ਬਠਿੰਡਾ: ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸਿੱਖ ਕੌਮ ਵੱਲੋਂ ਪੂਰੀ ਦੁਨੀਆ ਵਿੱਚ ਸ਼ਰਧਾ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਹੀ ਤਹਿਤ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਛੇਵੇਂ ਪਾਤਸ਼ਾਹ ਜੀ ਦਾ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਲਗਵਾਈ ਜਿਥੇ ਤਖਤ ਸਾਹਿਬ ਤੋਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦੱਸੇ ਮਾਰਗ 'ਤੇ ਚੱਲਣ ਦੀ ਅਪੀਲ ਕਰਨ ਦੇ ਨਾਲ ਨਾਲ ਸੰਗਤਾਂ ਨੂੰ ਪਾਣੀ ਬਚਾਉਣ ਅਤੇ ਪੌਦੇ ਲਗਾਉਣ ਦਾ ਸੁਨੇਹਾ ਵੀ ਦਿੱਤਾ ਗਿਆ।
ਗੁਰੂ ਸਾਹਿਬ ਦੇ ਨਕਸ਼ੇ ਕਦਮਾਂ 'ਤੇ ਚੱਲਣ ਦਾ ਸੰਦੇਸ਼: ਮੀਰੀ ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਗੁਰਦੁਆਰਾ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਤਿੰਨ ਦਿਨ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਸਮਾਗਮ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਵਾਈ ਤਖਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਉਹਨਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਦੇ ਦੱਸੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਹੈਡ ਗ੍ਰੰਥੀ ਸਾਹਿਬ ਨੇ ਸੰਗਤਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪਾਣੀ ਨੂੰ ਬਚਾਉਣ ਲਈ ਉਪਰਾਲੇ ਕਰਨ ਦਾ ਸੰਦੇਸ਼ ਵੀ ਦਿੱਤਾ, ਇਸ ਮੌਕੇ ਸੰਗਤਾਂ ਵੱਲੋਂ ਮਿੱਠੇ ਪ੍ਰਸਾਦੇ ਲਿਆਂਦੇ ਗਏ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮਿੱਠੇ ਪ੍ਰਸ਼ਾਦਿਆਂ ਦਾ ਲੰਗਰ ਵੀ ਲਗਾਇਆ ਗਿਆ।
ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ 19 ਜੂਨ ਸੰਨ 1595 ਈ. ਵਿੱਚ ਗੁਰੂ ਅਰਜਨ ਦੇਵ ਜੀ ਦੇ ਘਰ ਮਾਤਾ ਗੰਗਾ ਜੀ ਦੀ ਕੁੱਖੋਂ ਪਿੰਡ ਵਡਾਲੀ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਇਆ। ਗੁਰੂ ਸਾਹਿਬ ਜੀ ਦੀ ਪੜ੍ਹਾਈ ਅਤੇ ਸ਼ਸਤਰ ਵਿੱਦਿਆ ਦੀ ਜਿੰਮੇਵਾਰੀ ਬਾਬਾ ਬੁੱਢਾ ਜੀ ਨੇ ਨਿਭਾਈ। ਉਨ੍ਹਾਂ ਨੇ ਗੁਰੂ ਹਰਿਗੋਬਿੰਦ ਸਾਹਿਬ ਨੂੰ ਗੁਰੂ-ਘਰ ਦੀ ਵਿੱਦਿਆ ਦਿੱਤੀ ਅਤੇ ਸ਼ਸਤਰਾਂ ਦੀ ਵਰਤੋਂ, ਘੋੜ ਸਵਾਰੀ, ਕੁਸ਼ਤੀਆਂ ਆਦਿ ਦੀ ਸਿਖਲਾਈ ਵੀ ਕਰਵਾਈ। ਸਿੱਖਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਈ ਜਾਂਦੀ ਦਿਵਾਲੀ ਵਿਸ਼ਵ ਪ੍ਰਸਿੱਧ ਹੈ ਤੇ ਇਸ ਮੌਕੇ 'ਆਤਿਸ਼ਬਾਜ਼ੀ' ਤੇ 'ਦੀਪਮਾਲਾ' ਦਾ ਨਜ਼ਾਰਾ ਵਿਲੱਖਣ ਹੁੰਦਾ ਹੈ। ਇਹ ਆਲੌਕਿਕ ਨਜ਼ਾਰਾ ਵੇਖਣ ਅਤੇ ਗੁਰੂ ਸਾਹਿਬ ਨੂੰ ਸੀਸ ਝੁਕਾਉਣ ਲਈ ਵੱਡੀ ਗਿਣਤੀ 'ਚ ਸੰਗਤਾਂ ਹਰ ਵਰ੍ਹੇ ਹੁਮ ਹੁੰਮਾ ਕੇ ਸ੍ਰੀ ਹਰਿਮੰਦਰ ਸਾਹਿਬ ਪੁੱਜਦੀਆਂ ਹਨ।