ਲੁਧਿਆਣਾ: ਲੋਹੜੀ ਦੇ ਮੌਕੇ ਲੁਧਿਆਣਾ ਵਿੱਚ ਵਿਸ਼ੇਸ਼ ਤੌਰ ਉੱਤੇ ਪਤੰਗਬਾਜ਼ੀ ਕੀਤੀ ਜਾਂਦੀ ਹੈ ਅਤੇ ਇਸ ਦੌਰਾਨ ਚਾਈਨਾ ਡੋਰ ਦੇ ਕਰਕੇ ਲੋਕਾਂ ਦਾ ਵੱਡਾ ਨੁਕਸਾਨ ਹੁੰਦਾ ਹੈ ਅਤੇ ਪੰਛੀ ਵੀ ਇਸ ਦੀ ਲਪੇਟ ਵਿੱਚ ਆਉਣ ਕਰਕੇ ਜ਼ਖਮੀ ਹੋ ਜਾਂਦੇ ਹਨ। ਇਸ ਨੂੰ ਲੈ ਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਤੌਰ ਉੱਤੇ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਚਾਈਨਾ ਡੋਰ ਤੋਂ ਗੁਰੇਜ਼ ਕਰਨ। ਉਹਨਾਂ ਕਿਹਾ ਕਿ ਇਸ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ ਤਾਂ ਜੋ ਚਾਈਨਾ ਡੋਰ ਦੀ ਵਰਤੋਂ ਨਾ ਹੋ ਸਕੇ ਅਤੇ ਨਾ ਹੀ ਇਸ ਦੀ ਖਰੀਦੋ ਫਰੋਖਤ ਹੋ ਸਕੇ।
ਡਿਪਟੀ ਕਮਿਸ਼ਨਰ ਦੀ ਲੋਕਾਂ ਨੂੰ ਅਪੀਲ
ਡਿਪਟੀ ਕਮਿਸ਼ਨਰ ਲੁਧਿਆਣਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਮਾਪਿਆਂ ਦਾ ਫਰਜ਼ ਬਣਦਾ ਹੈ ਕਿ ਉਹ ਇਸ ਦਾ ਇਸਤੇਮਾਲ ਆਪਣੇ ਬੱਚਿਆਂ ਨੂੰ ਨਾ ਕਰਨ ਦੇਣ ਕਿਉਂਕਿ ਕਿਸੇ ਦਾ ਵੀ ਬੱਚਾ ਇਸ ਦੀ ਲਪੇਟ ਦੇ ਵਿੱਚ ਆ ਸਕਦਾ ਹੈ। ਜਿਸ ਵਿੱਚ ਉਹਨਾਂ ਦਾ ਆਪਣਾ ਬੱਚਾ ਵੀ ਹੋ ਸਕਦਾ ਹੈ। ਇਸ ਨਾਲ ਪੰਛੀਆਂ ਦਾ ਵੀ ਵੱਡਾ ਨੁਕਸਾਨ ਹੁੰਦਾ ਹੈ। ਇਸ ਤੋਂ ਜਾਗਰੂਕ ਰਹਿਣ ਦੀ ਲੋੜ ਹੈ ਤਾਂ ਕਿ ਕਿਸੇ ਦਾ ਵੀ ਨੁਕਸਾਨ ਨਾ ਹੋ ਸਕੇ।
10 ਹਜ਼ਾਰ ਰੁਪਏ ਤੋਂ ਲੈ ਕੇ 2 ਲੱਖ ਰੁਪਏ ਤੱਕ ਦਾ ਲੱਗ ਸਕਦੈ ਜ਼ੁਰਮਾਨਾ
ਦੂਜੇ ਪਾਸੇ ਲੁਧਿਆਣਾ ਦੇ ਡੀਸੀਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਲੋਕਾਂ ਨੂੰ ਚਾਈਨਾ ਡੋਰ ਦਾ ਇਸਤੇਮਾਲ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਸੀਂ ਜਿੱਥੇ ਵੇਚਣ ਵਾਲਿਆਂ ਉੱਤੇ ਸਖਤ ਕਾਰਵਾਈ ਕਰ ਰਹੇ ਹਾਂ, ਉੱਥੇ ਹੀ ਜੋ ਲੋਕ ਇਸ ਦੀ ਵਰਤੋਂ ਕਰਨਗੇ ਉਹਨਾਂ ਉੱਤੇ ਵੀ ਜ਼ੁਰਮਾਨੇ ਲਾਏ ਜਾਣਗੇ। ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 10 ਹਜ਼ਾਰ ਤੋਂ ਲੈ ਕੇ 2 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਲਾਉਣ ਦੀ ਵੀ ਗੱਲ ਕਹੀ ਗਈ ਹੈ। ਜੇਕਰ ਕੋਈ ਚਾਈਨਾ ਡੋਰ ਦੀ ਵਰਤੋਂ ਕਰਦਾ ਹੋਇਆ ਫੜਿਆ ਗਿਆ ਤਾਂ ਉਸ ਉੱਤੇ ਇਹ ਜ਼ੁਰਮਾਨਾ ਲਾਇਆ ਜਾਵੇਗਾ। ਇਸ ਤੋਂ ਪਹਿਲਾਂ ਬੀਤੇ ਦਿਨੀਂ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਇਹ ਹਦਾਇਤ ਵੀ ਜਾਰੀ ਕੀਤੀ ਗਈ ਸੀ ਕਿ ਜੇਕਰ ਕੋਈ ਵੀ ਚਾਈਨਾ ਡੋਰ ਦਾ ਇਸਤੇਮਾਲ ਕਰਦਾ ਹੈ ਤਾਂ ਉਸ ਉੱਤੇ 10 ਹਜ਼ਾਰ ਰੁਪਏ ਤੋਂ ਲੈ ਕੇ 2 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਲੱਗ ਸਕਦਾ ਹੈ।