ਮਾਨਸਾ : ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ 1 ਜੂਨ ਨੂੰ ਵੋਟਿੰਗ ਹੋਣੀ ਹੈ ਅਤੇ 4 ਜੂਨ ਨੂੰ ਹੀ ਚੋਣ ਨਤੀਜੇ ਐਲਾਨੇ ਜਾਣਗੇ। ਇਸ ਤੋਂ ਪਹਿਲਾਂ ਪੰਜਾਬ ਵਿੱਚ ਵੀ ਸਿਆਸੀ ਹਲਚਲ ਤੇਜ਼ ਹੋ ਚੁੱਕੀ ਹੈ। ਸਿਆਸੀ ਨੇਤਾਵਾਂ ਵਲੋਂ ਆਪੋ-ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤੇ ਜਾ ਰਹੇ ਹਨ ਜਾਂ ਵਪਾਰੀ ਤੇ ਆਮ ਲੋਕਾਂ ਨਾਲ ਮੁਲਾਕਾਤਾਂ ਦਾ ਦੌਰ ਜਾਰੀ ਹੈ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਾਨਸਾ ਅਤੇ ਬੁਢਲਾਡਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਵਪਾਰੀਆਂ ਨਾਲ ਮੁਲਾਕਾਤ ਕੀਤੀ।
ਤਿੰਨੋਂ ਮਾਡਲ ਫੇਲ੍ਹ : ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦੇ ਲਈ ਬਠਿੰਡਾ ਹਲਕਾ ਦੇ ਬੁਢਲਾਡਾ ਅਤੇ ਮਾਨਸਾ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਪਾਰੀਆਂ ਦੇ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਅੱਜ ਜਿੱਥੇ ਵਪਾਰੀ ਕਿਸਾਨ ਮਜ਼ਦੂਰ ਅਤੇ ਹਰ ਵਰਗ ਮੌਜੂਦਾ ਸਰਕਾਰ ਤੋਂ ਪਰੇਸ਼ਾਨ ਹੈ, ਉੱਥੇ ਹੀ ਇਸ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਸਿਹਤ ਸਿੱਖਿਆ ਅਤੇ ਰੈਵੀਨਿਊ ਮਾਡਲ ਬਣਾਉਣ ਦਾ ਵਾਅਦਾ ਕੀਤਾ ਸੀ, ਉਹ ਵੀ ਅੱਜ ਤਿੰਨੋਂ ਮਾਡਲ ਫੇਲ੍ਹ ਹੋ ਚੁੱਕੇ ਹਨ।
ਵਪਾਰੀ, ਕਿਸਾਨ ਤੇ ਮਜ਼ਦੂਰ ਸਣੇ ਹਰ ਕੋਈ ਦੁਖੀ: ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਨਾਲ ਜੋ ਵਾਅਦੇ ਕੀਤੇ ਸੀ, ਉਨ੍ਹਾਂ ਵਾਅਦਿਆਂ ਉੱਤੇ ਖਰਾ ਨਹੀਂ ਉੱਤਰ ਸਕੇ ਜਿਸ ਕਾਰਨ ਅੱਜ ਛੋਟਾ ਵਪਾਰੀ, ਕਿਸਾਨ, ਮਜ਼ਦੂਰ ਵੀ ਇਸ ਆਪ ਦੀ ਸਰਕਾਰ ਤੋਂ ਪਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਤਿਆਰ ਬਰ ਤਿਆਰ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਵਿਕਾਸ ਹੋਇਆ ਹੈ, ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਹੀ ਵਿਕਾਸ ਕੀਤਾ ਹੈ।
ਮਸ਼ਹੂਰੀ ਕਰਨ ਲਈ ਕਰਜ਼ਾ ਲੈ ਰਹੀ ਮਾਨ ਸਰਕਾਰ: ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਉੱਤੇ ਤੰਜ ਕੱਸਦੇ ਹੋਏ ਕਿਹਾ ਕਿ ਪਾਰਟੀ ਦੇ ਜਿੱਥੇ ਤਿੰਨੋ ਮਾਡਲ ਫੇਲ੍ਹ ਹੋ ਚੁੱਕੇ ਹਨ, ਉਥੇ ਹੀ ਇਸ ਸਰਕਾਰ ਦਾ ਲੁੱਟ ਵਾਲਾ ਮਾਡਲ ਜ਼ਰੂਰ ਪਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਭ੍ਰਿਸ਼ਟਾਚਾਰ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹੈ, ਪਰ ਫਿਰ ਵੀ ਮੁੱਖ ਮੰਤਰੀ ਦੀ ਕੁਰਸੀ ਛੱਡਣ ਲਈ ਤਿਆਰ ਨਹੀਂ ਹਨ। ਦਿੱਲੀ ਅਤੇ ਪੰਜਾਬ ਦੇ ਲੋਕ ਅੱਜ ਆਪਣੇ ਆਪ ਨੂੰ ਠੱਗੇ ਮਹਿਸੂਸ ਕਰ ਰਹੇ ਹਨ ਅਤੇ ਆਲਮ ਇਹ ਹੈ ਕਿ ਪੰਜਾਬ ਸਰਕਾਰ ਕਰਜ਼ਾ ਲੈ ਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਤਨਖਾਹ ਨਹੀਂ ਦੇ ਰਹੀ, ਸਗੋਂ ਸਿਰਫ ਆਪਣੀ ਐਡਵਰਟਾਈਜਮੈਂਟ ਉੱਤੇ ਪੈਸਾ ਲਗਾ ਕੇ ਪੰਜਾਬ ਨੂੰ ਕਰਜ਼ਦਾਰ ਬਣਾ ਰਹੀ ਹੈ।