ਬਰਨਾਲਾ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਬਰਨਾਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੋਲਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਟਰੈਕਟਰ-ਟਰਾਲੀ ਨਾਲ ਉਸ ਦੀ ਕਾਰ ਦੀ ਟੱਕਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਭੋਲਾ ਸਿੰਘ ਨੂੰ ਜਗਤਾਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਿਟੀ ਬਰਨਾਲਾ ਨਜ਼ਦੀਕ ਪਿੰਡ ਫਰਵਾਹੀ ਵਿਖੇ ਲੱਖਾ ਸਿੰਘ ਦੇ ਟਰੈਕਟਰ-ਟਰਾਲੀ ਨਾਲ ਉਸ ਦੀ ਕਾਰ ਦੀ ਟੱਕਰ ਹੋ ਗਈ ਸੀ। ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਉਸ ਨੇ ਥਾਣਾ ਸਦਰ ਬਰਨਾਲਾ ਵਿੱਚ ਪਹੁੰਚ ਕੀਤੀ।
ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ
ਸ਼ਿਕਾਇਤਕਰਤਾ ਜਗਤਾਰ ਸਿੰਘ ਨੇ ਇਲਜ਼ਾਮ ਲਾਇਆ ਕਿ ਉਕਤ ਏ.ਐਸ.ਆਈ. ਭੋਲਾ ਸਿੰਘ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਬਦਲੇ ਉਸ ਕੋਲੋਂ 10,000 ਰੁਪਏ ਰਿਸ਼ਵਤ ਮੰਗੀ ਸੀ। ਉਹਨਾਂ ਦੱਸਿਆ ਕਿ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਯੂਨਿਟ ਨੇ ਟਰੈਪ ਲਗਾ ਕੇ ਅੱਜ ਏ.ਐਸ.ਆਈ. ਭੋਲਾ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਹਨਾਂ ਦੱਸਿਆ ਕਿ ਉਕਤ ਏ.ਐਸ.ਆਈ. ਵਿਰੁੱਧ ਵਿਜੀਲੈਂਸ ਬਿਊਰੋ, ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।
- ਹਿਮਾਚਲ ਦੇ ਸੀਐੱਮ ਸੁੱਖੂ ਦਾ ਦਾਅਵਾ, ਕਿਹਾ- ਸ਼ਨਾਨ ਪ੍ਰੋਜੈਕਟ ਦੀ ਲੀਜ਼ ਖਤਮ, ਪੰਜਾਬ ਹੁਣ ਪ੍ਰੋਜੈਕਟ ਆਪਣੇ ਛੋਟੇ ਭਰਾ ਹਿਮਾਚਲ ਦੇ ਕਰੇ ਹਵਾਲੇ
- ਅੰਤਿਮ ਸਸਕਾਰ 'ਤੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਮਾਂ ਪੁੱਤ ਦੀ ਮੌਤ
- ਫਿਲਮ ਐਂਮਰਜੈਂਸੀ ਨੂੰ ਲੈ ਕੇ ਬੋਲੇ ਰਵਨੀਤ ਬਿੱਟੂ, ਕਿਹਾ-ਹਟਾਏ ਗਏ ਸਾਰੇ ਇਤਰਾਜ਼ਯੋਗ ਸੀਨ, ਫਿਲਮ ਦਾ ਫਿਰ ਵੀ ਹੋਇਆ ਵਿਰੋਧ ਤਾਂ ਗੱਲ ਸਮਝ ਤੋਂ ਪਰੇ
ਦੱਸ ਦਈਏ ਕੁੱਝ ਦਿਨ ਪਹਿਲਾਂ ਵਿਜੀਲੈਂਸ ਨੇ ਹੀ ਕਾਰਵਾਈ ਕਰਦਿਆਂ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਸੀ ਕਿ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝਾੜੋਂ, ਤਹਿਸੀਲ ਸੁਨਾਮ ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।