ਕਪੂਰਥਲਾ: ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ 'ਚ ਅੱਜ ਦਰਦਨਾਕ ਹਾਦਸਾ ਵਾਪਰ ਗਿਆ। ਜਿਥੇ ਡੱਲਾ ਰੋਡ ਸਥਿਤ ਇੱਕ ਪੈਟਰੋਲ ਪੰਪ ਨੇੜੇ ਹੋਏ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦਾ ਇੱਕ ਸਾਥੀ ਜ਼ਖ਼ਮੀ ਹੋ ਗਿਆ। ਜਿਸ ਦੀ ਖਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਟਿੱਪਰ ਦੇ ਅਚਾਨਕ ਅੱਗੇ ਆ ਜਾਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਇਹ ਭਿਆਨਕ ਸੜਕ ਹਾਦਸਾ ਹੋ ਗਿਆ।
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ: ਇਸ ਤੋਂ ਬਾਅਦ ਮੋਟਰਸਾਈਕਲ 'ਤੇ ਜਾਂਦੇ ਦੋ ਵਿਦਿਆਰਥੀ ਸੜਕ 'ਤੇ ਡਿੱਗ ਗਏ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਦੂਜੇ ਨੌਜਵਾਨ ਦੇ ਗੰਭੀਰ ਸੱਟਾਂ ਲੱਗੀਆਂ ਹਨ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਹਿਚਾਣ 18 ਸਾਲਾ ਨਵਦੀਪ ਸਿੰਘ ਪੁੱਤਰ ਜਸਵੀਰ ਸਿੰਘ ਮਲਸੀਆਂ ਵਜੋਂ ਹੋਈ ਹੈ।
ਪਹਿਲੇ ਦਿਨ ਕਾਲਜ ਜਾ ਰਿਹਾ ਸੀ ਮ੍ਰਿਤਕ: ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਸਾਥੀ ਅਜੈ ਵਾਸੀ ਪਿੰਡ ਜੈਨਪੁਰ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਦੇ ਮੁਹੱਲਾ ਸੈਂਟਰ ਟਾਊਨ ਦਾ 18 ਸਾਲਾ ਨਵਦੀਪ ਸਿੰਘ ਮਲਸੀਆਂ ਵਿਖੇ ਏਪੀਜੇ ਨਰਸਿੰਗ ਕਾਲਜ 'ਚ ਨਰਸਿੰਗ ਦੀ ਪੜ੍ਹਾਈ ਕਰਦਾ ਸੀ ਅਤੇ ਦੋ ਮਹੀਨੇ ਦੀ ਟਰੇਨਿੰਗ ਕਰਨ ਤੋਂ ਬਾਅਦ ਅੱਜ ਪਹਿਲੇ ਦਿਨ ਉਹ ਦੋਵੇਂ ਮੋਟਰਸਾਈਕਲ 'ਤੇ ਕਾਲਜ ਮਲਸੀਆਂ ਜਾ ਰਹੇ ਸੀ। ਜਦੋਂ ਉਹ ਡੱਲਾ ਰੋਡ ਨੇੜੇ ਇੱਕ ਪਟਰੋਲ ਪੰਪ ਕੋਲ ਪੁੱਜੇ ਤਾਂ ਅੱਗੇ ਤੋਂ ਅਚਾਨਕ ਇੱਕ ਟਿੱਪਰ ਆ ਗਿਆ। ਜਿਸ ਤੋਂ ਬਾਅਦ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਹੇਠਾਂ ਡਿੱਗਦਿਆਂ ਹੀ ਮੌਕੇ 'ਤੇ ਨਵਦੀਪ ਸਿੰਘ ਦੀ ਮੌਤ ਹੋ ਗਈ ਅਤੇ ਜਦਕਿ ਉਸ ਨੂੰ ਕੁਝ ਸੱਟਾਂ ਲੱਗੀਆਂ ਹਨ।
ਹਸਪਤਾਲ ਪੁੱਜਣ ਤੋਂ ਪਹਿਲਾਂ ਤੋੜਿਆ ਦਮ: ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਆਸ ਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਦੋਵਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਨਵਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਥੇ ਹੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਸੜਕ ਹਾਦਸੇ ਦੇ ਮਾਮਲੇ 'ਚ ਦੋ ਨੌਜਵਾਨਾਂ ਨੂੰ ਉਨ੍ਹਾਂ ਕੋਲ ਲਿਆਂਦਾ ਗਿਆ ਸੀ, ਜਿਸ 'ਚ ਇੱਕ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ, ਜਦਕਿ ਦੂਜੇ ਨੌਜਵਾਨ ਨੂੰ ਮਾਮੂਲੀ ਸੱਟਾਂ ਸਨ, ਜਿਸ ਦਾ ਕਿ ਇਲਾਜ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਉਸ ਦੀ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ।