ਅੰਮ੍ਰਿਤਸਰ: ਸਿੱਖਾਂ ਦੇ ਦਸਵੇਂ ਗੁਰੂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚ ਰਹੀਆਂ ਹਨ। ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸੁੰਦਰ ਜਲੌ ਸਾਹਿਬ ਸਜਾਏ ਗਏ ਹਨ। ਇਸ ਦੌਰਾਨ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ।
ਚੋੜਾ ਦੀ ਦਸਤਾਰ ਉਤਾਰਣ ਵਾਲੇ ਦਾ ਆਇਆ ਮਾਫੀਨਾਮਾ
ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਬਾਰੇ ਬੋਲਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰਨ ਵਾਲੇ ਵਿਅਕਤੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਆਪਣਾ ਮਾਫੀਨਾਮਾ ਪੱਤਰ ਭੇਜਿਆ ਗਿਆ ਹੈ। ਉਸ ਉਪਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ।
ਕਿਸਾਨਾਂ ਬਾਰੇ ਬੋਲੇ ਜਥੇਦਾਰ
ਇਸ ਦੇ ਨਾਲ ਹੀ ਕਿਸਾਨਾਂ ਬਾਰੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਕਿਸਾਨ ਸੂਬੇ ਦੇ ਬਾਰਡਰ ਉੱਤੇ ਬੈਠ ਕੇ ਆਪਣੇ ਹੱਕੀ ਮੰਗਾਂ ਮਨਵਾਉਣ ਲਈ ਕੇਂਦਰ ਸਰਕਾਰ ਉੱਤੇ ਦਬਾਅ ਪਾ ਰਹੇ ਹਨ, ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਸੁਣ ਰਹੀ ਹੈ। ਕਿਸਾਨਾਂ ਨੂੰ ਬਾਰਡਰ ਉੱਤੇ ਬੈਠਕੇ ਹੱਕ ਮੰਗਣੇ ਪੈਣ ਇਸ ਤੋਂ ਸ਼ਰਮ ਦੀ ਗੱਲ ਸਰਕਾਰ ਲਈ ਨਹੀਂ ਹੋ ਸਕਦੀ, ਸਰਕਾਰ ਨੂੰ ਕਿਸਾਨਾਂ ਦੀ ਜਲਦ ਤੋਂ ਜਲਦ ਸਾਰ ਲੈਣੀ ਚਾਹੀਦੀ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਲਈ ਬਣਾਈ ਗਈ ਕਮੇਟੀ ਹੋਈ ਖਾਰਜ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉੱਤੇ ਚੱਲ ਰਹੀ ਜਾਂਚ ਬਾਰੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜਥੇਦਾਰਾਂ ਦੀ ਪੜਤਾਲ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੀ ਹੋਣੀ ਚਾਹੀਦੀ ਹੈ। ਜੋ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਲਈ ਪੜਤਾਲੀਆ ਕਮੇਟੀ ਬਣਾਈ ਗਈ ਹੈ ਉਸ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ।