ਮਾਨਸਾ : ਮਾਨਸਾ ਸ਼ਹਿਰ ਦੀ ਸੀਵਰੇਜ ਸਮੱਸਿਆ ਨੂੰ ਲੈ ਕੇ ਪਿਛਲੇ 118 ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਅੱਜ ਡਿਪਟੀ ਕਮਿਸ਼ਨਰ ਮਾਨਸਾ ਦੇ ਭਰੋਸੇ ਤੋਂ ਬਾਅਦ ਧਰਨਾਕਾਰੀਆਂ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਧਰਨਾਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਸੀਵਰੇਜ ਦੀ ਸਮੱਸਿਆ ਲਈ 28 ਕਰੋੜ ਰੁਪਏ ਦੇ ਟੈਂਡਰ ਜਾਰੀ ਕਰ ਦਿੱਤੇ ਹਨ ਜਿਸ ਕਾਰਨ ਇਹ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ।
ਧਰਨਾ ਮੁਲਤਵੀ
ਦੱਸ ਦਈਏ ਕਿ ਮਾਨਸਾ ਸ਼ਹਿਰ ਦੀਆਂ ਗਲੀਆਂ ਵਿੱਚ ਸੀਵਰੇਜ ਦੇ ਭਰੇ ਪਾਣੀ ਦੀ ਸਮੱਸਿਆ ਤੋਂ ਦੁਖੀ ਸ਼ਹਿਰ ਵਾਸੀਆਂ ਵੱਲੋਂ ਪਿਛਲੇ 118 ਦਿਨਾਂ ਤੋਂ ਮਾਨਸਾ ਦੇ ਬੱਸ ਸਟੈਂਡ ਚੌਂਕ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਮਾਨਸਾ ਦੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ 43 ਕਰੋੜ 90 ਲੱਖ ਰੁਪਏ ਜਾਰੀ ਕਰਨ ਅਤੇ 28 ਕਰੋੜ 30 ਲੱਖ 54 ਹਜਾਰ ਦੇ ਟੈਂਡਰ ਲਗਾਉਣ ਤੋਂ ਬਾਅਦ ਮੁਲਤਵੀ ਕਰ ਦਿੱਤਾ ਗਿਆ ਹੈ। ਉੱਥੇ ਹੀ ਪ੍ਰਦਰਸ਼ਕਾਰੀਆਂ ਨੇ ਕਿਹਾ ਕਿ ਉਹ ਪਿਛਲੇ 118 ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਸੀ ਅਤੇ ਅੱਜ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਵੱਲੋਂ ਉਨ੍ਹਾਂ ਦੇ ਧਰਨੇ ਵਿੱਚ ਪਹੁੰਚ ਕੇ ਧਰਨੇ ਨੂੰ ਮੁਲਤਵੀ ਕਰਵਾ ਦਿੱਤਾ ਹੈ।

ਸੀਵਰੇਜ ਦੀ ਸਮੱਸਿਆ ਦੇ ਹੱਲ
ਪ੍ਰਦਰਸ਼ਕਾਰੀਆਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਸਰਕਾਰ ਨੇ 28 ਕਰੋੜ ਦੇ ਟੈਂਡਰ ਲਗਾ ਦਿੱਤੇ ਹਨ। ਜਿਸ ਲਈ ਜਲਦ ਹੀ ਮਾਨਸਾ ਸ਼ਹਿਰ ਤੋਂ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ। ਪ੍ਰਦਰਸ਼ਕਾਰੀ ਕੌਂਸਲਰ ਰਾਮਪਾਲ ਸਿੰਘ ਅਤੇ ਅੰਮ੍ਰਿਤਪਾਲ ਗੋਗੇ ਨੇ ਕਿਹਾ ਕਿ ਇਸ ਧਰਨੇ ਦੇ ਵਿੱਚ ਜਿੱਥੇ ਸ਼ਹਿਰ ਦੇ ਚਾਰ ਕੌਂਸਲਰਾਂ ਵੱਲੋਂ ਲਗਾਤਾਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਉੱਥੇ ਹੀ ਮਾਨਸਾ ਸ਼ਹਿਰ ਦੀਆਂ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਤੇ ਰਾਜਨੀਤਿਕ ਜਥੇਬੰਦੀਆਂ ਵੱਲੋਂ ਵੀ ਉਨ੍ਹਾਂ ਦਾ ਭਰਪੂਰ ਸਮਰਥਨ ਕੀਤਾ ਗਿਆ ਸੀ।
44 ਕਰੋੜ ਰੁਪਏ ਦੇ ਕਰੀਬ ਰਕਮ ਜਾਰੀ
ਉੱਥੇ ਹੀ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਮਾਨਸਾ ਦੇ ਬੱਸ ਸਟੈਂਡ 'ਤੇ ਧਰਨਾ ਪ੍ਰਦਰਸ਼ਨ ਜਾਰੀ ਸੀ। ਉਨ੍ਹਾਂ ਨੇ ਕਿਹਾ ਕਿ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਸਰਕਾਰ ਵੱਲੋਂ 44 ਕਰੋੜ ਰੁਪਏ ਦੇ ਕਰੀਬ ਰਕਮ ਜਾਰੀ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਇਸ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ ਅਤੇ ਮਾਨਸਾ ਸ਼ਹਿਰ ਵਾਸੀਆਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ।