ਮਾਨਸਾ: ਮਾਨਸਾ ਵਿਖੇ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਾਨਸਾ ਸ਼ਹਿਰ ਦੇ ਵਿੱਚ ਰੋਸ ਮਾਰਚ ਕੀਤਾ ਅਤੇ ਜ਼ਿਲ੍ਹਾ ਕਚਹਿਰੀ ਦੇ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜੀ ਕੀਤੀ ਗਈ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਲੰਬੇ ਸਮੇਂ ਤੋਂ ਅਧਿਆਪਕਾਂ ਦੀਆਂ ਲਟਕ ਰਹੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ। ਜਿਸ ਕਾਰਨ ਅੱਜ ਅਧਿਆਪਕ ਵਰਗ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰਨ ਦੇ ਲਈ ਮਜ਼ਬੂਰ ਹੈ।
ਕੱਚੇ ਅਧਿਆਪਕਾਂ ਨੂੰ ਨਹੀਂ ਕੀਤਾ ਪੱਕੇ
ਸਾਂਝਾ ਅਧਿਆਪਕ ਮੋਰਚਾ ਵੱਲੋਂ ਮਾਨਸਾ ਦੇ ਬਾਲ ਭਵਨ ਵਿੱਚ ਇਕੱਤਰਤਾ ਕਰਕੇ ਮਾਨਸਾ ਸ਼ਹਿਰ ਦੇ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਮਾਰਚ ਕੀਤਾ ਗਿਆ ਹੈ। ਇਸ ਦੌਰਾਨ ਅਧਿਆਪਕਾਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਉਨ੍ਹਾਂ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੀਆਂ ਅਧਿਆਪਕ ਜਥੇਬੰਦੀਆਂ ਦੇ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਅਧਿਆਪਕਾਂ ਨੇ ਕਿਹਾ ਕਿ ਅੱਜ ਬੇਰੁਜ਼ਗਾਰ ਸੜਕਾਂ 'ਤੇ ਘੁੰਮ ਰਹੇ ਹਨ, ਕੱਚੇ ਅਧਿਆਪਕਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਲਈ ਕੋਈ ਵੀ ਪ੍ਰੋਸੈਸ ਸ਼ੁਰੂ ਨਹੀਂ ਕੀਤਾ ਗਿਆ।
ਸਾਂਝਾ ਅਧਿਆਪਕ ਮੋਰਚਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ
ਅਧਿਆਪਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੀ ਤਰਜ 'ਤੇ ਪੁਰਾਣੀ ਪੈਨਸ਼ਨ ਲਾਗੂ ਕਰਨਾ ਚਾਹੁੰਦੀ ਹੈ। ਜਿਸ ਨਾਲ ਅਧਿਆਪਕ ਨਾ ਖੁਸ਼ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਦੇ ਸਿੱਖਿਆ ਸਕੱਤਰ ਵੱਲੋਂ ਅਧਿਆਪਕ ਵਰਗ ਦੇ ਨਾਲ ਹੋਈ ਮੀਟਿੰਗ ਦੇ ਵਿੱਚ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਮਿਡਲ ਸਕੂਲਾਂ ਨੂੰ ਬੰਦ ਕਰਨ ਦੀ ਜੋ ਤਜਵੀਜ਼ ਲਿਆਂਦੀ ਜਾ ਰਹੀ ਹੈ। ਉਸ ਦਾ ਵੀ ਅਧਿਆਪਕ ਵਰਗ ਵੱਲੋਂ ਵਿਰੋਧ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਵੀ ਅਧਿਆਪਕ ਵਰਗ ਪੰਜਾਬ ਦੇ ਮਿਡਲ ਸਕੂਲਾਂ ਨੂੰ ਬੰਦ ਨਹੀਂ ਹੋਣ ਦਿੱਤਾ ਦੇਣਗੇ। ਅਧਿਆਪਕਾਂ ਨੇ ਕਿਹਾ ਕਿ ਅੱਜ ਪੰਜਾਬ ਭਰ ਦੇ ਵਿੱਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜੇਕਰ ਸਰਕਾਰ ਵੱਲੋਂ ਜਲਦ ਹੀ ਅਧਿਆਪਕ ਵਰਗ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਸਰਕਾਰ ਦੇ ਖਿਲਾਫ ਸੰਘਰਸ਼ ਹੋਰ ਵੀ ਤੇਜ਼ ਕੀਤੇ ਜਾਣਗੇ।