ਤਰਨਤਾਰਨ : ਜ਼ਿਲ੍ਹੇ ਦੇ ਪਿੰਡ ਸਭਰਾ ਵਿਖੇ ਰੇਤ ਦੀਆਂ ਖੱਡਾਂ ਲਗਾਉਣ ਨੂੰ ਲੈ ਕੇ ਬੀਤੀ ਦਿਨ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਨੇ ਵਿਰੋਧ ਕਰ ਰਹੇ ਕਿਸਾਨਾਂ ਉੱਪਰ ਲਾਠੀਚਾਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਦੌਰਾਨ ਅੱਜ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਪਿੰਡ ਸਭਰਾ ਵਿੱਚ ਭਾਰੀ ਇਕੱਠ ਕਰਕੇ ਪੁਲਿਸ ਪ੍ਰਸ਼ਾਸਨ ਖਿਲਾਫ ਮੋਰਚਾ ਖੋਲ ਦਿੱਤਾ ਗਿਆ ਹੈ ਅਤੇ ਪੁਲਿਸ ਪ੍ਰਸ਼ਾਸਨ ਦੀ ਅਜਿਹੀ ਕਾਰਵਾਈ ਖਿਲਾਫ ਵੱਡਾ ਐਲਾਨ ਕੀਤਾ ਗਿਆ ਹੈ।
ਪ੍ਰਸ਼ਾਸਨ ਵੱਲੋਂ ਕਿਸਾਨਾਂ ਉੱਪਰ ਕੀਤਾ ਗਿਆ ਲਾਠੀਚਾਰਜ
ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਜਦੋਂ ਇਲਾਕੇ ਵਿੱਚ ਲੁੱਟ-ਖੋਹ ਗੈਂਗਸਟਰਵਾਦ ਵਰਗੀਆਂ ਘਟਨਾਵਾਂ ਹੁੰਦੀਆਂ ਹਨ ਤਾਂ ਲੋਕ ਪੁਲਿਸ ਪ੍ਰਸ਼ਾਸਨ ਕੋਲ ਇਨਸਾਫ ਲਈ ਜਾਂਦੇ ਹਨ ਪਰੰਤੂ ਪ੍ਰਸ਼ਾਸਨ ਅੱਗੋਂ ਪੁਲਿਸ ਘੱਟ ਹੋਣ ਦਾ ਦਾਅਵਾ ਕਰਦਾ ਹੈ। ਪ੍ਰੰਤੂ ਕੱਲ੍ਹ ਪ੍ਰਸ਼ਾਸਨ ਨੇ ਭਾਰੀ ਫੋਰਸ ਨੂੰ ਨਾਲ ਲੈ ਕੇ ਕਿਸਾਨਾਂ ਉੱਪਰ ਲਾਠੀਚਾਰਜ ਕੀਤਾ। ਜਿਸ ਤੋਂ ਜਾਪਦਾ ਹੈ ਕਿ ਪ੍ਰਸ਼ਾਸਨ ਨਫਰੀ ਘੱਟ ਹੋਣ ਦਾ ਢੋਂਗ ਰਚਾ ਰਿਹਾ ਹੈ।
ਕਿਸਾਨਾਂ ਵੱਲੋਂ ਸੰਘਰਸ਼ ਦਾ ਐਲਾਨ
ਆਗੂਆਂ ਨੇ ਪੁਲਿਸ ਪ੍ਰਸ਼ਾਸਨ ਦੀ ਅਜਿਹੀ ਗੁੰਡਾਗਰਦੀ ਖਿਲਾਫ ਵੱਡਾ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣ ਕੇ ਬਹੁਤ ਆਸਾਂ 'ਤੇ ਉਮੀਦਾਂ ਲਾਈਆਂ ਸਨ, ਪਰੰਤੂ ਉਨ੍ਹਾਂ ਦੀਆਂ ਆਸਾਂ 'ਤੇ ਪਾਣੀ ਪੈ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਲਾਲਜੀਤ ਭੁੱਲਰ ਵੱਲੋਂ ਨਜਾਇਜ਼ ਖੱਡ ਚਲਾਉਣ ਨੂੰ ਲੈ ਕੇ ਜੋ ਕਿਸਾਨਾਂ ਨਾਲ ਵਤੀਰਾ ਵਰਤਿਆ ਗਿਆ ਹੈ। ਅਸੀਂ ਸਰਕਾਰ ਖਿਲਾਫ ਵੱਡਾ ਸੰਘਰਸ਼ ਕਰਾਂਗੇ।