ਬਠਿੰਡਾ:- ਅਸਾਮ ਦੀ ਡਿਬਰੂਗੜ ਜ਼ੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਪੈਰਵਾਈ ਕਰ ਰਹੇ ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ ਅਤੇ ਉਨਾਂ ਦੇ ਬੇਟੇ ਵਕੀਲ ਇਮਾਨ ਸਿੰਘ ਖਾਰਾ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ। ਅਕਾਊਂਟ ਬੰਦ ਕਰੇ ਜਾਣ ਤੋਂ ਬਾਅਦ ਸੀਨੀਅਰ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ ਇੱਕ ਪਾਸੇ ਦੇਸ਼ ਵਿੱਚ ਲੋਕਤੰਤਰ ਦੀ ਗੱਲ ਕੀਤੀ ਜਾ ਰਹੀ ਹੈ। ਉੱਥੇ ਹੀ ਦੂਸਰੇ ਪਾਸੇ ਨਿਰਦੋਸ਼ ਲੋਕਾਂ ਦੇ ਕੇਸਾਂ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਕਾਬਿਲੇਗੌਰ ਹੈ ਕਿ ਪਿਛਲੇ ਦਿਨ ਹੀ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰੱਖੇ ਗਏ ਇਕੱਠ ਵਿੱਚ ਸ਼ਾਮਿਲ ਹੋਣ ਤੋਂ ਰੋਕਣ ਲਈ ਉਨਾਂ ਨੂੰ ਪੁਲਿਸ ਵੱਲੋਂ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਸੀ।
ਸੋਸ਼ਲ ਮੀਡੀਆ ਅਕਾਊਂਟ ਮੁੜ ਚਾਲੂ ਨਾ ਕੀਤੇ ਤਾਂ ਅਦਾਲਤ ਦਾ ਲੈਣਗੇ ਸਹਾਰਾ: ਇਸ ਦੇ ਨਾਲ ਹੀ ਸੀਨੀਅਲ ਵਕੀਲ ਖਾਰਾ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਸੋਸ਼ਲ ਮੀਡੀਆ ਰਾਹੀਂ ਆਪਣੀ ਆਵਾਜ਼ ਬੁਲੰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ। ਜਿਸ ਤੋਂ ਸਾਫ਼ ਜ਼ਾਹਰ ਹੈ ਕਿ ਇਨਸਾਫ ਦੀ ਗੱਲ ਕਰਨ ਵਾਲੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਅਜਿਹਾ ਸਭ ਕੁਝ ਕੀਤਾ ਜਾ ਰਿਹਾ ਹੈ। ਖ਼ਾਸ ਕਰ ਕੇ ਨਿਰਦੋਸ਼ ਸਿੱਖਾਂ ਦੀ ਪੈਰਵਾਈ ਕਰਨ ਵਾਲੇ ਵਕੀਲ ਤੱਕ ਬਖਸ਼ੇ ਨਹੀਂ ਜਾ ਰਹੇ।
ਵਕੀਲ ਖਾਰਾ ਦਾ ਕਹਿਣਾ ਹੈ ਕਿ ਅੰਮ੍ਰਿਤ ਪਾਲ ਸਿੰਘ ਦੇ ਹੱਕ ਵਿੱਚ ਬੋਲਣ ਦਾ ਕੀ ਸਾਨੂੰ ਇਹ ਨਤੀਜਾ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਜੇਕਰ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ਮੁੜ ਚਾਲੂ ਨਾ ਕੀਤੇ ਗਏ ਤਾਂ ਉਹ ਅਦਾਲਤ ਦਾ ਸਹਾਰਾ ਲੈਣਗੇ।
ਇੱਥੇ ਦੱਸਣ ਯੋਗ ਹੈ ਕਿ ਸੀਨੀਅਰ ਐਡਵੋਕੇਟ ਹਰਪਾਲ ਸਿੰਘ ਖਾਰਾ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਕੇਸਾਂ ਦੇ ਨਾਲ-ਨਾਲ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਵੀ ਪੈਰਵਾਈ ਕੀਤੀ ਜਾ ਰਹੀ ਹੈ।