ਅੰਮ੍ਰਿਤਸਰ : ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਖ਼ਿਲਾਫ਼ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਲਗਾਤਾਰ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਕਈ ਸੈਮੀਨਾਰ ਕਰਵਾਏ ਜਾ ਰਹੇ ਹਨ ਪਰ ਫਿਰ ਵੀ ਨਸ਼ਾ ਉਸੇ ਤਰ੍ਹਾਂ ਹੀ ਵਿਕ ਰਿਹਾ ਹੈ ਅਤੇ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ।
ਨਸ਼ੇ ਦਾ ਟੀਕਾ ਲਗਾ ਕੇ ਘਰ ਆਇਆ ਨੌਜਵਾਨ
ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਕੰਦੋਵਾਲੀ ਵਿਖੇ ਇੱਕ ਹਫਤੇ 'ਚ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਨਸ਼ੇ ਦਾ ਆਦੀ ਸੀ। ਨਸ਼ੇ ਦਾ ਟੀਕਾ ਲਗਾ ਕੇ ਘਰ ਆਇਆ ਅਤੇ ਲੇਟ ਗਿਆ ਸ਼ਾਮ 6 ਵਜੇ ਅਸੀਂ ਉਸ ਨੂੰ ਉਠਾਉਂਦੇ ਰਹੇ ਪਰ ਉਹ ਨਹੀਂ ਉੱਠਿਆ ਉਸ ਦੀ ਮੌਤ ਹੋ ਚੁੱਕੀ ਸੀ।
ਮਾਪਿਆਂ ਦਾ ਰੋ-ਰੋ ਕੇ ਹੋਇਆ ਬੁਰਾ ਹਾਲ
ਇਸੇ ਤਰ੍ਹਾਂ ਸੁਖਮਨਪ੍ਰੀਤ ਸਿੰਘ ਦੇ ਚਾਚਾ ਅਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਸੁਖਮਨਪ੍ਰੀਤ ਵੀ ਨਸ਼ੇ ਦਾ ਆਦੀ ਸੀ ਤੇ ਘਰਦਿਆਂ ਤੋਂ ਚੋਰੀ ਚਿੱਟਾ ਲਾਉਂਦਾ ਸੀ। ਜਿਸ ਨਾਲ ਉਸ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਸੁਖਮਨਪ੍ਰੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸਦੀ ਮੌਤ 'ਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵਿੱਚ ਬਹੁਤ ਸਾਰੇ ਨੌਜਵਾਨ ਨਸ਼ੇ ਦੇ ਆਦੀ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ੇ ਨੂੰ ਖਤਮ ਕਰਨ ਵਾਸਤੇ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਦੀਆਂ ਨਿੱਤ ਹੋ ਰਹੀਆਂ ਮੌਤਾਂ ਰੁਕ ਸਕਣ।