ਬਠਿੰਡਾ: ਨਾਨਕ ਨਾਮ ਲੇਵਾ ਸੰਗਤ ਅਤੇ ਸਮੁੱਚੇ ਸਿੱਖ ਜਗਤ ਵੱਲੋਂ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 4 ਤੋਂ 6 ਜਨਵਰੀ ਤੱਕ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਮਨੁੱਖਤਾ ਲਈ ਪੂਰਾ ਪਰਿਵਾਰ ਵਾਰ ਦੇਣ ਵਾਲੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਿਰਜਣਾ ਕੀਤੀ, ਹਾਲਾਂਕਿ ਉਨ੍ਹਾਂ ਦਾ ਜ਼ਿਆਦਾਤਰ ਜੀਵਨ ਪੰਜਾਬ ਵਿੱਚ ਜੁਲਮਾਂ ਦਾ ਟਾਕਰਾ ਕਰਦਿਆਂ ਨਿਕਲਿਆ ਪਰ ਸ਼ੁਰੂਆਤੀ ਜੀਵਨ ਪਟਨਾ ਸਾਹਿਬ (ਬਿਹਾਰ) ਵਿੱਚ ਬੀਤਿਆ। ਪਟਨਾ ਸਾਹਿਬ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਜਨਮ ਸਥਾਨ ਹੈ।
ਪ੍ਰਕਾਸ਼ ਪੁਰਬ ਲਈ ਵਿਸ਼ੇਸ਼ ਤਿਆਰੀ
ਪਟਨਾ ਸਾਹਿਬ ਤੋਂ ਇਲਾਵਾ ਸਿੱਖ ਕੌਮ ਦੇ ਪੰਜਾਂ ਤਖ਼ਤਾਂ ਉੱਤੇ ਵੀ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਿੱਖ ਸੰਗਤ ਵੱਲੋਂ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਜੇ ਗੱਲ ਕਰੀਏ ਤਾਂ ਇੱਥੇ ਵੀ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਸੰਗਤ ਵੱਲੋਂ ਵਿਸ਼ੇਸ਼ ਪ੍ਰਬੰਧ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਲਈ ਕੀਤੇ ਜਾ ਰਹੇ ਹਨ। ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਸੰਗਤ ਮੱਥਾ ਟੇਕਣ ਲਈ ਪੰਜਾਂ ਤਖ਼ਤਾਂ ਉੱਤੇ ਪਹੁੰਚਦੀ ਹੈ।
ਧਾਰਮਿਕ ਸਮਾਗਮਾਂ ਦੀ ਪੂਰੀ ਰੂਪ-ਰੇਖਾ ਤਿਆਰ
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਦੱਸਿਆ ਕਿ 4 ਜਨਵਰੀ ਨੂੰ ਇਤਿਹਾਸਕ ਗੁਰਦੁਆਰਾ ਦਮਦਮਾ ਸਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕੀਤੇ ਜਾਣਗੇ। ਇਸ ਦੇ ਨਾਲ ਹੀ ਬੱਚਿਆਂ ਦੇ ਗੁਰਬਾਣੀ ਕੰਠ,ਦਸਤਾਰ,ਕਵੀਸ਼ਰੀ,ਭਾਸ਼ਣ ਅਤੇ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਜਾਣਗੇ, ਜਦੋਂ ਕਿ 5 ਜਨਵਰੀ ਨੂੰ ਤਖ਼ਤ ਸਾਹਿਬ ਤੋਂ ਅਲੋਕਿਕ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਸ਼ਾਂਮ ਸਮੇਂ ਆਤਿਸ਼ਬਾਜੀ ਵੀ ਕੀਤੀ ਜਾਵੇਗੀ। ਉਹਨਾਂ ਦੱਸਿਆਂ ਕਿ 6 ਜਨਵਰੀ ਨੂੰ ਤਖ਼ਤ ਸਾਹਿਬ ਵਿਖੇ ਮੁੱਖ ਸਮਾਗਮ ਕੀਤਾ ਜਾਵੇਗਾ, ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਜੀਵਾ ਸਿੰਘ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ। ਉਹਨਾਂ ਦੱਸਿਆ ਕਿ 6 ਜਨਵਰੀ ਨੂੰ ਹੱਥ ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ ਵੀ ਸੰਗਤਾਂ ਨੂੰ ਕਰਵਾਏ ਜਾਣਗੇ।