ਚੰਡੀਗੜ੍ਹ: ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ, ਬਰਫ਼ਬਾਰੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ 'ਤੇ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਉੱਤਰੀ ਭਾਰਤ ਵਿੱਚ ਠੰਡਾ ਰਹੇਗਾ। ਤਾਜ਼ਾ ਵੈਸਟਰਨ ਡਿਸਟਰਬੈਂਸ ਕਾਰਨ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਮੌਸਮ ਦੇ ਖ਼ਰਾਬ ਹੋਣ ਦੀ ਸੰਭਾਵਨਾ ਹੈ।
ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਅਲਰਟ: ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ।
ਹਰਿਆਣਾ ਵਿੱਚ ਵੀ ਅਲਰਟ: ਮੌਸਮ ਵਿਭਾਗ ਨੇ ਤਾਜ਼ਾ ਪੱਛਮੀ ਗੜਬੜੀ ਕਾਰਨ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਓਰੇਂਜ ਅਲਰਟ ਜਾਰੀ ਕੀਤਾ ਹੈ। ਹਰਿਆਣਾ 'ਚ ਸ਼ੁੱਕਰਵਾਰ ਨੂੰ ਦਿਨ ਭਰ ਬੱਦਲ ਛਾਏ ਰਹੇ। ਰਾਜਧਾਨੀ ਚੰਡੀਗੜ੍ਹ ਵਿੱਚ ਵੀ ਹਲਕੀ ਬਾਰਿਸ਼ ਦਰਜ ਕੀਤੀ ਗਈ। ਇਸ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਹਰਿਆਣਾ ਦੇ ਉੱਤਰੀ ਅਤੇ ਪੱਛਮੀ ਖੇਤਰਾਂ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤੂਫਾਨ ਆਉਣ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਤੂਫਾਨ ਦੀ ਸੰਭਾਵਨਾ ਜਤਾਈ: ਚੰਡੀਗੜ੍ਹ ਮੌਸਮ ਵਿਭਾਗ ਨੇ ਜੀਂਦ, ਕਰਨਾਲ, ਪਾਣੀਪਤ, ਰੋਹਤਕ, ਸੋਨੀਪਤ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਨੂੰ ਇਨ੍ਹਾਂ ਜ਼ਿਲਿਆਂ 'ਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਤੋਂ ਬਾਅਦ ਆਉਣ ਵਾਲੇ ਦਿਨਾਂ 'ਚ ਮੌਸਮ 'ਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ। ਮੀਂਹ ਕਾਰਨ ਤਾਪਮਾਨ 'ਚ ਕੁਝ ਗਿਰਾਵਟ ਆ ਸਕਦੀ ਹੈ ਪਰ ਇਸ ਦੌਰਾਨ ਮੌਸਮ ਸਾਫ ਰਹੇਗਾ।
ਦਿੱਲੀ ਦਾ ਮੌਸਮ: ਦਿੱਲੀ ਐਨਸੀਆਰ ਵਿੱਚ ਸ਼ਨੀਵਾਰ ਨੂੰ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਿਆ। ਅੱਜ ਸਵੇਰੇ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ। ਮੌਸਮ ਵਿਭਾਗ ਨੇ ਸ਼ਨੀਵਾਰ ਲਈ ਓਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਤੂਫਾਨ ਦੇ ਨਾਲ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਨਾਲ ਹੀ 15 ਤੋਂ 20 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਵੀ ਚੱਲ ਸਕਦੀ ਹੈ। ਅੱਜ ਸਵੇਰੇ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਸ਼ੁੱਕਰਵਾਰ ਸਵੇਰ ਨਾਲੋਂ 5 ਡਿਗਰੀ ਸੈਲਸੀਅਸ ਵੱਧ ਹੈ। ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।