਰਤੀ ਦੀ ਨੀਤੀ ਰੱਦ ਕਰਨ ਤੇ ਸਭਨਾਂ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਦਾ ਹੱਕ ਬਹਾਲ ਕਰਨ, ਬਿਜਲੀ/ਸਿੱਖਿਆ/ਸਿਹਤ ਸਮੇਤ ਸਾਰੇ ਜਨਤਕ ਖੇਤਰਾਂ ਦੇ ਨਿੱਜੀਕਰਨ ਦੇ ਕਦਮ ਰੱਦ ਕਰਨ, ਬਿਜਲੀ ਤੇ ਪਾਣੀ ਵਰਗੇ ਖੇਤਰਾਂ 'ਚ ਪਾਸ ਕੀਤੇ ਲੋਕ-ਦੋਖੀ ਕਾਨੂੰਨ ਰੱਦ ਕਰਨ, ਸੰਸਾਰ ਵਪਾਰ ਸੰਸਥਾ ਸਮੇਤ ਸਭਨਾਂ ਸਾਮਰਾਜੀ ਸੰਸਥਾਵਾਂ 'ਚੋਂ ਬਾਹਰ ਆਉਣ, ਜਮਹੂਰੀ ਹੱਕਾਂ ਦਾ ਘਾਣ ਰੋਕਣ, ਜਗੀਰਦਾਰਾਂ ਤੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੀ ਆਮਦਨ 'ਤੇ ਟੈਕਸ ਲਾਉਣ ਤੇ ਉਗਰਾਹੁਣ ਦੀ ਗਰੰਟੀ ਕਰਨ, ਨਿੱਜੀਕਰਨ/ਵਪਾਰੀਕਰਨ/ਸੰਸਾਰੀਕਰਨ ਦੀਆਂ ਲੋਕ-ਦੋਖੀ ਸਾਮਰਾਜੀ ਨੀਤੀਆਂ ਰੱਦ ਕਰਨ ਵਰਗੇ ਭਖਦੇ ਮੁੱਦੇ ਉੱਭਰਵੇਂ ਬਣਦੇ ਹਨ।
ਇਹੀ ਲੋਕਾਂ ਦੇ ਅਸਲ ਮੁੱਦੇ ਹਨ ਜੋ ਬਦਲਵੇਂ ਲੋਕ-ਪੱਖੀ ਵਿਕਾਸ ਦਾ ਰਾਹ ਖੋਲ੍ਹਣ ਦੇ ਕਦਮ ਬਣਦੇ ਹਨ ਪਰ ਲੋਕਾਂ ਨੂੰ ਗੁੰਮਰਾਹ ਕਰਕੇ ਫਿਰਕੂ , ਜਾਤਪਾਤੀ ਪਾਟਕ-ਪਾਊ ਮੁੱਦੇ ਉਭਾਰਨ ਰਾਹੀਂ ਵੋਟਾਂ ਬਟੋਰਨ ਚੜ੍ਹੀਆਂ ਹਾਕਮ ਜਮਾਤੀ ਸਿਆਸੀ ਪਾਰਟੀਆਂ ਇਹਨਾਂ ਮਸਲਿਆਂ ਨੂੰ ਚਿਮਟੇ ਨਾਲ ਛੋਹਣ ਲਈ ਵੀ ਤਿਆਰ ਨਹੀਂ। ਕਿਸਾਨ ਆਗੂਆਂ ਨੇ ਦੱਸਿਆ ਕਿ ਮੌਜੂਦਾ ਸਾਂਝੀ ਮੁਹਿੰਮ ਦੌਰਾਨ ਲੋਕਾਂ ਨੂੰ ਵੱਡੀ ਪੱਧਰ ਉੱਤੇ ਜਾਗ੍ਰਿਤ ਕੀਤਾ ਜਾਵੇਗਾ ਕਿ ਵੋਟ ਪਾਰਟੀਆਂ ਦੀਆਂ ਇਨ੍ਹਾਂ ਪਾਟਕ-ਪਾਊ ਤੇ ਭਟਕਾਊ ਚਾਲਾਂ ਨੂੰ ਪਛਾੜਦੇ ਹੋਏ ਉਕਤ ਸਾਂਝੇ ਮੁੱਦਿਆਂ ਉੱਪਰ ਸਾਰੇ ਕਿਰਤੀ ਤਬਕਿਆਂ ਦੀ ਇੱਕਜੁੱਟ ਸੰਘਰਸ਼ਸ਼ੀਲ ਲੋਕ ਲਹਿਰ ਉਸਾਰਨ ਦਾ ਰਾਹ ਹੀ ਇਨ੍ਹਾਂ ਮੁੱਦਿਆਂ ਦੇ ਤਸੱਲੀਬਖ਼ਸ਼ ਹੱਲ ਦਾ ਸਿੱਕੇਬੰਦ ਰਾਹ ਹੈ। ਕਿਸਾਨ ਆਗੂਆਂ ਨੇ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਤੇ ਰਾਜ ਕਰਦੇ ਹਾਕਮ 70 ਸਾਲਾਂ ਤੋਂ ਸਾਨੂੰ ਝੂਠੇ ਲਾਅਰੇ ਤੇ ਵਾਅਦੇ ਕਰਕੇ ਲੁੱਟ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਦੇ ਲਾਰਿਆਂ ਤੋਂ ਝਾਕ ਛੱਡ ਕੇ ਸੰਘਰਸ਼ਾਂ ਦੇ ਮੈਦਾਨਾਂ ਵਿੱਚ ਡਟੋ ਅਤੇ ਔਰਤਾਂ ਨੂੰ ਅਪੀਲ ਕੀਤੀ ਕਿ 26 ਮਈ ਦੀ ਲੋਕ ਸੰਗਰਾਮ ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ।
ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਟਿੱਪਣੀ ਉਪਰ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅਸੀਂ ਕਿਸੇ ਵਿਸ਼ੇ਼ਸ ਲੀਡਰ ਜਾਂ ਪਾਰਟੀ ਨੂੰ ਨਹੀਂ ਘੇਰ ਰਹੇ, ਬਲਕਿ ਭਾਜਪਾ ਦੀਆਂ ਪਿਛਲੇ 10 ਸਾਲਾਂ ਦੀਆਂ ਲਾਗੂ ਕੀਤੀਆਂ ਨੀਤੀਆਂ ਅਤੇ ਕਿਸਾਨ ਵਿਰੋਧੀ ਲਏ ਫ਼ੈਸਲਿਆਂ ਦਾ ਵਿਰੋਧ ਕਰ ਰਹੇ ਹਾਂ। ਉਹਨਾਂ ਕਿਹਾ ਕਿ ਜਦੋਂ ਸੁਨੀਲ ਜਾਖ਼ੜ ਜਦੋਂ ਕਾਂਗਰਸ ਵਿੱਚ ਸਨ, ਉਦੋਂ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਸਨ ਅਤੇ ਭਾਜਪਾ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਸਨ। ਹੁਣ ਭਾਜਪਾ ਵਿੱਚ ਸ਼ਾਮਲ ਹੋ ਕੇ ਉਹਨਾਂ ਦੀਆਂ ਨੀਤੀਆਂ ਦੀ ਤਾਰੀਫ਼ ਕਰ ਰਹੇ ਹਨ।C