ਅੰਮ੍ਰਿਤਸਰ: ਐੱਮਐੱਸਪੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਸ਼ੰਭੂ ਅਤੇ ਖਨੌਰੀ ਬਾਰਡਰ ਉੱਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਕਿਸਾਨਾਂ ਦੇ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚੋਂ ਟਰਾਲੀਆਂ ਤਿਆਰ ਹੋ ਰਹੀਆਂ ਹਨ ਅਤੇ ਭਲਕੇ ਇਹ ਟਰਾਲੀਆਂ ਬਿਆਸ ਦਰਿਆ ਕੰਢੇ ਇਕੱਤਰ ਹੋਣਗੀਆਂ ਅਤੇ ਫਿਰ 30 ਜਨਵਰੀ ਨੂੰ ਇਹ ਟਰਾਲੀਆਂ ਸ਼ੰਭੂ ਸਰਹੱਦ ਲਈ ਰਵਾਨਾ ਹੋ ਜਾਣਗੀਆਂ, ਜਿੱਥੇ ਅੰਦੋਲਨ ਨੂੰ ਹੋਰ ਮਜ਼ਬੂਤੀ ਮਿਲੇਗੀ।
ਲੋਕਾਂ ਨੂੰ ਸਾਥ ਦੇਣ ਦੀ ਕੀਤੀ ਅਪੀਲ
ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਬਹੁਤ ਸਾਰੇ ਲੋਕ ਕਿਸਾਨਾਂ ਲਈ ਲੰਗਰ ਦਾ ਪ੍ਰਬੰਧ ਕਰਨ ਸਬੰਧੀ ਫੋਨ ਕਰ ਰਹੇ ਸਨ। ਜੋ ਲੋਕ ਲੰਗਰ ਲਗਾਉਣਾ ਚਾਹੁੰਦੇ ਹਨ ਉਹ ਵੀ ਭਲਕੇ ਬਿਆਸ ਦਰਿਆ ਦੇ ਕੰਢੇ ਪਹੁੰਚ ਜਾਣ ਤਾਂ ਜੋ ਇਸ ਸਬੰਧੀ ਵੀ ਵਿਚਾਰ ਕੀਤਾ ਜਾ ਸਕੇ। ਪੰਧੇਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਹਰ ਪਿੰਡ ਵਿੱਚੋਂ 2-2 ਟਰਾਲੀਆਂ ਤਿਆਰ ਕੀਤੀਆਂ ਜਾਣ ਤਾਂ ਜੋ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਮੰਨ ਨਹੀਂ ਲੈਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
‘ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼’
ਪੰਧੇਰ ਨੇ ਕਿਹਾ ਕਿ ਸਾਨੂੰ ਧਾਰਮਿਕ ਸਥਾਨਾਂ ਦੀ ਵਿਸ਼ੇਸ਼ ਰਾਖੀ ਕਰਨ ਦੀ ਲੋੜ ਹੈ, ਕਿਉਂਕਿ ਸਰਕਾਰਾਂ ਅਤੇ ਏਜੰਸੀਆਂ ਕਿਸਾਨਾਂ ਦੇ ਮੋਰਚੇ ਨੂੰ ਬਦਨਾਮ ਕਰਨ ਦੇ ਲਈ ਅਜਿਹੀ ਸਾਜ਼ਿਸ਼ਾਂ ਰਚ ਸਕਦੀਆਂ ਹਨ। ਬੀਤੇ ਦਿਨੀਂ ਅੰਮ੍ਰਿਤਸਰ ਦੇ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦਾ ਨਿਰਾਦਰ ਕਰਨਾ ਬੇਹੱਦ ਮੰਦਭਾਗੀ ਘਟਨਾ ਹੈ, ਜਿਸ ਦੀ ਉਹ ਸਖ਼ਤ ਸ਼ਬਦਾਂ ਦੇ ਵਿੱਚ ਨਿਖੇਧੀ ਕਰਦੇ ਹਨ।